ਪੱਤਰ ਪ੍ਰੇਰਕ
ਹੁਸ਼ਿਆਰਪੁਰ/ਗੜ੍ਹਸ਼ੰਕਰ, 3 ਜੁਲਾਈ
ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਬਣਨ ਉਪਰੰਤ ਪਹਿਲੀ ਵਾਰ ਜ਼ਿਲ੍ਹਾ ਹੁਸ਼ਿਆਰਪੁਰ ਪੁੱਜੇ ਜੈ ਕ੍ਰਿਸ਼ਨ ਸਿੰਘ ਰੌੜੀ ਨੂੰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਰੈਸਟ ਹਾਊਸ ਮਾਹਿਲਪੁਰ ਵਿਖੇ ਗਾਰਡ ਆਫ਼ ਆਨਰ ਦਿੱਤਾ ਗਿਆ। ਸ੍ਰੀ ਰੌੜੀ ਦਾ ਡਿਪਟੀ ਕਮਿਸ਼ਨਰ ਸੰਦੀਪ ਹੰਸ ਅਤੇ ਐੱਸਐੱਸਪੀ ਸਰਤਾਜ ਸਿੰਘ ਚਾਹਲ ਵੱਲੋਂ ਸਵਾਗਤ ਕੀਤਾ ਗਿਆ। ਗਾਰਡ ਆਫ ਆਨਰ ਤੋਂ ਬਾਅਦ ਜੈ ਕ੍ਰਿਸ਼ਨ ਸਿੰਘ ਰੌੜੀ ਪਰਿਵਾਰ ਸਮੇਤ ਗੁਰਦੁਆਰਾ ਸ਼ਹੀਦਾਂ ਸਾਹਿਬ ਲੱਧੇਵਾਲ ਵਿਖੇ ਨਤਮਸਤਕ ਹੋਏ। ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਰੌੜੀ ਨੇ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਹ ਇਲਾਕੇ ਨੂੰ ਵਿਕਾਸ ਦੀਆਂ ਲੀਹਾਂ ’ਤੇ ਪਾਉਣ ਲਈ ਜੀਅ ਤੋੜ ਯਤਨ ਕਰਦੇ ਰਹਿਣਗੇ। ਉਨ੍ਹਾਂ ਕਿਹਾ ਕਿ ਜਿੱਥੇ ਪੰਜਾਬ ਸਰਕਾਰ ਵਲੋਂ ਭ੍ਰਿਸ਼ਟਾਚਾਰ ਨੂੰ ਠੱਲ ਪਾਈ ਜਾ ਰਹੀ ਹੈ, ਉਥੇ ਸਰਕਾਰ ਵਲੋਂ ਹਰ ਘਰ ਨੂੰ 300 ਯੂਨਿਟ ਮੁਫ਼ਤ ਬਿਜਲੀ ਦੀ ਸਹੂਲਤ ਦੇ ਕੇ ਆਪਣਾ ਵਾਅਦਾ ਪੂਰਾ ਕੀਤਾ ਗਿਆ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਪੰਜਾਬ ਸਰਕਾਰ ਜੀ ਤੋੜ ਯਤਨ ਕਰ ਰਹੀ ਹੈ। ਉਨ੍ਹਾਂ ਡਿਪਟੀ ਸਪੀਕਰ ਦੇ ਸੰਵਿਧਾਨਕ ਅਹੁਦੇ ਲਈ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਅਤੇ ਵਿਧਾਨ ਸਭਾ ਮੈਂਬਰਾਂ ਦਾ ਧੰਨਵਾਦ ਕੀਤਾ।