ਪਾਲ ਸਿੰਘ ਨੌਲੀ
ਜਲੰਧਰ, 22 ਅਪਰੈਲ
ਸਮਾਰਟ ਸਿਟੀ ਮਿਸ਼ਨ ਤਹਿਤ ਜਲੰਧਰ ਸ਼ਹਿਰ ਵਿੱਚ ਵੱਡੇ ਪੱਧਰ ’ਤੇ ਨਿਗਰਾਨੀ ਅਤੇ ਟ੍ਰੈਫਿਕ ਵਿਵਸਥਾ ਲਈ ਜਲਦ 1200 ਸੀਸੀਟੀਵੀ ਕੈਮਰੇ ਅਤੇ ਪੁਲੀਸ ਲਾਈਨਜ਼ ਜਲੰਧਰ ਵਿਖੇ ਏਕੀਕ੍ਰਿਤ ਕਮਾਂਡ ਅਤੇ ਕੰਟਰੋਲ ਸੈਂਟਰ (ਆਈਸੀਸੀਸੀ) ਸਥਾਪਤ ਕੀਤਾ ਜਾਵੇਗਾ। ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਪਹਿਲੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਸਾਰੇ ਸਬੰਧਤ ਵਿਭਾਗਾਂ ਨੂੰ ਆਪੋ-ਆਪਣੇ ਅਧਿਕਾਰ ਖੇਤਰ ਵਿੱਚ ਆਉਂਦੇ ਸਾਰੇ ਖੇਤਰਾਂ ਲਈ ਸਾਈਟ ਦਾ ਸਰਵੇਖਣ ਮੁਕੰਮਲ ਕਰਨ ਲਈ ਕਿਹਾ ਤਾਂ ਜੋ ਇਸ ਪ੍ਰਾਜੈਕਟ ਨੂੰ ਨਿਰਧਾਰਿਤ ਸਮੇਂ ਦੇ ਅੰਦਰ-ਅੰਦਰ ਪੂਰਾ ਕੀਤਾ ਜਾ ਸਕੇ।
ਡਿਪਟੀ ਕਮਿਸ਼ਨਰ, ਜਿਨ੍ਹਾਂ ਦੇ ਨਾਲ ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਤੂਰ ਅਤੇ ਨਗਰ ਨਿਗਮ ਦੇ ਕਮਿਸ਼ਨਰ ਕਰਨੇਸ਼ ਸ਼ਰਮਾ ਵੀ ਮੌਜੂਦ ਸਨ, ਨੇ ਸ਼ਹਿਰ ਵਿੱਚ ਮਜ਼ਬੂਤ ਸੁਰੱਖਿਆ ਵਿਵਸਥਾ ਅਤੇ ਟ੍ਰੈਫਿਕ ਪ੍ਰਬੰਧਨ ਨੂੰ ਯਕੀਨੀ ਬਣਾਉਣ ਦੇ ਨਜ਼ਰੀਏ ਤੋਂ ਇਸ ਪ੍ਰਾਜੈਕਟ ਨੂੰ ਮਹੱਤਵਪੂਰਨ ਕਰਾਰ ਦਿੱਤਾ। ਉਨ੍ਹਾਂ ਦੱਸਿਆ ਕਿ 78 ਕਰੋੜ ਦੀ ਲਾਗਤ ਵਾਲੇ ਇਸ ਪ੍ਰਾਜੈਕਟ ਦਾ ਠੇਕਾ ਕੇਈਸੀ ਨੂੰ ਦਿੱਤਾ ਗਿਆ ਹੈ ਅਤੇ ਪ੍ਰਾਜੈਕਟ ਸ਼ੁਰੂ ਹੋਣ ਦੀ ਮਿਤੀ ਤੋਂ ਨੌਂ ਮਹੀਨਿਆਂ ਦੇ ਅੰਦਰ-ਅੰਦਰ ਮੁਕੰਮਲ ਹੋਣ ਦੀ ਉਮੀਦ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਵਿਸ਼ਾਲ ਬੁਨਿਆਦੀ ਢਾਂਚਾ ਈ-ਚਲਾਨ ਪ੍ਰਣਾਲੀ ਨਾਲ ਸਵੈਚਾਲਤ ਨੰਬਰ ਪਲੇਟ ਪਛਾਣ ਅਤੇ ਲਾਲ ਬੱਤੀ ਦੀ ਉਲੰਘਣਾ ਦਾ ਪਤਾ ਲਗਾਉਣ ਵਰਗੀਆਂ ਸਹੂਲਤਾਂ ਨਾਲ ਲੈਸ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਤਹਿਤ ਇਕ ਟ੍ਰੈਫਿਕ ਕੰਟਰੋਲ ਪ੍ਰਣਾਲੀ ਵੀ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸੀਸੀਟੀਵੀ ਕੈਮਰਿਆਂ ਰਾਹੀਂ ਕੈਦ ਕੀਤੀਆਂ ਗਈਆਂ ਸਾਰੀਆਂ ਗਤੀਵਿਧੀਆਂ ਦੀ ਨਿਗਰਾਨੀ ਆਈਸੀਸੀਸੀ ’ਤੇ ਕੀਤੀ ਜਾਵੇਗੀ, ਜਿੱਥੇ ਸ਼ਹਿਰ ਦੇ ਐਂਟਰੀ-ਐਗਜ਼ਿਟ ਪੁਆਇੰਟਾਂ, ਰੈੱਡ ਅਲਰਟ ਪੁਆਇੰਟਾਂ, ਜੰਕਸ਼ਨਾਂ, ਹਸਪਤਾਲਾਂ, ਰੇਲਵੇ ਕ੍ਰਾਸਿੰਗਾਂ, ਬਾਜ਼ਾਰਾਂ, ਵਿੱਦਿਅਕ ਅਦਾਰਿਆਂ, ਸ਼ਹਿਰ ਦੀਆਂ ਮੁੱਖ ਸੜਕਾਂ ਸਮੇਤ ਸਾਰੀਆਂ ਥਾਵਾਂ ਨੂੰ ਕਵਰ ਕਰਨ ਲਈ ਵੀਡੀਓ ਵਾਲ ਸਥਾਪਤ ਕੀਤੀ ਜਾਵੇਗੀ।