ਧਿਆਨ ਸਿੰਘ ਭਗਤ
ਕਪੂਰਥਲਾ, 23 ਜੁਲਾਈ
ਪੰਜਾਬ ਸਰਕਾਰ ਵਿੱਤ ਵਿਭਾਗ ਵੱਲੋਂ ਨਵੀਂ ਭਰਤੀ ਦੇ ਤਨਖਾਹ ਸਕੇਲ ਕੇਂਦਰੀ ਪੈਟਰਨ ਅਨੁਸਾਰ ਕਰਨ ਦੇ ਰੋਸ ਵਜੋਂ ਡੈਮੋਕਰੈਟਿਕ ਟੀਚਰ ਫਰੰਟ ਕਪੂਰਥਲਾ ਇਕਾਈ ਵੱਲੋਂ ਡੀਟੀਐਫ ਦੇ ਜ਼ਿਲ੍ਹਾ ਆਗੂਆਂ ਜੈਮਲ ਸਿੰਘ, ਬਲਵਿੰਦਰ ਭੰਡਾਲ, ਤੇਜਿੰਦਰ ਸਿੰਘ ਦੀ ਅਗਵਾਈ ਹੇਠ ਸਥਾਨਕ ਸ਼ਾਲਾਮਾਰ ਬਾਗ ਵਿਖੇ ਤਨਖਾਹ ਸਕੇਲਾਂ ਸਬੰਧੀ ਪੱਤਰ ਦੀਆਂ ਕਾਪੀਆਂ ਸਾੜ ਕੇ ਵਿਰੋਧ ਕਰਦੇ ਹੋਏ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਇਸ ਮੌਕੇ ਆਗੂਆਂ ਕਿਹਾ ਕਿ ਸਰਕਾਰ ਕਰੋਨਾ ਮਹਾਮਾਰੀ ਦੇ ਬਹਾਨੇ ਲੋਕਾਂ ਨੂੰ ਘਰਾਂ ਅੰਦਰ ਬੰਦ ਕਰਕੇ ਲੋਕ ਅਤੇ ਮੁਲਾਜ਼ਮ ਵਿਰੋਧੀ ਨੀਤੀਆਂ ਲਾਗੂ ਕਰਨ ਵਾਲੇ ਫੈਸਲੇ ਲੈ ਰਹੀ ਹੈ। ਘਰ ਘਰ ਨੌਕਰੀ ਦਾ ਵਾਅਦਾ ਕਰਨ ਵਾਲੀ ਸਰਕਾਰ ਨੇ ਪੁਨਰ ਬਣਤਰ ਦੇ ਨਾਂ ਹੇਠ ਲਗਪਗ 33 ਸਰਕਾਰੀ ਵਿਭਾਗਾਂ ਵਿੱਚ ਹਜ਼ਾਰਾਂ ਅਸਾਮੀਆਂ ਦੀ ਛਾਂਟੀ ਕਰਕੇ ਬੇਰੁਜ਼ਗਾਰਾਂ ਦੀ ਰੁਜ਼ਗਾਰ ਪ੍ਰਾਪਤ ਕਰਨ ਦੀ ਆਸ ’ਤੇ ਪਾਣੀ ਫੇਰਿਆ ਹੈ। ਉਹਨਾਂ ਕਿਹਾ ਕਿ ਨਵੀਂਆਂ ਭਰਤੀਆਂ ਵਿੱਚ ਪੰਜਾਬ ਸਰਕਾਰ ਦੇ ਤਨਖਾਹ ਸਕੇਲਾਂ ਨੂੰ ਤਿਲਾਂਜਲੀ ਦੇ ਕੇ ਕੇਂਦਰੀ ਪੈਟਰਨ ਅਨੁਸਾਰ ਤਨਖਾਹ ਸਕੇਲ ਦੇਣ ਦਾ ਫੈਸਲਾ ਪੰਜਾਬ ਦੇ ਬੇਰੁਜ਼ਗਾਰ ਨੌਜਵਾਨਾਂ ਲਈ ਖ਼ਤਰੇ ਦੀ ਘੰਟੀ ਹੈ। ਉਨ੍ਹਾਂ ਮੁਲਾਜ਼ਮ ਮਾਰੂ ਪੱਤਰ ਵਾਪਸ ਲੈਣ ਦੀ ਮੰਗ ਕੀਤੀ ਅਤੇ ਪੱਤਰ ਵਾਪਿਸ ਨਾ ਲਏ ਜਾਣ ਵਿਰੁੱਧ ਸੰਘਰਸ਼ ਜਾਰੀ ਰੱਖਣ ਦਾ ਪ੍ਰਣ ਕੀਤਾ। ਇਸ ਮੌਕੇ ਪਵਨ ਕੁਮਾਰ, ਮਲਕੀਤ ਸਿੰਘ, ਨਰਿੰਦਰ ਔਜਲਾ, ਸੁਰਿੰਦਰ ਸਿੰਘ ਆਦਿ ਆਗੂ ਹਾਜ਼ਰ ਸਨ।