ਗੁਰਮੀਤ ਸਿੰਘ ਖੋਸਲਾ
ਸ਼ਾਹਕੋਟ, 10 ਮਈ
ਰਾਸ਼ਟਰੀ ਸਿਹਤ ਮਿਸ਼ਨ ਯੋਜਨਾ ਤਹਿਤ ਠੇਕੇ ’ਤੇ ਸੇਵਾਵਾਂ ਪ੍ਰਦਾਨ ਕਰ ਰਹੇ ਬਲਾਕ ਸ਼ਾਹਕੋਟ ਤੇ ਲੋਹੀਆਂ ਖਾਸ ਦੇ ਸਿਹਤ ਕਾਮਿਆਂ ਨੇ ਸਰਕਾਰੀ ਧਮਕੀ ਨੂੰ ਨਕਾਰਦਿਆਂ ਅੱਜ ਸੱਤਵੇਂ ਦਿਨ ਵੀ ਹੜਤਾਲ ਕਰਕੇ ਸੇਵਾਵਾਂ ਰੈਗੂਲਰ ਕਰਨ ਦੀ ਮੰਗ ਕਰਦਿਆਂ ਮੰਗ ਪੂਰੀ ਹੋਣ ਤੱਕ ਹੜਤਾਲ ਜਾਰੀ ਰੱਖਣ ਦਾ ਐਲਾਨ ਕੀਤਾ। ਯੂਨੀਅਨ ਆਗੂ ਡਾ. ਧੀਰਜ ਕੁਮਾਰ ਨੇ ਦੱਸਿਆ ਕਿ ਘਰ-ਘਰ ਰੁਜ਼ਗਾਰ ਦੇਣ ਦਾ ਵਾਅਦਾ ਕਰਕੇ ਸੱਤਾ ਵਿਚ ਆਈ ਕਾਂਗਰਸ ਸਰਕਾਰ ਹੁਣ ਸੇਵਾਵਾਂ ਰੈਗੂਲਰ ਕਰਨ ਦੀ ਬਜਾਏ ਰੁਜ਼ਗਾਰ ਖੋਹਣ ਦੀਆਂ ਧਮਕੀਆਂ ਦੇਣ ’ਤੇ ਆ ਗਈ ਹੀ ਹੈ। ਸਰਕਾਰ ਵੱਲੋਂ ਸਿਹਤ ਕਾਮਿਆਂ ਨੂੰ ਨੌਕਰੀ ਤੋਂ ਕੱਢਣ ਦੀਆਂ ਧਮਕੀਆਂ ਨੂੰ ਕੁਚਲਦਿਆਂ ਉਨ੍ਹਾਂ ਨੇ ਹੜਤਾਲ ਕਰਕੇ ਆਪਣੀ ਏਕਤਾ ਦਾ ਸਬੂਤ ਦਿੱਤਾ। ਉਨ੍ਹਾਂ ਕਿਹਾ ਕਿ ਸੰਘਰਸ਼ ਸੇਵਾਵਾਂ ਰੈਗੂਲਰ ਹੋਣ ਨਾਲ ਹੀ ਸਮਾਪਤ ਹੋਵੇਗਾ। ਜ਼ਿਕਰਯੋਗ ਹੈ ਕਿ ਕਰੋਨਾ ਮਹਾਮਾਰੀ ਦੌਰਾਨ ਸਿਹਤ ਕਾਮਿਆਂ ਦੀ ਹੜਤਾਲ ਨਾਲ ਸਿਹਤ ਸੇਵਾਵਾਂ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਗਈਆਂ ਹਨ।
ਟਾਂਡਾ (ਪੱਤਰ ਪ੍ਰੇਰਕ): ਇਥੋਂ ਦੇ ਸਰਕਾਰੀ ਹਸਪਤਾਲ ਦੇ ਐੱਨਐੱਚਐੱਮ ਐਂਪਲਾਈਜ਼ ਯੂਨੀਅਨ ਨਾਲ ਜੁੜੇ ਕਾਮਿਆਂ ਵੱਲੋਂ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਸ਼ੁਰੂ ਕੀਤੀ ਅਣਮਿੱਥੇ ਸਮੇਂ ਦੀ ਹੜਤਾਲ ਅੱਜ 7ਵੇਂ ਦਿਨ ਵੀ ਜਾਰੀ ਰਹੀ। ਉਧਰ ਅੱਜ ਸਰਕਾਰ ਵੱਲੋੋਂ ਹੜਤਾਲ ਕਰ ਰਹੇ ਕਰਮਚਾਰੀਆਂ ਨੂੰ ਨੌਕਰੀਓਂ ਕੱਢੇ ਜਾਣ ਦੀ ਧਮਕੀ ਤੋਂ ਬਾਅਦ ਕੁਝ ਕਰਮਚਾਰੀਆਂ ਨੇ ਹੜਤਾਲ ਵਿੱਚ ਹਿੱਸਾ ਨਹੀਂ ਲਿਆ।
