ਪਾਲ ਸਿੰਘ ਨੌਲੀ
ਜਲੰਧਰ, 2 ਜੂਨ
ਪਤੀ-ਪਤਨੀ ਅਤੇ ਉਨ੍ਹਾਂ ਦੇ ਦੋ ਬੱਚਿਆਂ ਨੇ ਪੁਲੀਸ ਕਮਿਸ਼ਨਰ ਦਫ਼ਤਰ ਦੇ ਬਾਹਰ ਧਰਨਾ ਲਾ ਦਿੱਤਾ। ਉਨ੍ਹਾਂ ਦੋਸ਼ ਲਾਇਆ ਕਿ ਪਿਛਲੇ ਨੌਂ ਮਹੀਨਿਆਂ ਤੋਂ ਉਨ੍ਹਾਂ ਨਾਲ ਹੋਈ ਕੁੱਟਮਾਰ ਦੀ ਉਹ ਸ਼ਿਕਾਇਤ ਕਰ ਰਹੇ ਹਨ ਪਰ ਪੁਲੀਸ ਕੋਈ ਇਨਸਾਫ਼ ਨਹੀਂ ਦੇ ਰਹੀ। ਕੋਟ ਰਾਮਦਾਸ ਦੀ ਰਹਿਣ ਵਾਲੀ ਜੋਤੀ ਨੇ ਦੱਸਿਆ ਕਿ ਉਸ ਦੀ ਸੱਸ ਤੇ ਦਿਓਰ ਉਸ ’ਤੇ ਤਸ਼ੱਦਦ ਕਰ ਰਹੇ ਹਨ ਤੇ ਪਿਛਲੇ ਸਾਲ 25 ਅਗਸਤ ਨੂੰ ਉਸ ਦੀ ਉਦੋਂ ਕੁੱਟਮਾਰ ਕੀਤੀ ਗਈ ਜਦੋਂ ਉਹ ਖਾਣਾ ਬਣਾ ਰਹੀ ਸੀ। ਉਸ ਦੇ ਕਾਫੀ ਸੱਟਾਂ ਲੱਗੀਆਂ ਸਨ। ਉਸ ਨੇ ਦੋਸ਼ ਲਾਇਆ ਕਿ ਐੱਮਐੱਲਆਰ ਕੱਟਣ ਦੇ ਬਾਵਜੂਦ ਪੁਲੀਸ ਨੇ ਕੋਈ ਕਾਰਵਾਈ ਨਹੀਂ ਕੀਤੀ। ਜੋਤੀ ਨੇ ਦੋਸ਼ ਲਾਇਆ ਕਿ ਕੁਝ ਦਿਨ ਬਾਅਦ ਫਿਰ ਉਸ ’ਤੇ ਅਣਜਾਣ ਬੰਦਿਆਂ ਨੇ ਘਰ ਵਿੱਚ ਆ ਕੇ ਹਮਲਾ ਕਰ ਦਿੱਤਾ ਤੇ ਉਸ ਦੀ ਇੱਜ਼ਤ ਨੂੰ ਹੱਥ ਪਾਉਣ ਦੀ ਕੋਸ਼ਿਸ਼ ਕੀਤੀ। ਉਸ ਵੇਲੇ ਵੀ ਪੁਲੀਸ ਨੂੰ ਸੱਦ ਕੇ ਘਟਨਾ ਬਾਰੇ ਦੱਸਿਆ ਸੀ ਪਰ ਪੁਲੀਸ ਨੇ ਕੋਈ ਕਾਰਵਾਈ ਨਹੀਂ ਕੀਤੀ।
ਪਤੀ-ਪਤਨੀ ਨੇ ਦੋਸ਼ ਲਾਇਆ ਕਿ ਉਸ ਤੋਂ ਬਾਅਦ ਵੀ ਹੋਈਆਂ ਘਟਨਾਵਾਂ ਬਾਰੇ ਦੱਸਣ ਲਈ ਉਹ ਰਾਮਾਮੰਡੀ ਥਾਣੇ ਗਏ ਸਨ ਤੇ ਆਪਣੀ ਜਾਨ ਨੂੰ ਖਤਰਾ ਦੱਸਿਆ ਸੀ, ਪਰ ਫਿਰ ਵੀ ਪੁਲੀਸ ਨੇ ਕੋਈ ਕਾਰਵਾਈ ਨਹੀਂ ਕੀਤੀ। ਉਨ੍ਹਾਂ ਦੋਸ਼ ਲਾਇਆ ਕਿ ਪੁਲੀਸ ਇਨਸਾਫ ਦੇਣ ਦੀ ਥਾਂ ਉਨ੍ਹਾਂ ਨੂੰ ਜ਼ਲੀਲ ਕਰ ਰਹੀ ਹੈ। ਡੀਸੀਪੀ ਜਗਮੋਹਨ ਸਿੰਘ ਨੇ ਪੀੜਤ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਸ਼ਿਕਾਇਤ ’ਤੇ ਜਾਂਚ ਕਰ ਕੇ ਕਾਰਵਾਈ ਕੀਤੀ ਜਾਵੇਗੀ।