ਹਰਪ੍ਰੀਤ ਕੌਰ
ਹੁਸ਼ਿਆਰਪੁਰ, 28 ਸਤੰਬਰ
ਗੈਸਟ ਫੈਕਲਟੀ ਅਧਿਆਪਕਾਂ ਦਾ ਇਕ ਵਫਦ ਰਣਜੀਤ ਸਿੰਘ ਦੀ ਅਗਵਾਈ ਹੇਠ ਸਾਬਕਾ ਕੈਬਨਿਟ ਮੰਤਰੀ ਤੀਕਸ਼ਣ ਸੂਦ ਨੂੰ ਮਿਲਿਆ ਤੇ ਪੇਸ਼ ਆ ਰਹੀਆਂ ਸਮੱਸਿਆਵਾਂ ਸਬੰਧੀ ਮੰਗ ਪੱਤਰ ਦਿੱਤਾ। ਗੈਸਟ ਫ਼ੈਕਲਟੀ ਅਧਿਆਪਕਾਂ ਨੇ ਦੱਸਿਆ ਕਿ ਉਹ ਪਿਛਲੇ ਕਰੀਬ 15-20 ਸਾਲਾਂ ਤੋਂ ਸਰਕਾਰੀ ਕਾਲਜਾਂ ਵਿਚ ਸੇਵਾਵਾਂ ਨਿਭਾ ਰਹੇ ਹਨ ਪਰ ਅੱਜ ਤੱਕ ਸਮੇਂ-ਸਮੇਂ ਦੀਆਂ ਸਰਕਾਰਾਂ ਨੇ ਉਨ੍ਹਾਂ ਦੀ ਕਦੇ ਸਾਰ ਨਹੀਂ ਲਈ। ਉਨ੍ਹਾਂ ਦੱਸਿਆ ਕਿ ਪਿਛਲੀਆਂ ਸਰਕਾਰਾਂ ਵਾਂਗ ਮੌਜੂਦਾ ਮਾਨ ਸਰਕਾਰ ਨੇ ਵੀ ਚੋਣਾਂ ਦੌਰਾਨ ਉਨ੍ਹਾਂ ਨੂੰ ਪੱਕਾ ਕਰਨ ਦਾ ਭਰੋਸਾ ਦਿੱਤਾ ਸੀ ਪਰ ਅੱਜ ਤੱਕ ਅਜਿਹਾ ਨਹੀਂ ਹੋਇਆ। ਉਨ੍ਹਾਂ ਦੱਸਿਆ ਕਿ ਪਿਛਲੀ ਕਾਂਗਰਸ ਸਰਕਾਰ ਵੇਲੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਲਿਖਤੀ ਟੈਸਟ ਲੈ ਕੇ 1158 ਸਰਕਾਰੀ ਕਾਲਜਾਂ ਦੇ ਅਧਿਆਪਕਾਂ ਦੀ ਭਰਤੀ ਨੂੰ ਮਨਜ਼ੂਰੀ ਦਿੱਤੀ ਸੀ ਜਿਸ ਨੂੰ ਆਮ ਆਦਮੀ ਪਾਰਟੀ ਸਮੇਤ ਹੋਰ ਵਿਰੋਧੀ ਦਲਾਂ ਨੇ ਇਸ ਵਿਚ ਧਾਂਦਲੀ ਦਾ ਹੋਣਾ ਦੱਸਿਆ ਅਤੇ ਹਾਈ ਕੋਰਟ ਨੇ ਵੀ ਇਸ ਨੂੰ ਰੱਦ ਕਰ ਦਿੱਤਾ ਸੀ। ਮਾਨ ਸਰਕਾਰ ਨੇ ਹਾਈ ਕੋਰਟ ਦੇ ਫ਼ੈਸਲੇ ਖਿਲਾਫ਼ ਅਦਾਲਤ ਵਿਚ ਐੱਲਪੀਏ ਦਾਇਰ ਕੀਤੀ ਜਿਸ ਨੂੰ ਹਾਲ ਹੀ ਵਿਚ ਮਨਜ਼ੂਰ ਕਰ ਲਿਆ ਗਿਆ ਜਿਸ ਨਾਲ ਹੁਣ ਗੈਸਟ ਫ਼ੈਕਲਟੀ ਅਧਿਆਪਕਾਂ ਦੀ ਛੁੱਟੀ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਇਕ ਪੱਤਰ ਜਾਰੀ ਕਰਕੇ 28 ਤੇ 29 ਸਤੰਬਰ ਨੂੰ ਛੁੱਟੀਆਂ ਵਾਲੇ ਦਿਨ ਕਰਮਚਾਰੀਆਂ ਨੂੰ ਦਫ਼ਤਰ ਪੁੱਜਣ ਦੀ ਹਦਾਇਤ ਕੀਤੀ ਹੈ ਤਾਂ ਜੋ ਸਹਾਇਕ ਪ੍ਰੋਫ਼ੈਸਰਾਂ ਨੂੰ ਉਨ੍ਹਾਂ ਦੇ ਅਹੁਦਿਆਂ ’ਤੇ ਨਿਯੁਕਤ ਕੀਤਾ ਜਾ ਸਕੇ, ਜੋ ਸਰਾਸਰ ਧੱਕੇਸ਼ਾਹੀ ਹੈ। ਸੂਦ ਨੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਇਸ ਸਬੰਧੀ ਰਾਜਪਾਲ ਨੂੰ ਪੱਤਰ ਲਿਖ ਕੇ ਜਾਣੂ ਕਰਵਾਇਆ ਜਾਵੇਗਾ।