ਮਨਪ੍ਰੀਤ ਸਿੰਘ ਮਾਨਸਰ
ਮਾਨਸਰ, 19 ਮਈ
ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਵੱਲੋਂ ਟੌਲ ਪਲਾਜ਼ਾ ਮਾਨਸਰ ’ਤੇ ਵਿੱਢਿਆ ਸੰਘਰਸ਼ ਅੱਜ 221 ਵੇਂ ਦਿਨ ਵੀ ਜਾਰੀ ਰਿਹਾ। ਕਿਸਾਨਾਂ ਨੇ ਕੇਂਦਰ ਦੀ ਮੋਦੀ ਤੇ ਹਰਿਆਣੇ ਦੀ ਖੱਟਰ ਸਰਕਾਰ, ਅਡਾਨੀ, ਅੰਬਾਨੀ ਤੇ ਸਰਕਾਰ ਪੱਖੀ ਮੀਡੀਆ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਉਲੀਕੇ ਪ੍ਰੋਗਰਾਤ ਤਹਿਤ 26 ਮਈ ਨੂੰ ਪ੍ਰਧਾਨ ਮੰਤਰੀ ਮੋਦੀ ਦੇ ਪੁਤਲੇ ਫੂਕ ਕੇ ਅਤੇ ਥਾਂ-ਥਾਂ ਰੋਸ ਪ੍ਰਦਰਸ਼ਨ ਕਰਕੇ ਕਾਲੇ ਖੇਤੀ ਕਾਨੂੰਨ ਵਾਪਸ ਲੈਣ ਲਈ ਮਜਬੂਰ ਕੀਤਾ ਜਾਵੇਗਾ। ਇਸ ਮੌਕੇ ਬਲਕਾਰ ਸਿੰਘ ਮੱਲ੍ਹੀ, ਮਾਸਟਰ ਸਵਰਨ ਸਿੰਘ, ਸੋਰਵ ਮਿਨਹਾਸ ਬਿੱਲਾ ਹਾਜ਼ਰ ਸਨ।
ਬਲਾਚੌਰ(ਸੁਭਾਸ਼ ਜੋਸ਼ੀ/ ਗੁਰਦੇਵ ਗਹੂੰਣ): ਸੰਯੁਕਤ ਕਿਸਾਨ ਮੋਰਚਾ ਟੌਲ ਪਲਾਜ਼ਾ ਮਜਾਰੀ ਵਲੋਂ ਫੈਸਲਾ ਕੀਤਾ ਗਿਆ ਹੈ ਕਿ 26 ਮਈ ਨੂੰ ਰੋਸ ਦਿਵਸ ਮਨਾਉਣ ਦੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਨੂੰ ਸਫਲ ਬਣਾਉਣ ਲਈ ਵੱਡੇ ਪੱਧਰ ਤੇ ਇਲਾਕਾ ਬਲਾਚੌਰ ਅਤੇ ਸੜੋਆ ਦੇ ਪਿੰਡਾਂ ਵਿੱਚ ਕਾਲੇ ਝੰਡੇ ਲਹਿਰਾਏ ਜਾਣਗੇ ਅਤੇ ਪਿੰਡ ਪੱਧਰ ਤੇ ਇਕੱਠ ਕਰਕੇ ਲੋਕਾਂ ਨੂੰ ਮੋਦੀ ਸਰਕਾਰ ਦੇ ਕਿਸਾਨ ਮਜਦੂਰ ਵਿਰੋਧੀ ਚਿਹਰੇ ਨੂੰ ਨੰਗਾ ਕੀਤਾ ਜਾਵੇਗਾ। ਪਹਿਲਾਂ ਇਲਾਕੇ ਦੇ ਪਿੰਡਾਂ ਵਿੱਚ ਮੋਟਰਸਾਈਕਲਾਂ ’ਤੇ ਜਾਗਰੂਕਤਾ ਰੈਲੀਆਂ ਕੱਢੀਆਂ ਜਾਣਗੀਆ। ਇਸ ਮੌਕੇ ਕੁਲਵਿੰਦਰ ਗੋਰਾ, ਮਹਿੰਗਾ ਸਿੰਘ ਸੂਬੇਦਾਰ , ਰਣਜੀਤ ਸਿੰਘ ਚਣਕੋਈ , ਦਰਸ਼ਨ ਸਿੰਘ ਚਣਕੋਈ, ਰਾਮ ਪਾਲ ਚਣਕੋਈ ਹਾਜ਼ਰ ਸਨ।
