ਨਿੱਜੀ ਪੱਤਰ ਪ੍ਰੇਰਕ
ਜਲੰਧਰ, 31 ਮਾਰਚ
ਸੁਲਤਾਨਪੁਰ ਲੋਧੀ ਨੂੰ ਸਾਫ਼-ਸੁਥਰਾ ਬਣਾਉਣ ਦੀ ਵਿਸ਼ੇਸ਼ ਮੁਹਿੰਮ ਵਾਤਾਵਰਨ ਪ੍ਰੇਮੀ ਪਦਮਸ੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਦੀ ਅਗਵਾਈ ਹੇਠ ਪਵਿੱਤਰ ਵੇਈਂ ਤੋਂ ਸ਼ੁਰੂ ਕੀਤੀ ਗਈ ਹੈ। ਇਹ ਮੁਹਿੰਮ ‘ਆਪਣ ਹਥੀਂ ਆਪਣਾ ਆਪੇ ਹੀ ਕਾਜੁ ਸਵਾਰੀਐ’ ਦੇ ਪਵਿੱਤਰ ਮਹਾਂਵਾਕ ਦੇ ਆਸ਼ੇ ਨੂੰ ਮੁੱਖ ਰੱਖ ਕੇ ਕੀਤੀ ਗਈ ਹੈ। ਦੋ ਦਿਨਾਂ ਤੋਂ ਗੁਰਦੁਆਰਾ ਬੇਬੇ ਨਾਨਕੀ ਜੀ ਨੇੜੇ ਲੋਹੀਆਂ ਰੋਡ ਦੇ ਕਿਨਾਰੇ ਨੀਵੀਆਂ ਥਾਵਾਂ ਨੂੰ ਮਿੱਟੀ ਪਾ ਕੇ ਪੱਧਰ ਕੀਤਾ ਜਾ ਰਿਹਾ ਹੈ। ਪਿੰਡ ਸੀਚੇਵਾਲ ਦੇ ਸਰਪੰਚ ਤੇਜਿੰਦਰ ਸਿੰਘ ਨੇ ਦੱਸਿਆ ਕਿ ਸੰਤ ਬਲਬੀਰ ਸਿੰਘ ਦੀ ਅਗਵਾਈ ਵਿਚ ਪਿੰਡ ਦੀ ਸੰਗਤ ਅਤੇ ਸੇਵਾਦਾਰਾਂ ਵੱਲੋਂ ਆਲੇ ਦੁਆਲੇ ਨੂੰ ਸਾਫ-ਸੁਥਰਾ ਰੱਖਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਉਧਰ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਦੇ 13 ਵਾਰਡਾਂ ਅਤੇ ਆਲੇ-ਦੁਆਲੇ ਦੇ ਇਲਾਕਿਆਂ ਨੂੰ ਸਾਫ਼ ਸੁਥਰਾ ਰੱਖਣ ਲਈ ਉਚੇਚੇ ਤੌਰ ’ਤੇ ਧਿਆਨ ਦਿੱਤਾ ਜਾਵੇਗਾ।
ਇਸ ਦੌਰਾਨ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਜੀ ਦੇ ਆ ਰਹੇ 400 ਸਾਲਾ ਪ੍ਰਕਾਸ਼ ਪੁਰਬ ਮੌਕੇ ਬਾਬੇ ਨਾਨਕ ਦੀ ਨਗਰੀ ਨੂੰ ਸੰਗਤ ਦੀ ਸ਼ਮੂਲੀਅਤ ਨਾਲ ਸਾਫ਼-ਸੁਥਰਾ ਤੇ ਸੁੰਦਰ ਬਣਾਇਆ ਜਾਵੇਗਾ। ਉਨ੍ਹਾਂ ਆਲੇ-ਦੁਆਲੇ ਦੇ ਇਲਾਕੇ ਦੀਆਂ ਸੰਗਤਾਂ ਨੂੰ ਵੀ ਅਪੀਲ ਕੀਤੀ ਕਿ ਬਾਬੇ ਨਾਨਕ ਦੀ ਨਗਰੀ ਨੂੰ ਸਾਫ਼-ਸੁਥਰਾ ਰੱਖਣ ਲਈ ਅੱਗੇ ਆਉਣ।