ਹਰਪ੍ਰੀਤ ਕੌਰ
ਹੁਸ਼ਿਆਰਪੁਰ, 3 ਨਵੰਬਰ
ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਉਲੀਕੇ ਸੰਘਰਸ਼ ਤਹਿਤ ਸੂਬਾ ਸਰਕਾਰ ਦੀਆਂ ਮੁਲਾਜ਼ਮ, ਪੈਨਸ਼ਨਰ ਤੇ ਲੋਕ ਵਿਰੋਧੀ ਨੀਤੀਆਂ ਅਤੇ ਝੂਠੇ ਪ੍ਰਚਾਰ ਦਾ ਭਾਂਡਾ ਭੰਨਣ ਲਈ ਚੱਬੇਵਾਲ ਦੇ ਪਿੰਡਾਂ ਅੰਦਰ ਝੰਡਾ ਮਾਰਚ ਕੀਤਾ ਗਿਆ। ਇਸ ਦੌਰਾਨ ਆਗੂ ਸਤੀਸ਼ ਰਾਣਾ, ਜਰਮਨਜੀਤ ਸਿੰਘ, ਸੁਖਦੇਵ ਸੈਣੀ ਆਦਿ ਦੀ ਅਗਵਾਈ ਹੇਠ ਕੀਤੇ ਗਏ ਝੰਡਾ ਮਾਰਚ ਵਿੱਚ ਜ਼ਿਲ੍ਹਾ ਹੁਸ਼ਿਆਰਪਰ, ਜਲੰਧਰ, ਨਵਾਂ ਸ਼ਹਿਰ, ਰੋਪੜ, ਮੁਹਾਲੀ ਅਤੇ ਚੰਡੀਗੜ੍ਹ ਤੋਂ ਮੁਲਾਜ਼ਮ ਅਤੇ ਪੈਨਸ਼ਨਰ ਵੱਡੀ ਗਿਣਤੀ ਵਿੱਚ ਵਿੱਚ ਸ਼ਾਮਲ ਹੋਏ। ਮਹਿਲਾ ਮੁਲਾਜ਼ਮਾਂ ਅਤੇ ਆਸ਼ਾ ਵਰਕਰਾਂ ਨੇ ਵੀ ਵੱਡੀ ਗਿਣਤੀ ’ਚ ਸ਼ਮੂਲੀਅਤ ਕੀਤੀ। ਝੰਡਾ ਮਾਰਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੱਬੇਵਾਲ ਦੀ ਗਰਾਊਂਡ ਤੋਂ ਸ਼ੁਰੂ ਕੀਤਾ ਗਿਆ। ਮੁਲਾਜ਼ਮ ਆਗੂ ਕੁਲਵੰਤ ਸਿੰਘ ਸੈਣੀ, ਸੁਰਿੰਦਰ ਸਿੰਘ ਪੁਆਰੀ, ਐਨ.ਡੀ. ਤਿਵਾੜੀ, ਗੁਰਵਿੰਦਰ ਸਿੰਘ ਤੇ ਸ਼ਿੰਗਾਰਾ ਸਿੰਘ ਨੇ ਕਿਹਾ ਕਿ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਹੱਲ ਕਰਨ ਲਈ ਮੁੱਖ ਮੰਤਰੀ ਕੋਲ ਕੋਈ ਸਮਾਂ ਨਹੀਂ ਹੈ। ਸੂਰਜ ਪ੍ਰਕਾਸ਼ ਆਨੰਦ, ਇੰਦਰਜੀਤ ਵਿਰਦੀ, ਜਸਵਿੰਦਰ ਸਿੰਘ ਨੇ ਕਿਹਾ ਕਿ ਚਾਰ ਪ੍ਰਤੀਸ਼ਤ ਮਹਿੰਗਾਈ ਭੱਤਾ ਦੇਣ ਨਾਲ ਸੰਘਰਸ਼ ਨੂੰ ਨਹੀਂ ਰੋਕਿਆ ਜਾ ਸਕਦਾ। ਉਨ੍ਹਾਂ ਕਿਹਾ ਕਿ ਜਦੋਂ ਤੱਕ ਆਗੂਆਂ ’ਤੇ ਦਰਜ ਕੀਤੇ ਝੂਠੇ ਕੇਸ ਵਾਪਸ ਨਹੀਂ ਲਏ ਜਾਂਦੇ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਇਹ ਝੰਡਾ ਮਾਰਚ ਬਾਹੋਵਾਲ ਵਿੱਚ ਸਮਾਪਤ ਹੋਇਆ।