ਨਿੱਜੀ ਪੱਤਰ ਪ੍ਰੇਰਕ
ਜਲੰਧਰ, 15 ਮਈ
ਪੰਜਾਬ ਰੋਡਵੇਜ਼/ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਅਤੇ ਪੀਆਰਟੀਸੀ ਦੇ ਸਮੂਹ ਕੱਚੇ ਮੁਲਾਜ਼ਮਾਂ ਨੇ ਅੱਜ ਬੱਸ ਡਿਪੂਆਂ ’ਤੇ ਭਰਵੀਆਂ ਗੇਟ ਰੈਲੀਆਂ ਕੀਤੀਆਂ। ਇਸ ਮੌਕੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਮੁਲਾਜ਼ਮਾਂ ਨੇ ਕਿਹਾ ਕਿ ਪੰਜਾਬ ਰੋਡਵੇਜ਼/ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਅਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਦੀਆਂ ਕਰੋਨਾ ਕਾਰਨ ਜਾਨਾਂ ਜਾ ਰਹੀਆਂ ਹਨ। ਜਲੰਧਰ ਦੇ ਡਿਪੂ ਨੰਬਰ ਦੋ ’ਤੇ ਕੀਤੀ ਗਈ ਗੇਟ ਰੈਲੀ ਨੂੰ ਸੰਬੋਧਨ ਕਰਦਿਆਂ ਸੂਬਾ ਉਪ ਚੇਅਰਮੈਨ ਬਲਵਿੰਦਰ ਸਿੰਘ ਰਾਠ, ਡਿਪੂ ਪ੍ਰਧਾਨ ਗੁਰਪ੍ਰੀਤ ਸਿੰਘ, ਸਤਪਾਲ ਸਿੰਘ, ਚਾਨਣ ਸਿੰਘ ਤੇ ਦਲਜੀਤ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਰੋਡਵੇਜ਼ ਦੇ ਕੱਚੇ ਮੁਲਾਜ਼ਮਾਂ ਨਾਲ ਮਤਰੇਈ ਮਾਂ ਨਾਲੋਂ ਵੀ ਮਾੜਾ ਸਲੂਕ ਕੀਤਾ ਜਾ ਰਿਹਾ ਹੈ ਤੇ ਉਨ੍ਹਾਂ ਦੀਆਂ ਨੌਕਰੀਆਂ ਪੱਕੀਆਂ ਨਹੀਂ ਕੀਤੀਆਂ ਜਾ ਰਹੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਿਰੁੱਧ ਸੰਘਰਸ਼ ਤਿੱਖਾ ਕਰਨ ਲਈ 24 ਮਈ ਤੋਂ ਸਮੂਹ ਬੱਸ ਅੱਡਿਆਂ ਅਤੇ ਬੱਸਾਂ ਵਿੱਚ ਮੁਲਾਜ਼ਮਾਂ ਦੀਆਂ ਮੰਗਾਂ ਬਾਰੇ ਲੋਕਾਂ ਨੂੰ ਜਾਣੂ ਕਰਵਾਉਣ ਲਈ ਪੰਜਾਬ ਸਰਕਾਰ ਵਿਰੁੱਧ ਭੰਡੀ ਪ੍ਰਚਾਰ ਸ਼ੁਰੂ ਕੀਤਾ ਜਾਵੇਗਾ। ਇਸੇ ਸੰਘਰਸ਼ ਨੂੰ ਅੱਗੇ ਤੋਰਨ ਲਈ 5 ਅਤੇ 6 ਜੂਨ ਨੂੰ ਸਬ-ਕਮੇਟੀ ਵਿੱਚ ਸ਼ਾਮਿਲ ਕੈਬਨਿਟ ਮੰਤਰੀਆਂ ਦੇ ਘਰਾਂ ਅੱਗੇ ਧਰਨੇ ਦਿੱਤੇ ਜਾਣਗੇ।
