ਪੱਤਰ ਪ੍ਰੇਰਕ
ਹੁਸ਼ਿਆਰਪੁਰ, 4 ਅਕਤੂਬਰ
ਸਿਹਤ ਵਿਭਾਗ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਦੇ ਮੰਤਵ ਨਾਲ ਰਿਆਤ ਬਾਹਰਾ ਇੰਸਟੀਚਿਊਟ ਆਫ਼ ਮੈਨੇਜਮੈਂਟ ਵਿੱਚ ਰੈੱਡ ਰੀਬਨ ਕਲੱਬ ਦੇ ਸਹਿਯੋਗ ਨਾਲ ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਬੰਸ ਕੌਰ ਦੀ ਅਗਵਾਈ ਹੇਠ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਵਿਚ ਕਾਲਜ ਦੇ 200 ਤੋਂ ਵੱਧ ਵਿਦਿਆਰਥੀਆਂ ਨੇ ਹਿੱਸਾ ਲਿਆ। ਸੈਮੀਨਾਰ ਨੂੰ ਸੰਬੋਧਨ ਕਰਦਿਆਂ ਪੁਨਰਵਾਸ ਕੇਂਦਰ ਦੇ ਕਾਊਂਸਲਰ ਸੰਦੀਪ ਕੁਮਾਰੀ ਨੇ ਕਿਹਾ ਕਿ ਨਸ਼ਾ ਇਕ ਮਾਨਸਿਕ ਬਿਮਾਰੀ ਹੈ। ਉਨ੍ਹਾਂ ਕਿਹਾ ਕਿ ਤੰਬਾਕੂ ਦਾ ਸੇਵਨ ਨਸ਼ਿਆਂ ਦੀ ਦਲਦਲ ਦਾ ਮੁੱਖ ਦੁਆਰ ਹੈ ਜਿਸ ਰਾਹੀਂ ਮਨੁੱਖ ਹੌਲੀ-ਹੌਲੀ ਇਸ ਦਲਦਲ ਵਿਚ ਧਸ ਜਾਂਦਾ ਹੈ ਅਤੇ ਪੂਰੀ ਤਰ੍ਹਾਂ ਬਰਬਾਦ ਹੋ ਜਾਂਦਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਨੂੰ ਦ੍ਰਿੜ ਇੱਛਾ ਸ਼ਕਤੀ ਅਤੇ ਡਾਕਟਰੀ ਸਲਾਹ ਮਸ਼ਵਰੇ ਨਾਲ ਛੱਡਿਆ ਜਾ ਸਕਦਾ ਹੈ। ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਬੰਸ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਹਸਪਤਾਲ ਤੇ ਸਬ ਡਿਵੀਜ਼ਨ ਹਸਪਤਾਲਾਂ ਵਿਚ ਨਸ਼ਾ ਨਿਵਾਰਨ ਤੇ ਪੁਨਰਵਾਸ ਕੇਂਦਰ ਅਤਤੇ ਓਟ ਕੇਂਦਰਾਂ ਵਿਚ ਨਸੇ ਛੱਡਣ ਦਾ ਇਲਾਜ ਮੁਫ਼ਤ ਕੀਤਾ ਜਾਂਦਾ ਤੇ ਦਵਾਈ ਵੀ ਮੁਫ਼ਤ ਦਿੱਤੀ ਜਾਂਦੀ ਹੈ। ਇਸ ਮੌਕੇ ਸੰਸਥਾ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਹਰਿੰਦਰ ਸਿੰਘ ਗਿੱਲ, ਡਾ. ਪਾਰੁਲ ਖੰਨਾ ਤੇ ਕਰਨਦੀਪ ਵਿਰਦੀ ਆਦਿ ਮੌਜੂਦ ਸਨ।