ਪੱਤਰ ਪ੍ਰੇਰਕ
ਗੜ੍ਹਸ਼ੰਕਰ, 28 ਜੁਲਾਈ
ਇੱਥੋਂ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਦੇ ਕੈਂਪਸ ਵਿੱਚ ਚੱਲ ਰਹੇ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜੀਏਟ ਸਕੂਲ ਦੇ ਅਧਿਆਪਕਾਂ ਵੱਲੋਂ ‘ਬੇਟੀ ਬਚਾਓ ਬੇਟੀ ਪੜ੍ਹਾਓ’ ਵਿਸ਼ੇ ‘ਤੇ ਵਿਦਿਆਰਥੀਆਂ ਲਈ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਇਸ ਮੌਕੇ ਮੁੱਖ ਬੁਲਾਰੇ ਐੱਸਐੱਮਓ ਡਾ. ਜੇ ਐੱਸ ਬੈਂਸ ਨੇ ਕਿਹਾ ਕਿ ਲੜਕੇ ਅਤੇ ਲੜਕੀਆਂ ਦੇ ਫਰਕ ਨੂੰ ਮਿਟਾ ਕੇ ਹੀ ਉਸਾਰੂ ਸਮਾਜ ਦੀ ਨੀਂਹ ਰੱਖੀ ਜਾ ਸਕਦੀ ਹੈ ਕਿਉਂਕਿ ਅਜੋਕੇ ਸਮੇਂ ’ਚ ਲੜਕੀਆਂ ਨੇ ਜ਼ਿੰਦਗੀ ਦੇ ਹਰ ਖੇਤਰ ਵਿਚ ਸਫਲਤਾ ਦੇ ਝੰਡੇ ਗੱਡ ਕੇ ਆਪਣੀ ਸਮਰੱਥਾ ਦਾ ਪ੍ਰਗਟਾਵਾ ਕੀਤਾ ਹੈ। ਬੀਈਈ ਮਾਨਵ ਸ਼ਰਮਾ ਨੇ ਕਿਹਾ ਕਿ ਇਕ ਲੜਕੀ ਦੇ ਸਿੱਖਿਅਤ ਹੋਣ ਨਾਲ ਪੂਰਾ ਪਰਿਵਾਰ ਸਿੱਖਿਅਤ ਹੋ ਜਾਂਦਾ ਹੈ। ਕਾਲਜ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਬੁਲਾਰਿਆਂ ਦਾ ਧੰਨਵਾਦ ਕੀਤਾ ਅਤੇ ਵਿਦਿਆਰਥੀਆਂ ਨੂੰ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ‘ਬੇਟੀ ਬਚਾਓ ਬੇਟੀ ਪੜ੍ਹਾਓ’ ਵਿਸ਼ੇ ‘ਤੇ ਵਿਦਿਆਰਥੀਆਂ ਦੇ ਕਰਵਾਏ ਪੋਸਟਰ ਮੁਕਾਬਲੇ ਵਿਚ ਸਮਾਇਰਾ ਨੇ ਪਹਿਲਾ, ਗੀਤਾਂਜਲੀ ਨੇ ਦੂਜਾ ਅਤੇ ਕ੍ਰਿਸ਼ਨ ਦਲਜੀਤ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਜੇਤੂਆਂ ਦਾ ਸਨਮਾਨ ਵੀ ਕੀਤਾ ਗਿਆ।