ਹੁਸ਼ਿਆਰਪੁਰ (ਹਰਪ੍ਰੀਤ ਕੌਰ): ਕਿਸਾਨ ਜਥੇਬੰਦੀਆਂ ਵਲੋਂ ਲਾਚੋਵਾਲ ਟੋਲ ਪਲਾਜ਼ਾ ’ਤੇ ਦਿੱਤੇ ਜਾ ਰਹੇ ਧਰਨੇ ਦੌਰਾਨ ਬੋਲਦਿਆਂ ਅੱਜ ਕਿਸਾਨ ਆਗੂ ਗੁਰਦੀਪ ਸਿੰਘ ਖੁਣ-ਖੁਣ, ਰਣਧੀਰ ਸਿੰਘ, ਪਰਮਿੰਦਰ ਸਿੰਘ ਲਾਚੋਵਾਲ ਅਤੇ ਉਂਕਾਰ ਸਿੰਘ ਧਾਮੀ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਕਿਸਾਨਾਂ ਪ੍ਰਤੀ ਅਪਣਾਏ ਬੇਰੁਖੀ ਵਾਲੇ ਰਵੱਈਏ ਖਿਲਾਫ਼ ਪਿੰਡਾਂ ਤੋਂ ਲੈ ਕੇ ਜ਼ਿਲ੍ਹਾ ਪੱਧਰ ਤੱਕ ਮੋਦੀ ਸਰਕਾਰ ਦੇ ਪੁਤਲੇ ਫ਼ੂਕੇ ਜਾਣਗੇ। ਉਨ੍ਹਾਂ ਕਿਹਾ ਕਿ 26 ਮਈ ਨੂੰ ਲਾਚੋਵਾਲ ਟੋਲ ਪਲਾਜ਼ਾ ’ਤੇ ਭਾਜਪਾ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਉਨ੍ਹਾਂ ਨੇ ਸਾਰਿਆਂ ਨੂੰ ਇਸ ਮੁਜ਼ਾਹਰੇ ’ਚ ਵਧ ਚੜ੍ਹ ਕੇ ਪੁੱਜਣ ਦਾ ਸੱਦਾ ਦਿੱਤਾ।
ਕਿਸਾਨ ਜਥੇਬੰਦੀਆਂ ਵੱਲੋਂ ਦੁਕਾਨਾਂ ਦਾ ਸਮਾਂ ਵਧਾਉਣ ਦੀ ਮੰਗ
ਹੁਸ਼ਿਆਰਪੁਰ (ਪੱਤਰ ਪ੍ਰੇਰਕ): ਕਿਸਾਨ ਜਥੇਬੰਦੀਆਂ ਦੇ ਜੀਓ ਰਿਲਾਇੰਸ ਦਫ਼ਤਰ ਬਾਹਰ ਚੱਲ ਰਹੇ ਲਗਾਤਾਰ ਧਰਨੇ ਦੌਰਾਨ ਬੋਲਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਦੇ ਅੜੀਅਲ ਰਵੱਈਏ ਕਾਰਨ ਅੱਜ ਹਰ ਵਰਗ ਦੁਖੀ ਹੈ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਤੋਂ ਵੀ ਮੰਗ ਕੀਤੀ ਕਿ ਦੁਕਾਨਾਂ ਨੂੰ ਬੰਦ ਕਰਨ ਦਾ ਸਮਾਂ ਸ਼ਾਮ 5 ਵਜੇ ਤੱਕ ਵਧਾਇਆ ਜਾਵੇ ਤਾਂ ਜੋ ਦੂਰ ਦੂਰਾਡੇ ਦੇ ਪਿੰਡਾਂ ਤੋਂ ਸ਼ਹਿਰ ’ਚ ਖਰੀਦੋ ਫ਼ਰੋਖਤ ਕਰਨ ਆਉਣ ਵਾਲੇ ਲੋਕਾਂ ਨੂੰ ਖਰੀਦਦਾਰੀ ਕਰਨ ਦਾ ਮੌਕਾ ਮਿਲ ਸਕੇ। ਧਰਨੇ ਵਿਚ ਗੁਰਮੇਸ਼ ਸਿੰਘ, ਮਾਸਟਰ ਹਰਕੰਵਲ ਸਿੰਘ, ਗੁਰਨਾਮ ਸਿੰਘ ਸਿੰਗੜੀਵਾਲਾ ਹਾਜ਼ਰ ਸਨ।