ਨਿੱਜੀ ਪੱਤਰ ਪ੍ਰੇਰਕ
ਜਲੰਧਰ, 23 ਨਵੰਬਰ
ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਸਬੰਧੀ ਮਸ਼ੀਨਾਂ ਲਈ ਅਪਲਾਈ ਕਰਨ ਵਾਲੇ 1433 ਲਾਭਪਾਤਰੀਆਂ ਵਿੱਚੋਂ 1293 ਲਾਭਪਾਤਰੀਆਂ ਨੂੰ ਸਬਸਿਡੀ ’ਤੇ ਮਸ਼ੀਨਾਂ ਖਰੀਦਣ ਲਈ 24 ਨਵੰਬਰ ਨੂੰ ਲਾਟਰੀ ਪ੍ਰਣਾਲੀ ਦੇ ਆਧਾਰ ’ਤੇ ਪ੍ਰਵਾਨਗੀ ਦਿੱਤੀ ਜਾਵੇਗੀ, ਜਦਕਿ ਸਰਕਾਰ ਵੱਲੋਂ 140 ਲਾਭਪਾਤਰੀਆਂ ਨੂੰ ਮਸ਼ੀਨਾਂ ਲਈ ਪਹਿਲਾਂ ਹੀ ਮਨਜ਼ੂਰੀ ਦਿੱਤੀ ਜਾ ਚੁੱਕੀ ਹੈ। ਮੁੱਖ ਖੇਤੀਬਾੜੀ ਅਧਿਕਾਰੀ ਡਾ. ਸੁਰਿੰਦਰ ਸਿੰਘ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸਹਾਇਕ ਕਮਿਸ਼ਨਰ ਸ਼ਿਕਾਇਤਾਂ ਰਣਦੀਪ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਉਪਲਬਧ ਬਜਟ ਅਨੁਸਾਰ ਡਰਾਅ ਰਾਹੀਂ ਲਾਭਪਾਤਰੀਆਂ ਦੀ ਚੋਣ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਵਿਭਾਗ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਦੀ ਸੰਭਾਲ ਸਬੰਧੀ ਮਸ਼ੀਨਰੀ ਲਈ 14.96 ਕਰੋੜ ਰੁਪਏ ਦਾ ਬਜਟ ਪ੍ਰਾਪਤ ਹੋਇਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਲਾਭਪਾਤਰੀਆਂ ਦੀ ਚੋਣ ਤੋਂ ਬਾਅਦ ਮਨਜ਼ੂਰੀ ਪੱਤਰ ਜਾਰੀ ਕੀਤੇ ਜਾਣਗੇ, ਜਿਸ ਤੋਂ ਬਾਅਦ ਕਿਸਾਨ ਉਕਤ ਮਸ਼ੀਨਰੀ ਦੀ ਖਰੀਦ ਕਰ ਸਕਣਗੇ ਅਤੇ ਵਿਭਾਗ ਦੇ ਅਧਿਕਾਰੀ ਵੱਲੋਂ 29 ਨਵੰਬਰ ਨੂੰ ਵੈਰੀਫਿਕੇਸ਼ਨ ਕੀਤੀ ਜਾਵੇਗੀ।