ਪੱਤਰ ਪ੍ਰੇਰਕ
ਫਗਵਾੜਾ, 16 ਫਰਵਰੀ
ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਅੱਜ ਜਿਲ੍ਹਾ ਕਪੂਰਥਲਾ ਕਾਂਗਰਸ ਵੱਲੋਂ ਜ਼ਿਲ੍ਹਾ ਪ੍ਰਧਾਨ ਤੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਦੀ ਅਰਬਨ ਅਸਟੇਟ ਸਥਿਤ ਕੋਠੀ ਅੱਗੇ ਰੋਸ ਧਰਨਾ ਦਿੱਤਾ ਗਿਆ ਤੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਬੋਲਦਿਆਂ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਕੇਂਦਰ ਦੇ ਇਸ਼ਾਰੇ ’ਤੇ ਹਰਿਆਣਾ ਸਰਕਾਰ ਦੀਆਂ ਹਦਾਇਤਾਂ ’ਤੇ ਸ਼ੰਭੂ ਬੈਰੀਅਰ ਵਿਖੇ ਦਿੱਲੀ ਜਾਣ ਲਈ ਕਿਸਾਨਾਂ ਨਾਲ ਧੱਕੇਸ਼ਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨ ਨਰਿੰਦਰ ਮੋਦੀ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਤੋਂ ਦੁਖੀ ਹਨ। ਪਿਛਲੇ ਕਿਸਾਨ ਅੰਦੋਲਨ ਦੌਰਾਨ ਮੋਦੀ ਸਰਕਾਰ ਨੇ ਗੁਰਪੁਰਬ ਦੇ ਪਵਿੱਤਰ ਦਿਨ ਤਿੰਨ ਕਾਲੇ ਕਾਨੂੰਨ ਵਾਪਸ ਲੈਣ ਦਾ ਐਲਾਨ ਕਰਦਿਆਂ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਮੰਨਣ ਦਾ ਵਾਅਦਾ ਕੀਤਾ ਸੀ ਪਰ ਦੋ ਸਾਲ ਬੀਤ ਜਾਣ ਦੇ ਬਾਵਜੂਦ ਕਿਸਾਨ ਅੱਜ ਤੱਕ ਘੱਟੋ-ਘੱਟ ਸਮਰਥਨ ਮੁੱਲ ਸਬੰਧੀ ਕਾਨੂੰਨ, ਲਖੀਮਪੁਰ ਕਾਂਡ ਦੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ, ਕਰਜ਼ਾ ਮੁਆਫ਼ੀ ਤੇ ਕਿਸਾਨਾਂ ਖ਼ਿਲਾਫ਼ ਦਰਜ ਝੂਠੇ ਪੁਲੀਸ ਕੇਸ ਵਾਪਸ ਲੈਣ ਦੀ ਉਡੀਕ ਕਰ ਰਹੇ ਹਨ ਤੇ ਮੋਦੀ ਸਰਕਾਰ ਕਿਸਾਨਾਂ ਦੀ ਗੱਲ ਸੁਣਨ ਨੂੰ ਤਿਆਰ ਨਹੀਂ। ਇਸ ਮੌਕੇ ਜ਼ਿਲ੍ਹਾ ਕਪੂਰਥਲਾ ਕਾਂਗਰਸ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਨਰਿੰਦਰ ਮਨਸੂ ਤੇ ਹੋਰ ਬੁਲਾਰਿਆਂ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਬਲਾਕ ਪ੍ਰਧਾਨ ਫਗਵਾੜਾ ਦਿਹਾਤੀ ਜਸਵੰਤ ਸਿੰਘ ਨੀਟਾ ਜਗਪਾਲਪੁਰ, ਦੀਪਕ ਸਲਵਾਨ ਕਪੂਰਥਲਾ, ਅਮਰਜੀਤ ਸੈਦੋਵਾਲ, ਸਰਜੀਵਨ ਲਤਾ ਸ਼ਰਮਾ, ਆਦਿ ਸ਼ਾਮਲ ਸਨ।
