ਨਿੱਜੀ ਪੱਤਰ ਪ੍ਰੇਰਕ
ਬਲਾਚੌਰ, 1 ਜਨਵਰੀ
ਹਲਕਾ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਨੇ ਨਗਰ ਕੌਂਸਲ ਬਲਾਚੌਰ ਵਲੋਂ 40 ਲੱਖ ਰੁਪਏ ਦੀ ਲਾਗਤ ਨਾਲ ਸ਼ਹਿਰ ਦੀਆਂ ਸੜਕਾਂ ਦੇ ਬਰਮਾਂ ਨੂੰ ਪੱਕਾ ਕਰਨ ਦੇ ਕੰਮ ਦਾ ਉਦਘਾਟਨ ਕੀਤਾ। ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਚੌਧਰੀ ਦਰਸ਼ਨ ਲਾਲ ਮੰਗੂਪੁਰ ਨੇ ਕਿਹਾ ਕਿ ਕਾਂਗਰਸ ਹਕੂਮਤ ਦੌਰਾਨ ਬਲਾਚੌਰ ਹਲਕੇ ਦਾ ਭਰਵਾਂ ਵਿਕਾਸ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ 20 ਸਾਲ ਤੱਕ ਲਗਾਤਾਰ ਅਕਾਲੀ ਦਲ ਦਾ ਨੁਮਾਇੰਦਾ ਰਿਹਾ, ਪਰ ਬਲਾਚੌਰ ਸ਼ਹਿਰ ਦੇ ਵਿਕਾਸ ਲਈ ਉਨ੍ਹਾਂ ਨੇ ਕੋਈ ਯਤਨ ਨਾ ਕੀਤੇ, ਜਿਸ ਦੇ ਸਿੱਟੇ ਵਜੋਂ ਬਲਾਚੌਰ ਸ਼ਹਿਰ ਵਾਸੀ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ ਹੁੰਦੇ ਰਹੇ। ਇਸ ਮੌਕੇ ਨਗਰ ਕੌਂਸਲ ਬਲਾਚੌਰ ਦੇ ਪ੍ਰਧਾਨ ਟਿੰਕੂ ਘਈ ਨੇ ਵਿਕਾਸ ਕੰਮ ਕਰਵਾਉਣ ਲਈ ਵਿਧਾਇਕ ਦਾ ਧੰਨਵਾਦ ਕੀਤਾ। ਇਸੇ ਤਰ੍ਹਾਂ ਉਨ੍ਹਾਂ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਨੇ ਸਰਕਾਰੀ ਹਾਈ ਸਕੂਲ ਗਹੂੰਣ ਨੂੰ ਸਰਕਾਰ ਵਲੋਂ ਸੀਨੀਅਰ ਸੈਕੰਡਰੀ ਸਕੂਲ ਵਜੋਂ ਅਪਗਰੇਡ ਕਰਨ ਦਾ ਉਦਘਾਟਨ ਕੀਤਾ।