ਨਿੱਜੀ ਪੱਤਰ ਪ੍ਰੇਰਕ
ਜਲੰਧਰ, 16 ਜੁਲਾਈ
ਇਥੇ ਵਿਧਾਇਕ ਰਾਜਿੰਦਰ ਬੇਰੀ ਅਤੇ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ 32 ਨਵੇਂ ਚੁਣੇ ਗਏ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪੇ। ਵਿਧਾਇਕ ਅਤੇ ਡਿਪਟੀ ਕਮਿਸ਼ਨਰ ਨੇ ਨਿਯੁਕਤੀ ਪੱਤਰ ਦਿੰਦੇ ਹੋਏ ਨਵੇਂ ਚੁਣੇ ਗਏ ਅਧਿਆਪਕਾਂ ਨੂੰ ਆਉਣ ਵਾਲੀਆਂ ਪੀੜ੍ਹੀਆਂ ਦੇ ਭਵਿੱਖ ਨੂੰ ਸੰਵਾਰਨ ਲਈ ਤਨਦੇਹੀ ਨਾਲ ਕੰਮ ਕਰਨ ਦੀ ਅਪੀਲ ਕੀਤੀ। ਉਨ੍ਹਾਂ ਸਾਰੀਆਂ ਨਿਯੁਕਤੀਆਂ ਮੈਰਿਟ ਦੇ ਅਧਾਰ ’ਤੇ ਕੀਤੇ ਜਾਣ ’ਤੇ ਪਾਰਦਰਸ਼ੀ ਅਤੇ ਨਿਰਪੱਖ ਚੋਣ ਪ੍ਰਕਿਰਿਆ ਦੀ ਸ਼ਲਾਘਾ ਵੀ ਕੀਤੀ।
ਪਠਾਨਕੋਟ(ਐੱਨਪੀ ਧਵਨ): ਇਥੇ ਪਠਾਨਕੋਟ ਜ਼ਿਲ੍ਹੇ ਦੇ 34 ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ। ਵਿਧਾਇਕ ਜੋਗਿੰਦਰ ਪਾਲ ਨੇ ਉਨ੍ਹਾਂ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਯੂਥ ਆਗੂ ਅਸ਼ੀਸ਼ ਵਿੱਜ, ਕੌਂਸਲਰ ਰਾਕੇਸ਼ ਬਬਲੀ, ਐਸਡੀਐਮ ਧਾਰ ਕਲਾਂ ਨਿਧੀ ਕਲੋਤਰਾ, ਜ਼ਿਲ੍ਹਾ ਸਿੱਖਿਆ ਅਧਿਕਾਰੀ (ਐਲੀਮੈਂਟਰੀ) ਬਲਦੇਵ ਰਾਜ, ਉਪ ਜ਼ਿਲ੍ਹਾ ਸਿੱਖਿਆ ਅਧਿਕਾਰੀ ਸੈਕੰਡਰੀ ਰਾਜੇਸ਼ਵਰ ਸਲਾਰੀਆ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਹੁਸ਼ਿਆਰਪੁਰ (ਹਰਪ੍ਰੀਤ ਕੌਰ): ਇਥੇ ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਜ਼ਿਲ੍ਹੇ ਦੇ ਨਵ-ਨਿਯੁਕਤ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪਦੇ ਹੋਏ ਕਿਹਾ ਕਿ ਜ਼ਿਲ੍ਹੇ ਦੇ 70 ਅਧਿਆਪਕਾਂ ਦੀ ਸਕੂਲ ਸਿੱਖਿਆ ਵਿਭਾਗ ਵਿੱਚ ਪਾਰਦਰਸ਼ੀ ਤਰੀਕੇ ਨਾਲ ਚੋਣ ਹੋਈ ਹੈ। ਉਹ ਅੱਜ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿੱਚ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦੇਣ ਸਬੰਧੀ ਸਮਾਗਮ ਤੋਂ ਬਾਅਦ ਪੱਤਰਕਾਰਾਂ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਅਪਨੀਤ ਰਿਆਤ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਕਮਿਸ਼ਨਰ ਨਗਰ ਨਿਗਮ ਹੁਸ਼ਿਆਰਪੁਰ ਆਸ਼ਿਕਾ ਜੈਨ ਵੀ ਮੌਜੂਦ ਸਨ। ਕੈਬਨਿਟ ਮੰਤਰੀ ਨੇ ਨਵਨਿਯੁਕਤ ਅਧਿਆਪਕਾਂ ਨੂੰ ਵਧਾਈ ਦਿੱਤੀ।
ਅਮ੍ਰਿੰਤਸਰ ਵਿੱਚ 43 ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪੇ
ਅਮ੍ਰਿੰਤਸਰ(ਪੱਤਰ ਪ੍ਰੇਰਕ): ਇਥੇ ਸਰਕਾਰੀ ਸਕੂਲਾਂ ਲਈ ਵੱਖ-ਵੱਖ ਵਿਸ਼ਿਆਂ ਦੇ 43 ਮਾਸਟਰ ਕਾਡਰ ਅਧਿਆਪਕਾਂ ਨੂੰ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਵਧੀਕ ਡਿਪਟੀ ਕਮਿਸ਼ਨਰ ਮੈਡਮ ਰੂਹੀ ਡੱਗ ਅਤੇ ਸਹਾਇਕ ਕਮਿਸ਼ਨਰ ਡਾ. ਹਰਨੂਰ ਕੌਰ ਢਿੱਲੋਂ ਨੇ ਨਿਯੁਕਤੀ ਪੱਤਰ ਸੌਂਪੇ। ਸਿੰਗਲਾ ਵਲੋਂ ਸੂਬੇ ਵਿੱਚ 2392 ਮਾਸਟਰ ਕਾਡਰ ਅਧਿਆਪਕਾਂ ਤੇ 569 ਲੈਕਚਰਾਰ ਕਾਡਰ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦੇਣ ਦੀ ਰਸਮੀ ਸ਼ੁਰੂਆਤ ਕੀਤੀ ਗਈ।