ਪੱਤਰ ਪ੍ਰੇਰਕ
ਸ਼ਾਹਕੋਟ, 19 ਅਕਤੂਬਰ
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਆਗੂ ਸਲਵਿੰਦਰ ਸਿੰਘ ਜਾਣੀਆਂ ਅਤੇ ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਗੁਰਮੇਲ ਸਿੰਘ ਰੇੜ੍ਹਵਾਂ ਦੀ ਅਗਵਾਈ ਹੇਠ ਕਮੇਟੀ ਦੀ ਟੀਮ ਨੇ ਸ਼ਾਹਕੋਟ ਅਤੇ ਲੋਹੀਆਂ ਖਾਸ ਦੀਆਂ ਮੰਡੀਆਂ ਦਾ ਦੌਰਾ ਕਰਕੇ ਝੋਨੇ ਦੀ ਖਰੀਦ ਅਤੇ ਚੁਕਾਈ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਜ਼ਿਲ੍ਹਾ ਸਕੱਤਰ ਹਰਪ੍ਰੀਤ ਸਿੰਘ ਕੋਟਲੀ ਅਤੇ ਸਕੱਤਰ ਰਜਿੰਦਰ ਸਿੰਘ ਨੇ ਦੱਸਿਆ ਕਿ ਕਿਸਾਨਾਂ ਦੀ ਟੀਮ ਨੇ ਸ਼ਾਹਕੋਟ, ਪੂੰਨੀਆਂ, ਕੋਹਾੜ ਖੁਰਦ, ਲਸੂੜੀ, ਤਲਵੰਡੀ ਸੰਘੇੜਾ, ਲੋਹੀਆਂ ਖਾਸ.ਨੱਲ੍ਹ ਅਤੇ ਗਿੱਦੜਪਿੰਡੀ ਮੰਡੀ ਦਾ ਦੌਰਾ ਕਰਕੇ ਵੇਖਿਆ ਕਿ ਮੰਡੀਆਂ ਵਿੱਚ ਝੋਨੇ ਦੇ ਅੰਬਾਰ ਲੱਗੇ ਹੋਏ ਹਨ। ਖਰੀਦੇ ਝੋਨੇ ਦੀ ਚੁਕਾਈ ਨਹੀ ਹੋ ਰਹੀ। ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇ ਇਸ ਸਮੱਸਿਆ ਦਾ ਕੋਈ ਹੱਲ ਨਾ ਕੀਤਾ ਤਾਂ ਉਹ ਤਿੱਖਾ ਸੰਘਰਸ਼ ਕਰਨ ਲਈ ਮਜਬੂਰ ਹੋਣਗੇ।