ਅੰਮ੍ਰਿਤਸਰ (ਟ੍ਰਿਬਿਉੂਨ ਨਿਉੂਜ਼ ਸਰਵਿਸ): ਕੇਂਦਰ ਅਤੇ ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ਤੇ ਮਜ਼ਦੂਰਾਂ ਤੇ ਕੀਤੇ ਜਾ ਰਹੇ ਤਸ਼ੱਦਦ ਦੇ ਰੋਸ ਵਜੋਂ ਅੱਜ ਇੱਥੇ ਜ਼ਿਲ੍ਹਾ ਕਾਂਗਰਸ ਕਮੇਟੀ ਦਿਹਾਤੀ ਅਤੇ ਕਾਂਗਰਸ ਕਮੇਟੀ ਸ਼ਹਿਰੀ ਵੱਲੋਂ ਵੱਖ-ਵੱਖ ਥਾਵਾਂ ਤੇ ਕੇਂਦਰ ਅਤੇ ਹਰਿਆਣਾ ਸਰਕਾਰ ਖਿਲਾਫ ਰੋਸ ਵਿਖਾਵੇ ਕੀਤੇ ਗਏ ਹਨ। ਇਸ ਮਾਮਲੇ ਵਿੱਚ ਜ਼ਿਲ੍ਹਾ ਕਾਂਗਰਸ ਦਿਹਾਤੀ ਕਮੇਟੀ ਦੇ ਕਾਰਕੁਨ ਜ਼ਿਲ੍ਹਾ ਪ੍ਰਧਾਨ ਹਰ ਪ੍ਰਤਾਪ ਸਿੰਘ ਅਜਨਾਲਾ ਸਾਬਕਾ ਵਿਧਾਇਕ ਦੀ ਅਗਵਾਈ ਹੇਠ ਕਾਂਗਰਸ ਭਵਨ ਤੋਂ ਨਾਅਰੇਬਾਜ਼ੀ ਕਰਦੇ ਹੋਏ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਸ਼ਵੇਤ ਮਲਿਕ ਦੇ ਘਰ ਵੱਲ ਰਵਾਨਾ ਹੋਏ ਪਰ ਪੁਲੀਸ ਵੱਲੋਂ ਉਹਨਾਂ ਨੂੰ ਸਰਕਟ ਹਾਊਸ ਚੌਕ ਵਿੱਚ ਹੀ ਰੋਕ ਲਿਆ ਗਿਆ। ਪ੍ਰਦਰਸ਼ਨਕਾਰੀਆਂ ਨੇ ਚੌਕ ਵਿੱਚ ਹੀ ਧਰਨਾ ਦੇ ਦਿੱਤਾ ਅਤੇ ਕੇਂਦਰ ਤੇ ਹਰਿਆਣਾ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਸਾਬਕਾ ਪ੍ਰਧਾਨ ਭਗਵੰਤ ਪਾਲ ਸਿੰਘ ਸੱਚਰ ਅਤੇ ਮੌਜੂਦਾ ਪ੍ਰਧਾਨ ਹਰਪ੍ਰਤਾਪ ਸਿੰਘ ਅਜਨਾਲਾ ਨੇ ਦੋਸ਼ ਲਾਇਆ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਹਮੇਸ਼ਾ ਹੀ ਕਿਸਾਨਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ।
