ਨਿੱਜੀ ਪੱਤਰ ਪ੍ਰੇਰਕ
ਜਲੰਧਰ, 11 ਨਵੰਬਰ
ਦੀਵਾਲੀ ਵਾਲੀ ਰਾਤ ਨੂੰ 8 ਵਜੇ ਤੋਂ 10 ਵਜੇ ਤੱਕ ਦੋ ਘੰਟੇ ਲਈ ਪ੍ਰਦੂਸ਼ਣ ਮੁਕਤ ਹਰੇ ਪਟਾਕੇ ਹੀ ਚਲਾਏ ਜਾ ਸਕਦੇ ਹਨ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਜ) ਜਸਬੀਰ ਸਿੰਘ ਨੇ ਇਸ ਸਾਲ ਦੀਵਾਲੀ ਨੂੰ ਹਰੀ ਦੀਵਾਲੀ ਦੇ ਤੌਰ ’ਤੇ ਮਨਾਉਣ ਸਬੰਧੀ ਡਿਪਟੀ ਕਮਿਸ਼ਨਰ ਦਫਤਰ ਦੇ ਮੀਟਿੰਗ ਹਾਲ ਵਿੱਚ ਅਧਿਕਾਰੀਆਂ ਨਾਲ ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਹਰੇ ਪਟਾਕਿਆਂ ਤੋਂ ਇਲਾਵਾ ਕੋਈ ਹੋਰ ਪਟਾਕੇ ਵੇਚਣ ਅਤੇ ਚਲਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਇਸ ਸਬੰਧੀ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੁਲੀਸ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਪਟਾਕਿਆਂ ਦੀਆਂ ਦੁਕਾਨਾਂ ਦੀ ਚੈਕਿੰਗ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ ਤਾਂ ਜੋ ਹਰੇ ਪਟਾਕਿਆਂ ਤੋਂ ਇਲਾਵਾ ਕਿਸੇ ਹੋਰ ਕਿਸਮ ਦੇ ਪਟਾਕਿਆਂ ਦੀ ਵਿਕਰੀ ਨਾ ਕੀਤੀ ਜਾ ਸਕੇ।