ਸੁਰਜੀਤ ਮਜਾਰੀ
ਬੰਗਾ, 25 ਸਤੰਬਰ
ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਪੰਜਾਬ ਸਰਕਾਰ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਵਸ ਸਬੰਧੀ ਖਟਕੜ ਕਲਾਂ ਵਿਖੇ 28 ਤੋਂ 29 ਸਤੰਬਰ ਤੱਕ ਕਰਵਾਏ ਜਾ ਰਹੇ ‘ਇਨਕਲਾਬ ਫੈਸਟੀਵਲ’ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਇਸ ਮੌਕੇ ਐੱਸਐੱਸਪੀ ਡਾ. ਮਹਿਤਾਬ ਸਿੰਘ ਵੀ ਉਨ੍ਹਾਂ ਦੇ ਨਾਲ ਸਨ। ਖਟਕੜ ਕਲਾਂ ਵਿਖੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ 28 ਸਤੰਬਰ ਨੂੰ ਸਮਾਗਮ ਵਿਚ ਸ਼ਿਰਕਤ ਕਰਨਗੇ।
ਉਨ੍ਹਾਂ ਦੱਸਿਆ ਕਿ ਦੋ ਦਿਨ ਚੱਲਣ ਵਾਲੇ ਇਨਕਲਾਬ ਫੈਸਟੀਵਲ ਦੌਰਾਨ ਸ਼ਾਨਦਾਰ ਪ੍ਰੋਗਰਾਮ ਕਰਵਾਏ ਜਾਣਗੇ, ਜਿਸ ਦੌਰਾਨ ਨਾਮਵਰ ਗਾਇਕਾਂ ਅਤੇ ਕਲਾਕਾਰਾਂ ਤੋਂ ਇਲਾਵਾ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀ ਵੀ ਸੱਭਿਆਚਾਰਕ ਵੰਨ੍ਹਗੀਆਂ ਦੀ ਪੇਸ਼ਕਾਰੀ ਕਰਨਗੇ।
ਉਨ੍ਹਾਂ ਦੱਸਿਆ ਕਿ ਇਸ ਦੌਰਾਨ ਸ਼ਹੀਦ ਭਗਤ ਸਿੰਘ ਨਾਲ ਸਬੰਧਿਤ ਨਾਟਕਾਂ ਦੀ ਪੇਸ਼ਕਾਰੀ ਹੋਵੇਗੀ ਅਤੇ ਵੱਖ-ਵੱਖ ਪ੍ਰਦਰਸ਼ਨੀਆਂ ਅਤੇ ਸਟਾਲ ਵੀ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਮੌਕੇ ਖਾਣ-ਪੀਣ ਦੇ ਸਟਾਲ ਅਤੇ ਬੱਚਿਆਂ ਲਈ ਝੂਲੇ ਵਿਸ਼ੇਸ਼ ਖਿੱਚ ਦਾ ਕੇਂਦਰ ਹੋਣਗੇ। ਇਸ ਦੌਰਾਨ ਉਨ੍ਹਾਂ ਸਟੇਜ, ਸੁਰੱਖਿਆ, ਪਾਰਕਿੰਗ, ਬੈਰੀਕੇਡਿੰਗ, ਆਰਜ਼ੀ ਵਾਸ਼ਰੂਮ, ਸਾਫ-ਸਫਾਈ, ਡਾਕਟਰੀ ਸਹਾਇਤਾ, ਸਜਾਵਟ, ਲਾਈਟਿੰਗ, ਚੌਕਾਂ ਦੀ ਸਜਾਵਟ, ਪੀਣ ਵਾਲੇ ਪਾਣੀ, ਨਿਰਵਿਘਨ ਬਿਜਲੀ ਸਪਲਾਈ, ਰਿਫਰੈਸ਼ਮੈਂਟ ਤੇ ਹੋਰਨਾਂ ਪ੍ਰਬੰਧਾਂ ਦਾ ਜਾਇਜ਼ਾ ਲਿਆ ਤੇ ਸੰਬੰਧਿਤ ਅਧਿਕਾਰੀਆਂ ਨੂੰ ਲੋੜੀਦੇ ਦਿਸ਼ਾ-ਨਿਰਦੇਸ਼ ਦਿੱਤੇ। ਉਨ੍ਹਾਂ ਦੱਸਿਆ ਕਿ 28 ਸਤੰਬਰ ਨੂੰ ਸਵੇਰੇ ਇਕ ਵਿਸ਼ਾਲ ਸਾਈਕਲ ਰੈਲੀ ਹੋਵੇਗੀ ਜਦਕਿ 29 ਸਤੰਬਰ ਦੀ ਸਵੇਰ ਨੂੰ ਮੈਰਾਥਨ ਕਰਵਾਈ ਜਾਵੇਗੀ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਇਸ ਸਾਈਕਲ ਰੈਲੀ, ਮੈਰਾਥਨ ਅਤੇ ਮੇਲੇ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਦਾ ਸੱਦਾ ਦਿੱਤਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਅਕਸ਼ਿਤਾ ਗੁਪਤਾ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਵਨੀਤ ਕੌਰ, ਐਸਡੀਐਮ ਬੰਗਾ ਵਿਪਿਨ ਭੰਡਾਰੀ, ਐਸਡੀਐਮ ਬਲਾਚੌਰ ਪ੍ਰੀਤ ਇੰਦਰ ਸਿੰਘ ਬੈਂਸ, ਗੁੱਡ ਗਵਰਨੈਸ ਫੈਲੋ ਅਸਮਿਤਾ ਪਰਮਾਰ ਤੋਂ ਇਲਾਵਾ ਪੁਲੀਸ ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
ਕੰਪਿਊਟਰ ਅਧਿਆਪਕ ਕਰਨਗੇ ‘ਮੈਗਾ ਰੈਲੀ’
ਜਲੰਧਰ (ਹਤਿੰਦਰ ਮਹਿਤਾ): ਕੰਪਿਊਟਰ ਅਧਿਆਪਕ ਯੂਨੀਅਨ ਦੇ ਬੈਨਰ ਹੇਠ ਕੰਪਿਊਟਰ ਅਧਿਆਪਕਾਂ ਨੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ 28 ਸਤੰਬਰ ਨੂੰ ਖਟਕੜ ਕਲਾਂ ਵਿੱਚ ‘ਮੈਗਾ ਰੈਲੀ’ ਕਰਨ ਦਾ ਐਲਾਨ ਕੀਤਾ ਹੈ। ਯੂਨੀਅਨ ਦੇ ਆਗੂ ਪਰਮਵੀਰ ਸਿੰਘ ਪੰਮੀ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਉਨ੍ਹਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਦਾ ਹੱਲ ਨਾ ਕਰਨ ਤੋਂ ਨਿਰਾਸ਼ ਸੂਬੇ ਭਰ ਤੋਂ ਸੈਂਕੜੇ ਅਧਿਆਪਕਾਂ ਪਰਿਵਾਰਾਂ ਸਮੇਤ ਇਕੱਠੇ ਹੋਣ ਦੀ ਉਮੀਦ ਹੈ। ਅਧਿਆਪਕਾਂ ਦੇ ਅਨੁਸਾਰ, ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਜੋ ਕਦੇ ਕਾਂਗਰਸ ਸਰਕਾਰ ਦੀ ਇਸ ਤਰ੍ਹਾਂ ਦੀ ਨਾਕਾਮੀ ਲਈ ਆਲੋਚਨਾ ਕਰਦੇ ਹਨ, ਨੇ ਪਿਛਲੇ ਸਮੇਂ ਦੌਰਾਨ 30 ਦੇ ਕਰੀਬ ਮੀਟਿੰਗਾਂ ਕਰਨ ਦੇ ਬਾਵਜੂਦ ਉਨ੍ਹਾਂ ਨਾਲ ਮੁਲਾਕਾਤ ਨਹੀਂ ਕੀਤੀ। ਅਧਿਆਪਕਾਂ ਨੇ ਚਿਤਾਵਨੀ ਦਿੱਤੀ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੋ ਜਾਂਦੀਆਂ ਉਦੋਂ ਤੱਕ ਉਨ੍ਹਾਂ ਦਾ ਧਰਨਾ ਹੋਰ ਤਿੱਖਾ ਹੁੰਦਾ ਜਾਵੇਗਾ।