ਪੱਤਰ ਪ੍ਰੇਰਕ
ਹੁਸ਼ਿਆਰਪੁਰ, 27 ਸਤੰਬਰ
ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਲਾਲ ਲਕੀਰ ਦੇ ਅੰਦਰ ਰਹਿ ਰਹੇ ਲੋਕਾਂ ਨੂੰ ਜਲਦੀ ਹੀ ਮਾਲਕਾਨਾ ਹੱਕ ਮਿਲਣਗੇ। ਇਸ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਸਕੀਮ ‘ਮੇਰਾ ਘਰ ਮੇਰੇ ਨਾਮ’ ਤਹਿਤ ਜ਼ਿਲ੍ਹੇ ਵਿੱਚ ਲਾਲ ਲਕੀਰ ਦੇ ਅੰਦਰ ਰਹਿ ਰਹੇ ਲੋਕਾਂ ਨੂੰ ਮਾਲਕੀ ਦਾ ਹੱਕ ਮਿਲਣ ਨਾਲ ਉਨ੍ਹਾਂ ਨੂੰ ਵੱਡਾ ਫਾਇਦਾ ਹੋਵੇਗਾ।ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਉਨ੍ਹਾਂ ਦਾ ਪ੍ਰਾਪਰਟੀ ਕਾਰਡ ਬਣ ਜਾਵੇਗਾ, ਜਿਸ ਨਾਲ ਉਹ ਕਰਜ਼ ਅਤੇ ਹੋਰਨਾਂ ਸਹੂਲਤਾਂ ਦਾ ਲਾਭ ਲੈ ਸਕਣਗੇ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸਮੁੱਚੇ ਜ਼ਿਲ੍ਹੇ ਵਿਚ ਸਮੂਹ ਯੋਗ ਲਾਭਪਾਤਰੀਆਂ ਨੂੰ ਇਸ ਸਕੀਮ ਦਾ ਲਾਭ ਦੇਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਜ਼ਿਲ੍ਹਾ ਮਾਲ ਅਫ਼ਸਰ ਗੁਰਮੀਤ ਸਿੰਘ ਨੂੰ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸਮੁੱਚੀ ਪ੍ਰਕਿਰਿਆ ਨੂੰ ਸੁਚਾਰੂ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਮਾਲ ਵਿਭਾਗ ਵਲੋਂ ਪੇਂਡੂ ਵਿਕਾਸ ਵਿਭਾਗ ਅਤੇ ਹੋਰਨਾਂ ਵਿਭਾਗਾਂ ਦਾ ਸਹਿਯੋਗ ਲਿਆ ਜਾ ਰਿਹਾ ਹੈ।