ਪੱਤਰਪ੍ਰੇਰਕ
ਹੁਸ਼ਿਆਰਪੁਰ, 26 ਜੁਲਾਈ
ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਕਿਹਾ ਕਿ ਰਾਜ ਸਰਕਾਰ ਨਾਲ ਮਿਲ ਕੇ ਕੇਂਦਰ ਸਰਕਾਰ ਆਪਣੀਆਂ ਲੋਕ ਹਿਤੈਸ਼ੀ ਯੋਜਨਾਵਾਂ ਨੂੰ ਲੋਕਾਂ ਤੱਕ ਪਹੁੰਚਾ ਰਹੀ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਦੇਸ਼ ਦੇ ਹਰ ਖੇਤਰ ਵਿੱਚ ਬਿਜਲੀ ਪਹੁੰਚਾਉਣ ਅਤੇ ਘਰ-ਘਰ ਬਿਜਲੀ ਕੁਨੈਕਸ਼ਨ ਦੇਣ ਲਈ ਬਿਜਲੀ ਖੇਤਰ ਵਿੱਚ ਬੇਮਿਸਾਲ ਵਿਕਾਸ ਕੀਤਾ ਗਿਆ ਹੈ ਜਿਸ ਨਾਲ ਸੂਬੇ ਵਿਚ ਬਿਜਲੀ ਨੈਟਵਰਕ ਪ੍ਰਣਾਲੀ ਮਜ਼ਬੂਤ ਹੋਈ ਹੈ। ਉਹ ਅੱਜ ਸਵਾਮੀ ਸਰਵਾਨੰਦ ਗਿਰੀ ਖੇਤਰੀ ਕੇਂਦਰ ਪੰਜਾਬ ਯੂਨੀਵਰਸਿਟੀ ਵਿੱਚ ‘ਉੱਜਵਲ ਭਾਰਤ-ਉਜਵਲ ਭਵਿੱਖ ਊਰਜਾ’ ਤਹਿਤ ਕਰਵਾਏ ਸਮਾਗਮ ਦੌਰਾਨ ਸੰਬੋਧਨ ਕਰ ਰਹੇ ਸਨ। ਕੇਂਦਰੀ ਰਾਜ ਮੰਤਰੀ ਨੇ ਪੰਜਾਬ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ 75ਵੇਂ ਅਜ਼ਾਦੀ ਦੇ ਅੰਮ੍ਰਿਤ ਮਹਾਉਤਸਵ ਤਹਿਤ ਦੇਸ਼ ਭਰ ਵਿਚ ਇਕ ਹਫ਼ਤੇ ਲਈ ਬਿਜਲੀ ਉਤਸਵ ਮਨਾਇਆ ਜਾ ਰਿਹਾ ਹੈ ਜਿਸ ਉਪਰੰਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਨੂੰ ਸੰਬੋਧਨ ਕਰਨਗੇ। ਵਿਧਾਇਕ ਦਸੂਹਾ ਕਰਮਵੀਰ ਸਿੰਘ ਘੁੰਮਣ ਨੇ ਕਾਰਗਿਲ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਪੰਜਾਬ ਪਾਵਰ ਕਾਰਪੋਰੇਸ਼ਨ ਵੱਲੋਂ ਲੋਕਾਂ ਨੂੰ ਦਿੱਤੀ ਜਾ ਰਹੀ ਨਿਰਵਿਘਨ ਬਿਜਲੀ ਦੀ ਸਪਲਾਈ ਲਈ ਵਧਾਈ ਦਿੱਤੀ। ਇਸ ਮੌਕੇ ਸਕੂਲੀ ਵਿਦਿਆਰਥਣਾਂ ਨੇ ਦੇਸ਼ ਭਗਤੀ ਦੇ ਗੀਤ ਗਾਏ।