ਤਰਨ ਤਾਰਨ (ਗੁਰਬਖ਼ਸ਼ਪੁਰੀ): ਐੱਨਐੱਚਐੱਮ ਵਰਗ ਦੇ ਸਮੂਹ ਡਾਕਟਰਾਂ, ਸਟਾਫ਼ ਨਰਸਾਂ, ਫਾਰਮਾਸਿਸਟਾਂ, ਸੀਐਚਓਜ਼, ਦਫਤਰੀ ਅਮਲੇ ਦੇ ਮੁਲਾਜ਼ਮਾਂ ਨੇ ਹੜਤਾਲ ਕਰਦਿਆਂ ਅੱਜ ਇਥੇ ਸਿਵਲ ਸਰਜਨ ਦੇ ਦਫਤਰ ਸਾਹਮਣੇ ਧਰਨਾ ਦੇ ਕੇ ਅਧਿਕਾਰੀ ਨੂੰ ਇਕ ਮੰਗ ਪੱਤਰ ਵੀ ਦਿੱਤਾ| ਇਸ ਮੌਕੇ ਜਥੇਬੰਦੀ ਦੀ ਜ਼ਿਲ੍ਹਾ ਪ੍ਰਧਾਨ ਸੁਖਬੀਰ ਕੌਰ ਤੋਂ ਇਲਾਵਾ ਸੋਹਾਵਾ ਸਿੰਘ, ਨੀਰੂ ਮੰਨਣ, ਮਨਦੀਪ ਸਿੰਘ, ਜਸਬੀਰ ਸਿੰਘ ਆਦਿ ਨੇ ਸੰਬੋਧਨ ਕੀਤਾ|
ਗੜ੍ਹਸ਼ੰਕਰ (ਪੱਤਰ ਪ੍ਰੇਰਕ): ਨੈਸ਼ਨਲ ਸਿਹਤ ਮਿਸ਼ਨ ਤਹਿਤ ਕੰਮ ਕਰਦੇ ਸਿਹਤ ਕਰਮਚਾਰੀਆਂ ਦੇ ਇਕ ਵਫ਼ਦ ਨੇ ਅੱਜ ਹਲਕਾ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੌੜੀ ਨੂੰ ਆਪਣੀਆਂ ਮੰਗਾਂ ਦੇ ਹੱਲ ਸਬੰਧੀ ਇਕ ਮੰਗ ਪੱਤਰ ਦਿੱਤਾ। ਹਲਕਾ ਵਿਧਾਇਕ ਸ੍ਰੀ ਰੌੜੀ ਨੇ ਕਿਹਾ ਕਿ ਉਹ ਮੁੱਖ ਮੰਤਰੀ ਤੱਕ ਮੰਗ ਪੱਤਰ ਪਹੁੰਚਾ ਕੇ ਉਨ੍ਹਾਂ ਦੀਆਂ ਮੰਗਾਂ ਦੀ ਪੂਰਤੀ ਲਈ ਯਤਨ ਕਰਨਗੇ।
ਹੁਸ਼ਿਆਰਪੁਰ (ਹਰਪ੍ਰੀਤ ਕੌਰ): ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫ਼ੈਡਰੇਸ਼ਨ ਵਲੋਂ ਐਨ.ਐਚ.ਐਮ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਵਾਉਣ ਲਈ ਫ਼ੈਡਰੇਸ਼ਨ ਦਾ ਇਕ ਵਫ਼ਦ ਤਹਿਸੀਲ ਪ੍ਰਧਾਨ ਮਨਜੀਤ ਸਿੰਘ ਬਾਜਵਾ ਦੀ ਅਗਵਾਈ ਹੇਠ ਸਿਵਲ ਸਰਜਨ ਨੂੰ ਮਿਲਿਆ ਅਤੇ ਮੰਗ ਪੱਤਰ ਦਿੱਤਾ।