ਪਾਲ ਸਿੰਘ ਨੌਲੀ
ਜਲੰਧਰ, 11 ਨਵੰਬਰ
ਪੰਜਾਬ ਸਰਕਾਰ/ਸਿੱਖਿਆ ਵਿਭਾਗ ਵੱਲੋਂ ਨਵੀਂ ਭਰਤੀ ਅਧਿਆਪਕਾਂ/ਮੁਲਾਜ਼ਮਾਂ ’ਤੇ ਕੇਂਦਰੀ ਤਨਖਾਹ ਸਕੇਲ ਲਾਗੂ ਕਰਨ ਦੇ ਜਾਰੀ ਪੱਤਰ ਦੇ ਵਿਰੋਧ ਅਤੇ ਚਿਰਾਂ ਤੋਂ ਲਟਕਦੀਆਂ ਅਧਿਆਪਕ ਮੰਗਾਂ ਨੂੰ ਮਨਵਾਉਣ ਲਈ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਵੱਲੋਂ ਦਿੱਤੇ ਸੱਦੇ ਅਨੁਸਾਰ ਅੱਜ ਜ਼ਿਲ੍ਹਾ ਜਲੰਧਰ ਦੇ ਅਧਿਆਪਕਾਂ ਨੇ ਪ੍ਰਧਾਨ ਕਰਨੈਲ ਫਿਲੌਰ ਦੀ ਪ੍ਰਧਾਨਗੀ ਹੇਠ ਨਾਅਰੇਬਾਜ਼ੀ ਕਰਦਿਆਂ ਰੋਸ ਰੈਲੀ ਕੀਤੀ। ਇਸ ਉਪਰੰਤ ਪੰਜਾਬ ਸਰਕਾਰ ਦੀ ਅਰਥੀ ਦੇ ਨਾਲ-ਨਾਲ ਅਧਿਆਪਕਾਂ ਤੇ ਮੁਲਾਜ਼ਮਾਂ ’ਤੇ ਕੇਂਦਰੀ ਤਨਖਾਹ ਸਕੇਲ ਲਾਗੂ ਕਰਨ ਦੇ ਜਾਰੀ ਪੱਤਰ ਦੀਆਂ ਕਾਪੀਆਂ ਵੀ ਸਾੜੀਆਂ ਗਈਆਂ।
ਇਸ ਮੌਕੇ ਯੂਨੀਅਨ ਦੇ ਜਨਰਲ ਸਕੱਤਰ ਗਣੇਸ਼ ਭਗਤ ਨੇ ਕਿਹਾ ਕਿ ਅਧਿਆਪਕਾਂ ਦੀਆਂ ਸਾਂਝੀਆਂ ਮੰਗਾਂ ਲਈ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਪਿਛਲੇ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੀ ਹੈ। ਸੰਘਰਸ਼ ਕਰਨ ਦੇ ਬਾਵਜੂਦ ਵੀ ਪੰਜਾਬ ਸਰਕਾਰ ਜਥੇਬੰਦੀ ਨਾਲ ਗੱਲਬਾਤ ਕਰਨ ਤੋਂ ਪਾਸਾ ਵੱਟ ਰਹੀ ਹੈ। ਮੰਗਾਂ ਦਾ ਨਿਪਟਾਰਾ ਕਰਨ ਦੀ ਬਜਾਇ ਪੰਜਾਬ ਸਰਕਾਰ ਕੋਵਿਡ-19 ਦੀ ਆੜ ਵਿੱਚ ਅਧਿਆਪਕਾਂ/ਮੁਲਾਜ਼ਮਾਂ ਵਿਰੋਧੀ ਪੱਤਰ ਜਾਰੀ ਕਰ ਰਹੀ ਹੈ।
ਇਸ ਮੌਕੇ ਬੁਲਾਰਿਆਂ ਨੇ ਮੰਗ ਕੀਤੀ ਕਿ ਅਧਿਆਪਕਾਂ ਤੇ ਮੁਲਾਜ਼ਮਾਂ ’ਤੇ ਕੇਂਦਰੀ ਤਨਖਾਹ ਸਕੇਲ ਲਾਗੂ ਕਰਨ ਦਾ ਜਾਰੀ ਪੱਤਰ ਤੁਰੰਤ ਰੱਦ ਕੀਤਾ ਜਾਵੇ, ਆਨਲਾਈਨ ਸਿੱਖਿਆ ਦੇ ਨਾਂ ’ਤੇ ਅਧਿਆਪਕਾਂ ਤੋਂ 18-18 ਘੰਟੇ ਅਤੇ ਛੁੱਟੀ ਵਾਲੇ ਦਿਨ ਕੰਮ ਲੈਣਾ ਬੰਦ ਕੀਤਾ ਜਾਵੇ, ਆਨਲਾਈਨ ਸਿੱਖਿਆ ਦੇਣ ਅਤੇ ਅਧਿਕਾਰੀਆਂ ਵੱਲੋਂ ਕੀਤੀਆਂ ਜਾਂਦੀਆਂ ਆਨਲਾਈਨ ਮੀਟਿੰਗ ਸਕੂਲ ਸਮੇਂ ਅਨੁਸਾਰ ਕਰਨੀਆਂ ਯਕੀਨੀ ਬਣਾਈਆਂ ਜਾਣ ਤੇ ਸਿੱਖਿਆ ਦੇ ਨਿੱਜੀਕਰਨ ਅਤੇ ਵਪਾਰੀਕਰਨ ਨੂੰ ਤੁਰੰਤ ਬੰਦ ਕੀਤਾ ਜਾਵੇ। ਬੁਲਾਰਿਆਂ ਨੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਦੇ ਚੱਲ ਰਹੇ ਸੰਘਰਸ਼ ਦੀ ਪੁਰਜ਼ੋਰ ਹਮਾਇਤ ਕਰਦਿਆਂ ਕੇਂਦਰ ਸਰਕਾਰ ਤੋਂ ਕਿਸਾਨਾਂ ਦੇ ਮਸਲੇ ਹੱਲ ਕਰਨ ਦੀ ਮੰਗ ਵੀ ਕੀਤੀ ਅਤੇ ਅਧਿਆਪਕਾਂ ਨੂੰ ਕੇਂਦਰੀ ਟਰੇਡ ਯੂਨੀਅਨਾਂ ਅਤੇ ਮੁਲਾਜ਼ਮ ਫੈੱਡਰੇਸ਼ਨਾਂ ਦੇ ਸੱਦੇ ’ਤੇ 26 ਨਵੰਬਰ ਨੂੰ ਹੋ ਰਹੀ ਕੌਮੀ ਹੜਤਾਲ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ ਵੀ ਦਿੱਤਾ। ਇਸ ਸਮੇਂ ਭਰਾਤਰੀ ਜਥੇਬੰਦੀ ਪਸਸਫ ਵੱਲੋਂ ਸੂਬਾ ਜਨਰਲ ਸਕੱਤਰ ਤੀਰਥ ਸਿੰਘ ਬਾਸੀ ਤੇ ਡੀਟੀਐੱਫ ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਗੁਰਮੀਤ ਕੋਟਲੀ ਨੇ ਵੀ ਸੰਬੋਧਨ ਕੀਤਾ।