ਪੱਤਰ ਪ੍ਰੇਰਕ
ਹੁਸ਼ਿਆਰਪੁਰ, 21 ਫ਼ਰਵਰੀ
ਸਿਹਤ ਵਿਭਾਗ ਦੀ ਟੀਮ ਨੇ ਜ਼ਿਲ੍ਹਾ ਸਿਹਤ ਅਫ਼ਸਰ ਡਾ. ਲਖਵੀਰ ਸਿੰਘ ਦੀ ਅਗਵਾਈ ਹੇਠ ਸ਼ਹਿਰ ਦੇ ਆਸ-ਪਾਸ ਦੇ ਇਲਾਕਿਆਂ ’ਚ ਚੱਲ ਰਹੇ ਗੁੜ ਬਣਾਉਣ ਵਾਲੇ ਵੇਲਣਿਆਂ ਅਤੇ ਕਰਿਆਨਾ ਸਟੋਰਾਂ ’ਤੇ ਛਾਪੇ ਮਾਰ ਕੇ ਖਾਧ ਪਦਾਰਥਾਂ ਦੇ 13 ਨਮੂਨੇ ਭਰੇ। ਜ਼ਿਲ੍ਹਾ ਸਿਹਤ ਅਫ਼ਸਰ ਨੇ ਦੱਸਿਆ ਕਿ ਵਿਭਾਗ ਦੀ ਟੀਮ ਨੇ ਅੱਜ ਜਲੰਧਰ ਰੋਡ ’ਤੇ ਸਥਿਤ ਪਿੰਡ ਮੰਡਿਆਲਾ ਨੇੜੇ ਚੱਲ ਰਹੇ ਗੁੜ ਬਣਾਉਣ ਵਾਲੇ ਵੇਲਣੇ ਅਤੇ ਕਰਿਆਨਾ ਸਟੋਰਾਂ ’ਤੇ ਛਾਪੇ ਮਾਰੇ। ਇਸ ਦੌਰਾਨ ਟੀਮ ਨੇ ਗੁੜ, ਸ਼ੱਕਰ, ਦਾਲਾਂ, ਚਾਹ ਪੱਤੀ, ਬੇਸਣ, ਦੁੱਧ ਆਦਿ ਦੇ 13 ਨਮੂਨੇ ਭਰੇ। ਸਿਹਤ ਅਧਿਕਾਰੀ ਨੇ ਦੱਸਿਆ ਕਿ ਨਮੂਨਿਆਂ ਨੂੰ ਜਾਂਚ ਵਾਸਤੇ ਲੈਬਾਰਟਰੀ ਭੇਜ ਦਿੱਤਾ ਗਿਆ ਹੈ ਅਤੇ ਰਿਪੋਰਟ ਆਉਣ ਉਪਰੰਤ ਫ਼ੂਡ ਸੇਫ਼ਟੀ ਤੇ ਸਟੈਂਡਰਡ ਐਕਟ ਤਹਿਤ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਦੁਕਾਨਦਾਰਾਂ ਨੂੰ ਹਦਾਇਤ ਕੀਤੀ ਕਿ ਉਹ ਮਿਲਾਵਟਖੋਰੀ ਤੋਂ ਗੁਰੇਜ਼ ਕਰਨ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਿਸੇ ਕੀਮਤ ’ਤੇ ਸਹਿਣ ਨਹੀਂ ਕੀਤਾ ਜਾਵੇਗਾ।