ਉਨ੍ਹਾਂ ਕਿਹਾ ਕਿ 14 ਜੂਨ ਨੂੰ ਗੇਟ ਰੈਲੀਆਂ ਕਰਕੇ ਬੱਸ ਅੱਡੇ ’ਤੇ ਸਰਕਾਰ ਦੇ ਪੁਤਲੇ ਫੂਕੇ ਜਾਣਗੇ ਅਤੇ 25 ਜੂਨ ਨੂੰ ਗੇਟ ਰੈਲੀਆਂ ਕਰਕੇ ਸੰਘਰਸ਼ ਦੀ ਤਿਆਰੀ ਦਾ ਜਾਇਜ਼ਾ ਲਿਆ ਜਾਵੇਗਾ। ਇਨ੍ਹਾਂ ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਫਿਰ ਵੀ ਨਾ ਮੰਨੀ ਤਾਂ 28 ਤੋਂ 30 ਜੂਨ ਤੱਕ ਹੜਤਾਲ ਕੀਤੀ ਜਾਵੇਗੀ। ਪਠਾਨਕੋਟ (ਐੱਨਪੀ ਧਵਨ): ਅੱਜ ਪੰਜਾਬ ਰੋਡਵੇਜ਼/ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਅਤੇ ਪੀਆਰਟੀਸੀ ਦੇ ਸਮੂਹ ਕੱਚੇ ਮੁਲਾਜ਼ਮਾਂ ਨੇ ਇਥੇ ਰੋਡਵੇਜ਼ ਡਿਪੂ ’ਤੇ ਰੈਲੀ ਕੀਤੀ। ਰੈਲੀ ਨੂੰ ਯੂਨੀਅਨ ਆਗੂਆਂ ਗੁਰਮੀਤ ਸਿੰਘ, ਕਮਲਜੋਤੀ, ਬਲਵੀਰ ਸਿੰਘ, ਬਲਵਿੰਦਰ ਸਿੰਘ, ਰਾਕੇਸ਼ ਕੁਮਾਰ ਆਦਿ ਨੇ ਸੰਬੋਧਨ ਕੀਤਾ। ਇਸ ਮੌਕੇ ਡਿਪੂ ਪ੍ਰਧਾਨ ਸੁਖਵਿੰਦਰ ਸਿੰਘ ਨੇ ਕਿਹਾ ਕਿ ਕਰੋਨਾ ਮਹਾਮਾਰੀ ਵਿੱਚ ਡਿਊਟੀਆਂ ਨਿਭਾਉਂਦੇ ਸਮੇਂ ਜਾਨਾਂ ਕੁਰਬਾਨ ਕਰ ਚੁੱਕੇ ਕੱਚੇ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਇੱਕ ਧੇਲਾ ਵੀ ਸਰਕਾਰ ਵਲੋਂ ਮਦਦ ਨਹੀਂ ਕੀਤੀ ਗਈ ਅਤੇ ਇਸ ਕਮਾਊ ਮਹਿਕਮੇ ਨੂੰ ਪੰਜਾਬ ਸਰਕਾਰ ਵੱਲੋਂ ਬੰਦ ਕਰਨ ਦੀਆਂ ਨੀਤੀਆਂ ਤਹਿਤ ਟਰਾਂਸਪੋਰਟ ਮਾਫੀਆ ਨੂੰ ਸ਼ਹਿ ਦਿੱਤੀ ਜਾ ਰਹੀ ਹੈ।
ਮੁਫਤ ਸਫਰ ਦੀ ਸਹੂਲਤ ਜੁਮਲੇਬਾਜ਼ੀ ਕਰਾਰ
ਚੇਅਰਮੈਨ ਜਸਬੀਰ ਸਿੰਘ, ਸੀਨੀਅਰ ਮੀਤ ਪ੍ਰਧਾਨ ਰਾਮ ਚੰਦ, ਰਣਜੀਤ ਸਿੰਘ, ਦਵਿੰਦਰ ਸਿੰਘ, ਕੈਸ਼ੀਅਰ ਬਿਕਰਮਜੀਤ ਸਿੰਘ ਤੇ ਹੋਰਨਾਂ ਆਗੂਆਂ ਨੇ ਕਿਹਾ ਕਿ ਔਰਤਾਂ ਵਾਸਤੇ ਮੁਫਤ ਸਫਰ ਸਹੂਲਤ ਦਾ ਫੈਸਲਾ ਕੇਵਲ ਜੁਮਲੇਬਾਜ਼ੀ ਹੈ ਕਿਉਂਕਿ ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ ਕੋਲ ਬੱਸਾਂ ਨਾ ਮਾਤਰ ਰਹਿ ਗਈਆਂ ਹਨ। ਜੇਕਰ ਸਹੂਲਤਾਂ ਦੇਣੀਆਂ ਹਨ ਤਾਂ ਘੱਟੋ-ਘੱਟ 10,000 ਬੱਸਾਂ ਨਵੀਆਂ ਪਾਈਆਂ ਜਾਣ।