ਪੱਤਰ ਪ੍ਰੇਰਕ
ਹੁਸ਼ਿਆਰਪੁਰ, 16 ਸਤੰਬਰ
ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਡੇਂਗੂ ਦੀ ਰੋਕਥਾਮ ਲਈ ਸਿਹਤ, ਸਥਾਨਕ ਸਰਕਾਰਾਂ ਵਿਭਾਗ ਅਤੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਵਿਭਾਗ ਵਲੋਂ ਵਿਸ਼ੇਸ਼ ਮੁਹਿੰਮ ਚਲਾਈ ਗਈ, ਤਾਂ ਜੋ ਪਿੰਡਾਂ ਅਤੇ ਸ਼ਹਿਰਾਂ ਵਿਚ ਲੋਕਾਂ ਨੂੰ ਇਸ ਬੀਮਾਰੀ ਤੋਂ ਬਚਾਇਆ ਜਾ ਸਕੇ। ਇਸੇ ਕੜੀ ਵਿਚ ਅੱਜ ਡੇਂਗੂ ਸਰਵੀਲੈਂਸ ਟੀਮ ਵਲੋਂ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਅਤੇ ਤਹਿਸੀਲ ਕੰਪਲੈਕਸ ਦੇ ਦਫ਼ਤਰਾਂ ਦਾ ਵੀ ਨਿਰੀਖਣ ਕੀਤਾ ਗਿਆ। ਇਸ ਸਬੰਧੀ ਡਿਪਟੀ ਕਮਿਸ਼ਨਰ ਨੇ ਸਰਕਾਰੀ ਵਿਭਾਗਾਂ ਦੇ ਮੁਖੀਆਂ ਨੂੰ ਹਦਾਇਤ ਦਿੱਤੀ।
ਸਰਵੇਖਣ ਦੀ ਹਦਾਇਤ
ਜਲੰਧਰ (ਨਿੱਜੀ ਪੱਤਰ ਪ੍ਰੇਰਕ): ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਅੱਜ ਨਗਰ ਨਿਗਮ ਜਲੰਧਰ, ਸਿਹਤ, ਪੇਂਡੂ ਵਿਕਾਸ ਤੇ ਪੰਚਾਇਤ ਅਤੇ ਸਥਾਨਕ ਸਰਕਾਰਾਂ ਵਿਭਾਗ ਨੂੰ ਜ਼ਿਲ੍ਹੇ ਵਿੱਚ ਵੈਕਟਰ ਬੋਰਨ ਡਿਸੀਜਿਜ਼ (ਮੱਛਰ ਜਾਂ ਕੀਟ ਕਾਰਨ ਫੈਲਣ ਵਾਲੀਆਂ ਬਿਮਾਰੀਆਂ) ਨੂੰ ਫੈਲਣ ਤੋਂ ਰੋਕਣ ਲਈ ਵਿਆਪਕ ਮੁਹਿੰਮ ਵਿੱਢਣ ਦੀਆਂ ਹਦਾਇਤਾਂ ਦਿੱਤੀਆਂ ਹਨ। ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਜਿਹੀਆਂ ਥਾਵਾਂ ਦੀ ਪਹਿਲਾਂ ਤੋਂ ਹੀ ਪਛਾਣ ਕੀਤੀ ਜਾਣੀ ਚਾਹੀਦੀ ਹੈ ਅਤੇ ਇਸ ਸਬੰਧੀ ਸਿਹਤ ਅਤੇ ਨਗਰ ਨਿਗਮ ਅਧਿਕਾਰੀਆਂ ਵੱਲੋਂ ਕਾਰਵਾਈ ਕੀਤੀ ਜਾਵੇ। ਇਸ ਸਬੰਧੀ ਸਿਹਤ ਵਿਭਾਗ ਅਤੇ ਨਗਰ ਨਿਗਮ ਦੀ ਸਾਂਝੀ ਟੀਮ ਵੱਲੋਂ ਘਰ-ਘਰ ਜਾ ਕੇ ਸਰਵੇਖਣ ਕੀਤਾ ਜਾਵੇ ਤਾਂ ਕਿ ਡੇਂਗੂ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਇਸ ਸਬੰਧੀ ਮੀਟਿੰਗਾਂ ਕਰ ਕੇ ਰਾਬਤਾ ਬਣਾਉਣ ਲਈ ਵੀ ਨਿਰਦੇਸ਼ ਜਾਰੀ ਕੀਤੇ।
ਮੇਅਰ ਤੇ ਕਮਿਸ਼ਨਰ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ
ਅੰਮ੍ਰਿਤਸਰ (ਖੇਤਰੀ ਪ੍ਰਤੀਨਿਧ): ਮੇਅਰ ਕਰਮਜੀਤ ਸਿੰਘ ਰਿੰਟੂ ਤੇ ਨਿਗਮ ਕਮਿਸ਼ਨਰ ਮਾਲਵਿੰਦਰ ਸਿੰਘ ਜੱਗੀ ਨੇ ਡੇਂਗੂ ਤੇ ਮਲੇਰੀਆ ਦੇ ਕੇਸਾਂ ਦੀ ਰੋਕਥਾਮ ਲਈ ਨਗਰ ਨਿਗਮ ਦੇ ਸਿਹਤ ਅਫ਼ਸਰ ਡਾ. ਸੌਰਭ ਚਾਵਲਾ, ਡਾ: ਰਮਾ, ਡਾ: ਮੁਨੀਸ਼ ਅਤੇ ਚੀਫ਼ ਸੈਨੇਟਰੀ ਇੰਸਪੈਕਟਰਾਂ ਨਾਲ ਮੀਟਿੰਗ ਕੀਤੀ ਅਤੇ ਸਾਫ਼-ਸਫਾਈ, ਮੱਛਰਮਾਰ ਦਵਾਈ ਦੇ ਸਪ੍ਰੇਅ ਆਦਿ ਦੇ ਜ਼ਰੂਰੀ ਉਪਰਾਲੇ ਕਰਨ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਘਰਾਂ ’ਚ ਫਰਿਜ਼ਾਂ ਦੀਆਂ ਬੈਕ ਟਰੇਆਂ, ਛੱਤਾਂ, ਗਮਲਿਆਂ, ਕੂਲਰਾਂ ਆਦਿ ਵਿਚ ਪਾਣੀ ਨੂੰ ਜਮ੍ਹਾ ਨਾ ਹੋਣ ਦੇਣ। ਮੇਅਰ ਨੇ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਕਿ ਸ਼ਹਿਰਵਾਸੀਆਂ ਨੂੰ ਡੇਂਗੂ ਤੇ ਮਲੇਰੀਏ ਦੀ ਰੋਕਥਾਮ ਕਰਨ ਲਈ ਜਾਗਰੂਕ ਕਰਨ।