ਜਲੰਧਰ (ਪੱਤਰ ਪ੍ਰੇਰਕ): ਕਾਂਗਰਸ ਇੱਥੇ ਕਿਸਾਨਾਂ ਦੀ ਹਮਾਇਤ ’ਚ ਆ ਗਈ ਹੈ। ਪੰਜਾਬ ਵਿੱਚ ਭਾਜਪਾ ਦੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੇ ਘਰ ਦੇ ਬਾਹਰ ਕਾਂਗਰਸੀਆਂ ਵੱਲੋਂ ਸਾਬਕਾਵਿਧਾਇਕ ਲਾਡੀ ਸ਼ੇਰੋਵਾਲੀਆ ਦੀ ਅਗਵਾਈ ਹੇਠ ਪ੍ਰਦਰਸ਼ਨ ਕੀਤਾ ਗਿਆ ਨਾਅਰੇਬਾਜ਼ੀ ਕੀਤੀ ਗਈ। ਪੁਲੀਸ ਨੇ ਭਾਜਪਾ ਆਗੂ ਦੇ ਘਰ ਬਾਹਰ ਬੈਰੀਕੇਡ ਲਾਏ ਹੋਏ ਸਨ। ਲਾਡੀ ਸ਼ੇਰੋਵਾਲੀਆ ਨੇ ਕਿਹਾ ਕਿ ਸੂਬਾ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਕਿਸਾਨਾਂ ਦੇ ਸਮਰਥਨ ਵਿੱਚ ਭਾਜਪਾ ਆਗੂਆਂ ਦੇ ਘਰਾਂ ਦਾ ਘਿਰਾਓ ਦਾ ਐਲਾਨ ਕੀਤਾ ਸੀ। ਅੱਜ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੇ ਘਰ ਬਾਹਰ ਜ਼ਿਲ੍ਹਾ ਕਾਂਗਰਸ ਵੱਲੋਂ ਧਰਨਾ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਕੇਂਦਰ ਦੀ ਨੀਤੀ ਕਾਰਨ ਅੱਜ ਕਿਸਾਨ ਸੜਕਾਂ ’ਤੇ ਆਉਣ ਲਈ ਮਜਬੂਰ ਹਨ। ਕਾਂਗਰਸੀ ਆਗੂ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਇੱਕ ਸਾਲ ਤੋਂ ਕੇਂਦਰ ਸਰਕਾਰ ਖਿਲਾਫ਼ ਕਿਸਾਨਾਂ ਵੱਲੋਂ ਲਗਾਤਾਰ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਇਸ ਦੌਰਾਨ ਸੈਂਕੜੇ ਕਿਸਾਨਾਂ ਦੀ ਜਾਨ ਚਲੀ ਗਈ। ਹੁਣ ਫਿਰ ਕਿਸਾਨਾਂ ਨੇ ਕੇਂਦਰ ਸਰਕਾਰ ਖਿਲਾਫ਼ ਪ੍ਰਦਰਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਮੰਗ ਨਾ ਮੰਨੇ ਜਾਣ ਕਾਰਨ ਕਿਸਾਨਾਂ ਨੂੰ ਮੁੜ ਸੜਕਾਂ ’ਤੇ ਉਤਰਨਾ ਪਿਆ ਹੈ।
ਤਰਨ ਤਾਰਨ (ਪੱਤਰ ਪ੍ਰੇਰਕ): ਦਿੱਲੀ ਕੂਚ ਕਰਨ ਜਾ ਰਹੇ ਕਿਸਾਨਾਂ ’ਤੇ ਸ਼ੰਭੂ ਬੈਰੀਅਰ ਉੱਤੇ ਅੱਥਰੂ ਗੈਸ ਦੇ ਗੋਲੇ ਦਾਗੇ ਜਾਣ ਦੇ ਵਿਰੋਧ ਵਿੱਚ ਕਾਂਗਰਸ ਪਾਰਟੀ ਵੱਲੋਂ ਹਰਿਆਣਾ ਅਤੇ ਕੇਂਦਰ ਸਰਕਾਰਾਂ ਖਿਲਾਫ਼ ਅੱਜ ਇਥੇ ਭਾਜਪਾ ਦੇ ਜ਼ਿਲ੍ਹਾ ਦਫ਼ਤਰ ਅੱਗੇ ਰੋਸ ਵਿਖਾਵਾ ਕੀਤਾ ਕੀਤਾ ਗਿਆ। ਉਨ੍ਹਾਂ ਕਿਸਾਨਾਂ ’ਤੇ ਅਤਿਆਚਾਰ ਤੁਰੰਤ ਬੰਦ ਕਰਨ ਦੀ ਮੰਗ ਕੀਤੀ|