ਨਿੱਜੀ ਪੱਤਰ ਪ੍ਰੇਰਕ
ਜਲੰਧਰ, 16 ਨਵੰਬਰ
ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਟਰਾਂਸਪੋਰਟਰਾਂ ਨੂੰ ਸਪੱਸ਼ਟ ਕਿਹਾ ਕਿ ਸਸਤੇ ਰੇਟਾਂ ’ਤੇ ਰੇਤਾ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਇਆ ਜਾਵੇ ਕਿਉਂਕਿ ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ 5.50 ਰੁਪਏ (ਟਰਾਂਸਪੋਰਟ ਖਰਚੇ ਨੂੰ ਛੱਡ ਕੇ) ਪ੍ਰਤੀ ਕਿਊਬਿਕ ਫੁੱਟ ’ਤੇ ਰੇਤਾ ਅਤੇ ਗਟਕੇ ਮੁਹੱਈਆ ਕਰਵਾਉਣ ਲਈ ਪੰਜਾਬ ਸਟੇਟ ਸੈਂਡ ਅਤੇ ਗਰੈਵਲ ਮਾਈਨਿੰਗ ਪਾਲਿਸੀ-2021 ਨੂੰ ਲਾਗੂ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਸਾਰੇ ਟਰਾਂਸਪੋਰਟ ਖਰਚਿਆਂ ਸਮੇਤ ਰੇਤੇ ਅਤੇ ਗਟਕੇ ਦੀ ਵਿਕਰੀ ਲਗਭਗ 15 ਰੁਪਏ ਪ੍ਰਤੀ ਕਿਊਬਿਕ ਫੁੱਟ ਦੇ ਹਿਸਾਬ ਨਾਲ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ, ਜਿਨ੍ਹਾਂ ਦੇ ਨਾਲ ਐੱਸਐੱਸਪੀ ਜਲੰਧਰ ਸਤਿੰਦਰ ਸਿੰਘ ਅਤੇ ਮਾਈਨਿੰਗ ਵਿਭਾਗ ਦੇ ਅਧਿਕਾਰੀ ਵੀ ਮੌਜੂਦ ਸਨ, ਨੇ ਕਿਹਾ ਕਿ ਰੇਤੇ ਦੀ ਵਿੱਕਰੀ ਵਿੱਚ ਵਾਧੂ ਪੈਸੇ ਵਸੂਲੀ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿੱਚ ਸੂਬਾ ਸਰਕਾਰ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਰੇਤੇ ਦੇ ਕਾਰੋਬਾਰ ਨਾਲ ਸਬੰਧਤ ਟਰਾਂਸਪੋਰਟਰਾਂ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਰਾਹਤ ਦਾ ਲਾਭ ਬਿਨਾਂ ਕਿਸੇ ਦੇਰੀ ’ਤੇ ਸਾਰਿਆਂ ਨੂੰ ਮਿਲਣਾ ਚਾਹੀਦਾ ਹੈ, ਨਹੀਂ ਤਾਂ ਗਲਤੀ ਕਰਨ ਵਾਲਿਆਂ ਖਿਲਾਫ਼ ਕੇਸ ਕੀਤੇ ਜਾਣਗੇ।