ਗੁਰਨੇਕ ਸਿੰਘ ਵਿਰਦੀ
ਕਰਤਾਰਪੁਰ 29 ਸਤੰਬਰ
ਇਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਤੇਗ ਬਹਾਦਰ ਜੀ ਅਤੇ ਮਾਤਾ ਗੁਜਰੀ ਜੀ ਦੇ ਵਿਆਹ ਪੁਰਬ ਦੀ ਵਰ੍ਹੇਗੰਢ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗੁਰੂ ਅਰਜਨ ਦੇਵ ਪਬਲਿਕ ਸਕੂਲ ਵਿੱਚ ਹੋਏ ਧਾਰਮਿਕ ਦੀਵਾਨ ਦੌਰਾਨ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ ਅਤੇ ਪੰਥ ਪ੍ਰਸਿੱਧ ਕਥਾ ਵਾਚਕ, ਕਵੀਸ਼ਰ ਅਤੇ ਢਾਡੀ ਜਥਿਆਂ ਨੇ ਇਤਿਹਾਸ ਤੋਂ ਜਾਣੂ ਕਰਵਾਇਆ। ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਮਾਤਾ ਗੁਜਰੀ ਜੀ ਵਰਗਾ ਸਿੱਖੀ ਸਿਦਕ ਭਰੋਸਾ ਅਤੇ ਲਾਸਾਨੀ ਕੁਰਬਾਨੀ ਦਾ ਇਤਿਹਾਸ ਦੁਨੀਆ ਵਿਚ ਕਿਤੇ ਵੀ ਨਹੀਂ ਮਿਲਦਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਦੀ ਯਾਦ ’ਚ ਕਰਵਾਏ ਜਾਂਦੇ ਗੁਰਮਤਿ ਸਮਾਗਮਾਂ ਦਾ ਮਕਸਦ ਨੌਜਵਾਨ ਪੀੜ੍ਹੀ ਨੂੰ ਬਾਣੀ ਤੇ ਬਾਣੇ ਨਾਲ ਜੋੜਨਾ ਹੈ। ਇਸ ਦੌਰਾਨ ਉਨ੍ਹਾਂ ਮਾਤਾ ਗੁਜਰੀ ਅਤੇ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਵਿਆਹ ਪੁਰਬ ਦਾ ਇਤਿਹਾਸ ਸਾਂਝਾ ਕੀਤਾ। ਇਸ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਦਾ ਸਨਮਾਨ ਵੀ ਕੀਤਾ ਗਿਆ। ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵੀ ਸੰਗਤ ਨਾਲ ਵਿਚਾਰ ਸਾਂਝੇ ਕੀਤੇ। ਇਸ ਮੌਕੇ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਤਰਨਾ ਦਲ, ਬਾਬਾ ਅਵਤਾਰ ਸਿੰਘ ਸੁਰਸਿੰਘ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਗੁਰਪ੍ਰਤਾਪ ਸਿੰਘ ਵਡਾਲਾ ਜ਼ਿਲ੍ਹਾ ਪ੍ਰਧਾਨ ਤੇ ਮੈਂਬਰ ਰਣਜੀਤ ਸਿੰਘ ਕਾਹਲੋਂ ਆਦਿ ਹਾਜ਼ਰ ਸਨ।
ਫੋਟੋ ਕੈਪਸ਼ਨ ਧਾਰਮਿਕ ਸਮਾਗਮ ਦੌਰਾਨ ਸੰਬੋਧਨ ਕਰਦੇ ਹੋਏ ਬੀਬੀ ਜਗੀਰ ਕੌਰ।