ਲਾਜਵੰਤ ਸਿੰਘ
ਨਵਾਂ ਸ਼ਹਿਰ, 15 ਜੁਲਾਈ
ਸਿਹਤ ਤੇ ਮੈਡੀਕਲ ਸਿੱਖਿਆ ਮੰਤਰੀ ਡਾ. ਬਲਬੀਰ ਸਿੰਘ ਨੇ ਸਰਕਾਰੀ ਹਸਪਤਾਲ ਨਵਾਂ ਸ਼ਹਿਰ ਵਿੱਚ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਮੁੱਢਲੀਆਂ ਸਿਹਤ ਸੇਵਾਵਾਂ ਪਹਿਲ ਦੇ ਆਧਾਰ ’ਤੇ ਮੁਹੱਈਆ ਕਰਵਾਉਣ ਸਬੰਧੀ ਨਿਰਦੇਸ਼ ਦਿੱਤੇ। ਉਨ੍ਹਾਂ ਸਰਕਾਰੀ ਹਸਪਤਾਲ ਵਿੱਚ ਐਂਮਰਜੈਂਸੀ ਮੁੱਢਲੀ ਸਿਹਤ ਸੁਵਿਧਾਵਾਂ ਸਬੰਧੀ ਹੜ੍ਹ ਪੀੜਤ ਮਰੀਜ਼ਾਂ ਲਈ ਇੱਕ ਐਂਬੂਲੈਂਸ ਨੂੰ ਵੀ ਰਵਾਨਾ ਕੀਤਾ। ਇਸ ਤੋਂ ਪਹਿਲਾਂ ਇੰਡੀਅਨ ਮੈਡੀਕਲ ਐਸੋਸੀਏਸ਼ਨ ਵੱਲੋਂ ਮੁੱਖ ਮੰਤਰੀ ਰਾਹਤ ਫੰਡ ਲਈ 1 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਸਿਵਲ ਸਰਜਨ ਨੂੰ ਸੌਂਪਿਆ ਗਿਆ। ਵਿਧਾਇਕ ਸੰਤੋਸ਼ ਕਟਾਰੀਆ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲੀਸ ਵੱਲੋਂ ਨੀਵੀਆਂ ਥਾਵਾਂ ’ਤੇ ਇਕੱਠੇ ਹੋਏ ਪਾਣੀ ਦੀ ਨਿਕਾਸੀ ਲਈ ਪੁਖਤਾ ਪ੍ਰਬੰਧ ਕੀਤੇ ਗਏ ਸਨ। ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸਤਨਾਮ ਜਲਾਲਪੁਰ ਤੇ ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਵੀ ਮੌਜੂਦ ਸਨ।