ਪੱਤਰ ਪ੍ਰੇਰਕ
ਮੁਕੇਰੀਆਂ, 11 ਜੁਲਾਈ
ਸੂਬਾ ਸਰਕਾਰ ਦੀ ਵਾਅਦਾ ਖਿਲਾਫੀ ਕਰਕੇ ਸਿੱਖਿਆ ਵਿਭਾਗ ਦੇ ਕੱਚੇ ਦਫਤਰੀ ਮੁਲਾਜ਼ਮਾਂ ਅਤੇ ਆਈ ਈ ਆਰ ਟੀ ਅਧਿਆਪਕਾਂ ਦੀ ਕਲਮ ਛੋੜ ਹੜਤਾਲ ਛੇਵੇਂ ਦਿਨ ਵੀ ਜਾਰੀ ਰਹੀ ਅਤੇ ਮੁਲਾਜ਼ਮਾਂ ਨੇ ਬਲਾਕ ਦਫ਼ਤਰ ਤੋਂ ਲੈ ਕੇ ਡੀ ਜੀ ਐਸ ਈ ਦਫਤਰ ਤੱਕ ਸਾਰਾ ਕੰਮ ਕਾਜ ਅੱਜ ਛੇਵੇਂ ਦਿਨ ਵੀ ਠੱਪ ਰੱਖਿਆ। ਸਰਵ ਸਿੱਖਿਆ ਅਭਿਆਨ ਦਫਤਰੀ ਕਰਮਚਾਰੀ ਯੂਨੀਅਨ ਦੇ ਆਗੂ ਕਰਨ ਅਬਰੋਲ ਆਦਿ ਨੇ ਕਿਹਾ ਕਿ ਸਰਕਾਰ ਮੁਲਾਜ਼ਮਾਂ ਨਾਲ ਗੱਲਬਾਤ ਕਰਨ ਤੋਂ ਭੱਜ ਰਹੀ ਹੈ ਅਤੇ ਮੁਲਾਜ਼ਮਾਂ ਨੂੰ ਬਣਦੇ ਹੱਕ ਦੇਣ ਦੀ ਬਜਾਏ ਹੱਕਾਂ ’ਤੇ ਡਾਕਾ ਮਾਰਿਆ ਜਾ ਰਿਹਾ ਹੈ। ਮੌਜੂਦਾ ਭਗਵੰਤ ਮਾਨ ਸਰਕਾਰ ਰੈਗੂਲਰ ਦੀ ਪਾਲਿਸੀ ਜਾਰੀ ਕਰਕੇ ਹੁਣ ਆਪ ਹੀ ਇਸ ਪਾਲਿਸੀ ਤੋਂ ਮੁਕਰ ਰਹੀ ਹੈ। ਦਫਤਰੀ ਮੁਲਾਜ਼ਮਾਂ ਦੀ ਕਰੀਬ 5000 ਰੁਪਏ ਪ੍ਰਤੀ ਮਹੀਨਾ ਤਨਖਾਹ ਦੀ ਕਟੌਤੀ ਕੀਤੀ ਜਾ ਰਹੀ ਹੈ।