ਪੱਤਰ ਪ੍ਰੇਰਕ
ਹੁਸ਼ਿਆਰਪੁਰ, 11 ਜੁਲਾਈ
ਪਿੰਡ ਹਰਦੋਖਾਨਪੁਰ ਦੇ ਇਕ ਨੌਜਵਾਨ ਨੇ ਕਥਿਤ ਤੌਰ ’ਤੇ ਆਪਣੇ ਸਹੁਰਿਆਂ ਤੋਂ ਪ੍ਰੇਸ਼ਾਨ ਹੋ ਕੇ ਫਾਹਾ ਲੈ ਕੇ ਆਤਮਹੱਤਿਆ ਕਰ ਲਈ ਸੀ, ਉਸ ਦੇ ਪਰਿਵਾਰਕ ਮੈਬਰਾਂ ਤੇ ਸਕੇ ਸਬੰਧੀਆਂ ਨੇ ਦੋਸ਼ੀਆਂ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਅੱਜ ਰੋਸ ਪ੍ਰਦਰਸ਼ਨ ਕੀਤਾ। ਉਨ੍ਹਾਂ ਕਿਹਾ ਕਿ ਪੁਲੀਸ ਜਾਣਬੁੱਝ ਕੇ ਦੋਸ਼ੀਆਂ ਨੂੰ ਗ੍ਰਿਫਤਾਰ ਨਹੀਂ ਕਰ ਰਹੀ। ਪੁਲੀਸ ਅਧਿਕਾਰੀਆਂ ਦੇ ਭਰੋਸੇ ਤੋਂ ਬਾਅਦ ਰੋਸ ਧਰਨਾ ਚੁੱਕਿਆ ਗਿਆ। ਜਾਣਕਾਰੀ ਅਨੁਸਾਰ 33 ਸਾਲਾ ਚੇਤਨ ਭਾਰਗਵ ਨੇ ਕੱਲ੍ਹ ਆਪਣੇ ਘਰ ਫਾਹਾ ਲੈ ਕੇ ਆਤਮਹੱਤਿਆ ਕਰ ਲਈ ਸੀ। ਉਸ ਨੇ ਖੁਦਕੁਸ਼ੀ ਨੋਟ ਵੀ ਲਿਖਿਆ ਸੀ ਜਿਸ ਵਿਚ ਉਸ ਨੇ ਆਪਣੇ ਸਹੁਰੇ ਪਰਿਵਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਚੇਤਨ ਦੇ ਘਰਦਿਆਂ ਨੇ ਦੱਸਿਆ ਕਿ ਲਗਪਗ ਤਿੰਨ ਸਾਲ ਪਹਿਲਾਂ ਕ੍ਰਿਸ਼ਨਾ ਨਗਰ ਦੀ ਇਕ ਲੜਕੀ ਨਾਲ ਉਸ ਦਾ ਵਿਆਹ ਹੋਇਆ ਸੀ। ਵਿਆਹ ਤੋਂ ਕੁੱਝ ਦੇਰ ਬਾਅਦ ਉਸ ਦੇ ਸਹੁਰੇ ਪਰਿਵਾਰ ਨੇ ਉਸ ਨੂੰ ਤੰਗ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਸੀ। ਉਸ ਨੂੰ ਪੁਲੀਸ ਦੀਆਂ ਵੀ ਧਮਕੀਆਂ ਦਿੱਤੀਆਂ ਜਾਂਦੀਆਂ ਸਨ। ਕੱਲ੍ਹ ਵੀ ਉਹ ਆਪਣੀ ਪੇਕੇ ਗਈ ਪਤਨੀ ਨੂੰ ਮਿਲਣ ਗਿਆ ਸੀ ਜਿੱਥੇ ਉਸ ਨੂੰ ਜ਼ਲੀਲ ਕੀਤਾ ਗਿਆ। ਉਸ ਨੇ ਦੁਖੀ ਹੋ ਕੇ ਘਰ ਆ ਕੇ ਆਤਮਹੱਤਿਆ ਕਰ ਲਈ। ਪੁਲੀਸ ਨੇ ਹੱਤਿਆ ਲਈ ਉਕਸਾਉਣ ਦਾ ਕੇਸ ਦਰਜ ਕਰਕੇ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।