ਜਸਬੀਰ ਸਿੰਘ ਚਾਨਾ
ਫਗਵਾੜਾ, 28 ਦਸੰਬਰ
‘ਕੇਂਦਰ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਗਈਆਂ ਵੱਖ-ਵੱਖ ਲੋਕ ਭਲਾਈ ਯੋਜਨਾਵਾਂ ਰਾਹੀਂ ਦੇਸ਼ ਦੇ ਹਰ ਨਾਗਰਿਕ ਨੂੰ ਸਸ਼ਕਤ ਬਣਾਉਣ ਦੀਆਂ ਨੀਤੀਆਂ ਦੇਸ਼ ਨੂੰ ਨਵੀਆਂ ਉਚਾਈਆਂ ’ਤੇ ਲੈ ਕੇ ਜਾ ਰਹੀਆਂ ਹਨ।’ ਇਹ ਪ੍ਰਗਟਾਵਾ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਇੱਥੇ ਪਿੰਡ ਨਰੂੜ ਵਿੱਚ ਕੀਤਾ।
ਉਨ੍ਹਾਂ ਕਿਹਾ ਕਿ ਜਿਹੜੇ ਲੋਕ ਭਾਰਤ ਸਰਕਾਰ ਦੀਆਂ ਸਕੀਮਾਂ ਤੋਂ ਵਾਂਝੇ ਰਹਿ ਗਏ ਹਨ, ਉਹ ਇਸ ਯਾਤਰਾ ਰਾਹੀਂ ਯੋਜਨਾਵਾਂ ਦਾ ਲਾਭ ਲੈ ਸਕਦੇ ਹਨ। ਪਿੰਡ ਨਰੂੜ ’ਚ ਵਿਕਸਤ ਭਾਰਤ ਸੰਕਲਪ ਯਾਤਰਾ ਵਾਲੀ ਥਾਂ ’ਤੇ ਕੇਂਦਰੀ ਮੰਤਰੀ ਨੇ ਕੌਮੀ ਪੇਂਡੂ ਆਜੀਵਿਕਾ ਮਿਸ਼ਨ, ਉੱਜਵਲਾ ਯੋਜਨਾ, ਮੁਦਰਾ ਯੋਜਨਾ ਅਤੇ ਸੈਲਫ ਹੈਲਪ ਗਰੁੱਪਾਂ ਦੇ ਵੱਖ-ਵੱਖ ਲਾਭਪਾਤਰੀਆਂ ਨਾਲ ਗੱਲਬਾਤ ਕੀਤੀ ਤੇ ਉਨ੍ਹਾਂ ਨੂੰ ਇਨ੍ਹਾਂ ਯੋਜਨਾਵਾਂ ਬਾਰੇ ਵੱਧ ਤੋਂ ਵੱਧ ਲਾਭ ਲੈਣ ਤੇ ਹੋਰਨਾਂ ਨੂੰ ਵੀ ਇਨ੍ਹਾਂ ਬਾਰੇ ਜਾਗਰੂਕ ਕਰਨ ਲਈ ਕਿਹਾ। ਇਸ ਮੌਕੇ ਉੱਜਵਲਾ ਸਕੀਮ ਦੇ ਲਾਭਪਾਤਰੀਆਂ ਨੂੰ ਮੌਕੇ ’ਤੇ ਹੀ ਗੈਸ ਕੁਨੈਕਸ਼ਨ ਵੀ ਦਿੱਤੇ ਗਏ।