ਹੁਸ਼ਿਆਰਪੁਰ: ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਦੀ ਆਨਲਾਈਨ ਵਰਚੁਅਲ ਮੀਟਿੰਗ ਫ਼ਰੰਟ ਦੇ ਕਨਵੀਨਰ ਸੁਖਦੇਵ ਸਿੰਘ ਸੈਣੀ ਦੀ ਅਗਵਾਈ ਹੇਠ ਹੋਈ। ਮੀਟਿੰਗ ’ਚ ਫ਼ਰੰਟ ਦੀ 25 ਜੁਲਾਈ ਨੂੰ ਮੁੱਖ ਮੰਤਰੀ ਨਾਲ ਹੋਣ ਵਾਲੀ ਮੀਟਿੰਗ ਬਾਰੇ ਚਰਚਾ ਕੀਤੀ ਗਈ। ਫ਼ਰੰਟ ਦੇ ਆਗੂ ਸਤੀਸ਼ ਰਾਣਾ ਨੇ ਦੱਸਿਆ ਕਿ ਮੀਟਿੰਗ ਬਾਰੇ ਅੱਜ ਤੱਕ ਉਨ੍ਹਾਂ ਨੂੰ ਕੋਈ ਸੱਦਾ ਪੱਤਰ ਨਹੀਂ ਮਿਲਿਆ। ਆਗੂਆਂ ਨੇ ਐਲਾਨ ਕੀਤਾ ਕਿ ਜੇ ਇਸ ਮੀਟਿੰਗ ਬਾਰੇ ਉਨ੍ਹਾਂ ਨੂੰ ਨਹੀਂ ਬੁਲਾਇਆ ਗਿਆ ਤਾਂ 25, 26 ਤੇ 27 ਜੁਲਾਈ ਨੂੰ ਪੰਜਾਬ ਭਰ ਵਿਚ ਸੂਬਾ ਸਰਕਾਰ ਖਿਲਾਫ਼ ਅਰਥੀ ਫ਼ੂਕ ਮੁਜ਼ਾਹਰੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਫ਼ਰੰਟ ਦਾ ਇਕ ਵਫ਼ਦ 25 ਜੁਲਾਈ ਨੂੰ ਸਵੇਰੇ 11 ਵਜੇ ਪੰਜਾਬ ਭਵਨ ਚੰਡੀਗੜ੍ਹ ਵਿਖੇ ਮੀਟਿੰਗ ਦੀ ਕਾਰਵਾਈ ਪਾਉਣ ਲਈ ਜ਼ਰੂਰ ਪਹੁੰਚੇਗਾ। ਉਨ੍ਹਾਂ ਦੱਸਿਆ ਕਿ 10 ਅਗਸਤ ਨੂੰ ਪੈਨਸ਼ਨਰ ਇਨਫ਼ੋਰਸਮੈਂਟ ਸੈਂਟਰ ਲੁਧਿਆਣਾ ਵਿਖੇ ਮੀਟਿੰਗ ਕਰਕੇ ਅਗਲੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ। -ਪੱਤਰ ਪ੍ਰੇਰਕ