ਹਰਪ੍ਰੀਤ ਕੌਰ
ਹੁਸ਼ਿਆਰਪੁਰ, 29 ਸਤੰਬਰ
ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਹੁਸ਼ਿਆਰਪੁਰ ਵਾਸੀਆਂ ਨੂੰ ਇਕ ਵੱਡਾ ਤੋਹਫਾ ਦਿੰਦਿਆਂ ਜ਼ਿਲ੍ਹੇ ਵਿੱਚ ਲਾਲ ਲਕੀਰ ਅੰਦਰ ਰਹਿ ਰਹੇ ਲੋਕਾਂ ਨੂੰ ਮਾਲਕਾਨਾ ਹੱਕ ਦੇਣ ਦਾ ਉਦੋਂ ਰਾਹ ਪੱਧਰਾ ਕਰ ਦਿੱਤਾ ਜਦੋਂ ਅੱਜ ਉਨ੍ਹਾਂ ਵੱਲੋਂ ‘ਮੇਰਾ ਘਰ ਮੇਰੇ ਨਾਮ’ ਸਕੀਮ ਦਾ ਪਿੰਡ ਸ਼ੇਰਗੜ੍ਹ ਤੋਂ ਆਗਾਜ਼ ਕੀਤਾ ਗਿਆ। ਡਰੋਨ ਰਾਹੀਂ ਇਸ ਸਕੀਮ ਦੀ ਸ਼ੁਰੂਆਤ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਲੋਕਾਂ ਨੂੰ ਹਰੇਕ ਸਹੂਲਤ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਸੂਬੇ ਦੇ ਸਰਵਪੱਖੀ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਵੱਡੇ ਉਪਰਾਲੇ ਸਦਕਾ ਜ਼ਿਲ੍ਹੇ ਵਿੱਚ ਲਾਲ ਲਕੀਰ ਦੇ ਅੰਦਰ ਰਹਿ ਰਹੇ ਲੋਕਾਂ ਨੂੰ ਮਾਲਕੀ ਦਾ ਹੱਕ ਮਿਲਣ ਨਾਲ ਉਨ੍ਹਾਂ ਨੂੰ ਵੱਡਾ ਫਾਇਦਾ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਉਨ੍ਹਾਂ ਦਾ ਪ੍ਰਾਪਰਟੀ ਕਾਰਡ ਬਣ ਜਾਵੇਗਾ, ਜਿਸ ਨਾਲ ਉਹ ਕਰਜ਼ਾ ਅਤੇ ਹੋਰ ਸਹੂਲਤਾਂ ਤੇ ਸਕੀਮਾਂ ਦਾ ਲਾਭ ਆਸਾਨੀ ਨਾਲ ਲੈ ਸਕਣਗੇ।
ਉਨ੍ਹਾਂ ਦੱਸਿਆ ਕਿ ਸਮੁੱਚੇ ਜ਼ਿਲ੍ਹੇ ਵਿੱਚ ਲਾਲ ਲਕੀਰ ਅੰਦਰ ਆਉਂਦੀਆਂ ਜਾਇਦਾਦਾਂ ਵਾਲੇ ਸਮੂਹ ਯੋਗ ਲਾਭਪਾਤਰੀਆਂ ਨੂੰ ਇਸ ਸਕੀਮ ਦਾ ਲਾਭ ਦੇਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਇਸ ਕੰਮ ਨੂੰ ਬਿਹਤਰ ਢੰਗ ਨਾਲ ਅੰਜਾਮ ਦੇਣ ਲਈ ਜ਼ਿਲ੍ਹਾ ਮਾਲ ਅਫ਼ਸਰ ਗੁਰਮੀਤ ਸਿੰਘ ਮਾਨ ਨੂੰ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸਮੁੱਚੀ ਪ੍ਰਕਿਰਿਆ ਨੂੰ ਸੁਚਾਰੂ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਮਾਲ ਵਿਭਾਗ ਵੱਲੋਂ ਪੇਂਡੂ ਵਿਕਾਸ ਵਿਭਾਗ ਤੇ ਹੋਰ ਵਿਭਾਗਾਂ ਦਾ ਸਹਿਯੋਗ ਲਿਆ ਜਾ ਰਿਹਾ ਹੈ।
ਇਸ ਤੋਂ ਇਲਾਵਾ ਜ਼ਿਲ੍ਹੇ ਵਿੱਚ ਵਿਲੇਜ ਕਮੇਟੀਆਂ ਦਾ ਵੀ ਗਠਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸਮੁੱਚੀ ਪ੍ਰਕਿਰਿਆ ਨੂੰ ਸੁਚਾਰੂ, ਪਾਰਦਰਸ਼ੀ ਅਤੇ ਤਕਨੀਕੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਡਰੋਨ ਦੀ ਵਰਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਇਸ ਸਕੀਮ ਦੀ ਸ਼ੁਰੂਆਤ ਹੁਸ਼ਿਆਰਪੁਰ ਹਲਕੇ ਤੋਂ ਕੀਤੀ ਗਈ ਹੈ ਤੇ ਜ਼ਿਲ੍ਹੇ ਦੇ ਬਾਕੀ ਹਲਕਿਆਂ ਨੂੰ ਵੀ ਇਸ ਸਕੀਮ ਅਧੀਨ ਲਿਆਂਦਾ ਜਾਵੇਗਾ।
ਸ੍ਰੀ ਜਿੰਪਾ ਨੇ ਕਿਹਾ ਕਿ ਹਰੇਕ ਵਰਗ ਦੇ ਲੋਕਾਂ ਨੂੰ ਇਸ ਸਕੀਮ ਦਾ ਲਾਭ ਦਿੱਤਾ ਜਾਵੇਗਾ।