ਜਗਜੀਤ ਸਿੰਘ
ਮੁਕੇਰੀਆਂ, 16 ਅਕਤੂਬਰ
ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ ਨੇ ਕਿਹਾ ਕਿ ਕਿਸਾਨੀ ਰੋਹ ਕਾਰਨ ਹਰਸਿਮਰਤ ਕੌਰ ਨੂੰ ਆਪਣੀ ਕੁਰਸੀ ਗੁਆਉਣੀ ਪਈ ਹੈ ਜਦੋਂਕਿ ਕਿਸਾਨੀ ਰੋਹ ਭਖਣ ਤੋਂ ਪਹਿਲਾਂ ਉਹ ਇਨ੍ਹਾਂ ਕਾਨੂੰਨਾਂ ਨੂੰ ਕਿਸਾਨ ਪੱਖੀ ਦੱਸਦੇ ਰਹੇ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤਾਂ ਮੁੱਖ ਮੰਤਰੀ ਵਲੋਂ ਸੱਦੀ ਸਰਬ ਪਾਰਟੀ ਮੀਟਿੰਗ ਵਿੱਚ ਵੀ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਕਿਸਾਨ ਦੀ ਆਮਦਨ ਵਧਾਉਣ ਵਾਲੇ ਕਰਾਰ ਦਿੰਦੇ ਸਨ। ਉਹ ਬੀਤੀ ਸ਼ਾਮ ਨੇੜਲੇ ਪਿੰਡ ਮੰਝਪੁਰ ਵਿਖੇ ਸਾਬਕਾ ਹਲਕਾ ਇੰਚਾਰਜ ਪ੍ਰੋਫੈਸਰ ਗੁਰਧਿਆਨ ਸਿੰਘ ਮੁਲਤਾਨੀ ਦੀ ਅਗਵਾਈ ਵਿੱਚ ਪਾਰਟੀ ਵਲੋਂ ਪੰਜਾਬ ਵਿੱਚ ਸ਼ੁਰੂ ਕੀਤੀ ‘ਗ੍ਰਾਮ ਸਭਾ ਬੁਲਾਓ-ਪਿੰਡ ਬਚਾਓ, ਪੰਜਾਬ ਬਚਾਓ’ ਮੁਹਿੰਮ ਤਹਿਤ ਗ੍ਰਾਮ ਸਭਾ ਨੂੰ ਸੰਬੋਧਨ ਕਰਨ ਪੁੱਜੇ ਸਨ। ਹਰਪਾਲ ਚੀਮਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਨੀਅਤ ’ਤੇ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ 28 ਸਤੰਬਰ ਨੂੰ ਵਿਧਾਨ ਸਭਾ ਵਲੋਂ ਖੇਤੀ ਬਿੱਲਾਂ ਖਿਲਾਫ਼ ਮਤਾ ਉਨ੍ਹਾਂ ਜਾਣਬੁੱਝ ਕੇ ਕਾਨੂੰਨਾਂ ਦੇ ਪਾਸ ਹੋਣ ਉਪਰੰਤ ਕੇਂਦਰ ਸਰਕਾਰ ਨੂੰ ਭੇਜਿਆ ਤਾਂ ਜੋ ਬਿੱਲਾਂ ਦੇ ਪਾਸ ਹੋਣ ਵਿੱਚ ਰੁਕਾਵਟ ਨਾ ਬਣ ਸਕੇ।
ਉਨ੍ਹਾਂ ਕਿਹਾ ਕਿ ਕਿਸਾਨੀ ਸੰਘਰਸ਼ ਨੂੰ ਤਾਰਪੀਡੋ ਕਰਨ ਲਈ ਕੇਂਦਰ ਦੀ ਮੋਦੀ ਸਰਕਾਰ, ਸੂਬੇ ਦੀ ਕਾਂਗਰਸ ਅਤੇ ਅਕਾਲੀ ਦਲ ਨਾਕਾਮ ਕੋਸ਼ਿਸ਼ ਕਰ ਰਹੇ ਹਨ। ਅਜਿਹੇ ਹਾਲਾਤ ਵਿੱਚ ਗ੍ਰਾਮ ਸਭਾ ਬੁਲਾ ਕੇ ਮਤਾ ਪਾਸ ਕਰਨਾ ਹੀ ਕਿਸਾਨੀ ਸੰਘਰਸ਼ ਨੂੰ ਮਜ਼ਬੂਤ ਕਰਨ ਵਾਲਾ ਹਥਿਆਰ ਹੈ। ਉਨ੍ਹਾਂ ਸਮੂਹ ਪੰਚਾਇਤਾਂ ਨੂੰ ਮਤੇ ਪਾਸ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਭਾਜਪਾ ਪੱਖੀ ਪੰਚਾਇਤਾਂ ਜੇਕਰ ਮਤੇ ਪਾਸ ਨਹੀਂ ਕਰਦੀਆਂ ਤਾਂ ਹਰ ਪਿੰਡ ਦੇ 20 ਫੀਸਦੀ ਲੋਕ ਇਕੱਤਰ ਹੋ ਕੇ ਮਤੇ ਪਾਸ ਕਰਨ।