ਜਸਬੀਰ ਸਿੰਘ ਸੱਗੂ
ਅੰਮ੍ਰਿਤਸਰ, 14 ਸਤੰਬਰ
ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਆਪਣੀ ਰਿਹਾਇਸ਼ ’ਤੇ ਕੇਂਦਰੀ ਵਿਧਾਨ ਸਭਾ ਹਲਕੇ ਦੇ ਕੌਂਸਲਰਾਂ ਨਾਲ ਵਿਕਾਸ ਕਾਰਜਾਂ ਸਬੰਧੀ ਮੀਟਿੰਗ ਕਰਦਿਆਂ ਕਿਹਾ ਕਿ ਉਹ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਹਰ-ਘਰ ਤੱਕ ਪਹੁੰਚਾਉਣ ਤਾਂ ਜੋ ਲੋੜਵੰਦ ਲੋਕ ਸਰਕਾਰ ਵੱਲੋਂ ਚਲਾਈਆਂ ਜਾਂਦੀਆਂ ਭਲਾਈ ਸਕੀਮਾਂ ਦਾ ਲਾਭ ਲੈ ਸਕਣ। ਉਨ੍ਹਾਂ ਕਿਹਾ ਕਿ ਚੋਣਾਂ ਵਿੱਚ ਲੋਕਾਂ ਨਾਲ ਜੋ ਵੀ ਵਾਅਦੇ ਕੀਤੇ ਗਏ ਸਨ, ਉਹ 90 ਫੀਸਦੀ ਦੇ ਕਰੀਬ ਪੂਰੇ ਕੀਤੇ ਜਾ ਚੁੱਕੇ ਹਨ ਅਤੇ ਬਾਕੀ ਦੇ ਰਹਿੰਦੇ ਵਾਅਦੇ ਵੀ ਜਲਦ ਪੂਰੇ ਹੋ ਜਾਣਗੇ। ਉਨ੍ਹਾਂ ਕਿਹਾ ਕਿ ਕਰੋਨਾ ਕਾਲ ਦੌਰਾਨ ਵੀ ਕੈਪਟਨ ਸਰਕਾਰ ਨੇ ਲੋਕਾਂ ਦੇ ਇਲਾਜ ਵਿੱਚ ਕੋਈ ਕਸਰ ਨਹੀਂ ਛੱਡੀ ਅਤੇ ਲੋੜਵੰਦ ਲੋਕਾਂ ਨੂੰ ਮੁਫ਼ਤ ਅਨਾਜ ਵੀ ਮੁਹੱਈਆ ਕਰਵਾਇਆ ਜਾਂਦਾ ਰਿਹਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਕਰੋਨਾ ਮਹਾਮਾਰੀ ਦਾ ਮੁਫਤ ਇਲਾਜ ਕੀਤਾ ਜਾਂਦਾ ਰਿਹਾ ਅਤੇ ਗੁਆਂਢੀ ਰਾਜ ਦਿੱਲੀ ਤੋਂ ਵੀ ਲੋਕਾਂ ਨੇ ਪੰਜਾਬ ਵਿੱਚ ਆ ਕੇ ਇਲਾਜ ਕਰਵਾਇਆ।
ਸ੍ਰੀ ਸੋਨੀ ਨੇ ਕੇਂਦਰੀ ਵਿਧਾਨ ਸਭਾ ਹਲਕੇ ਦੇ 10 ਪਰਿਵਾਰਾਂ ਨੂੰ 15-15 ਹਜ਼ਾਰ ਰੁਪਏ ਦੇ ਮੈਡੀਕਲ ਚੈੱਕ ਵੀ ਭੇਟ ਕੀਤੇ ਅਤੇ ਲੋਕਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਇਨ੍ਹਾਂ ਦਾ ਤੁਰੰਤ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ।
ਇਸ ਮੌਕੇ ਡਿਪਟੀ ਮੇਅਰ ਯੂਨਸ ਕੁਮਾਰ, ਚੇਅਰਮੈਨ ਮਹੇਸ਼ ਖੰਨਾ, ਕੌਂਸਲਰ ਵਿਕਾਸ ਸੋਨੀ, ਅਸ਼ਵਨੀ ਕੁਮਾਰ ਪੱਪੂ, ਕੌਂਸਲਰ ਸ੍ਰ੍ਰੀਮਤੀ ਰਾਜਬੀਰ ਕੌਰ, ਕੌਂਸਲਰ ਸੰਨੀ ਕੁੰਦਰਾ, ਕੌਂਸਲਰ ਤਾਹਿਰ ਸ਼ਾਹ, ਸਰਪੰਚ ਪ੍ਰਗਟ ਸਿੰਘ ਤੇ ਗੁਰਦੇਵ ਸਿੰਘ ਦਾਰਾ ਹਾਜ਼ਰ ਸਨ।
ਕੈਪਸ਼ਨ – ਕੌਂਸਲਰਾਂ ਨਾਲ ਮੀਟਿੰਗ ਕਰਦੇ ਹੋਏ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ।