ਬੀ ਐੱਸ ਚਾਨਾ
ਫਗਵਾੜਾ, 7 ਸਤੰਬਰ
ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਡਿਪਟੀ ਕਮਿਸ਼ਨਰ ਕਪੂਰਥਲਾ ਨੂੰ ਪੱਤਰ ਲਿਖ ਕੇ ਦੱਸਿਆ ਹੈ ਕਿ ਝੋਨੇ ਦੀ ਫ਼ਸਲ 121 ਨੂੰ ਭਿਆਨਕ ਬਿਮਾਰੀ ਲੱਗਣ ਕਾਰਨ ਇਹ ਸੁੱਕ ਗਿਆ ਹੈ ਜਿਸ ਕਾਰਨ ਕਿਸਾਨਾਂ ਵੱਲੋਂ ਇਸ ਬਿਮਾਰੀ ਨੂੰ ਕਾਬੂ ਕਰਨ ਲਈ ਮਹਿੰਗੇ ਭਾਅ ਦੀ ਦਵਾਈ ਵੀ ਵਰਤੀ ਗਈ ਪਰ ਫ਼ਿਰ ਵੀ ਕਿਸਾਨਾਂ ਦਾ ਕਾਫ਼ੀ ਨੁਕਸਾਨ ਹੋ ਗਿਆ ਜਿਸ ਲਈ ਸਰਕਾਰ ਵੱਲੋਂ ਇਸ ਦੀ ਸਪੈਸ਼ਲ ਗਿਰਦਾਵਰੀ ਦੇ ਹੁਕਮ ਜਾਰੀ ਕਰ ਕੇ ਕਿਸਾਨਾਂ ਨੂੰ ਯੋਗ ਮੁਆਵਜ਼ਾ ਜਾਰੀ ਕੀਤਾ ਜਾਵੇ।
ਸ੍ਰੀ ਧਾਲੀਵਾਲ ਨੇ ਬਲਾਕ ਦੇ ਵੱਖ-ਵੱਖ ਪਿੰਡਾਂ ’ਚ ਜਾ ਕੇ ਕਿਸਾਨਾਂ ਨਾਲ ਗੱਲਬਾਤ ਕੀਤੀ ਤੇ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਕਿਸਾਨਾਂ ਵੱਲੋਂ ਇੱਕ ਏਕੜ ’ਚ ਲਗਭਗ 5 ਹਜ਼ਾਰ ਤੋਂ 10 ਹਜ਼ਾਰ ਰੁਪਏ ਦੇ ਕੀਟਨਾਸ਼ਕ ਦਵਾਈਆਂ ਦੀ ਵਰਤੋਂ ਕੀਤੀ ਗਈ ਪਰ ਭਿਆਨਕ ਬਿਮਾਰੀ ਕਾਰਨ ਕੀਟਨਾਸ਼ਕਾਂ ਦਾ ਵੀ ਬਿਮਾਰੀ ’ਤੇ ਕੋਈ ਅਸਰ ਨਹੀਂ ਹੋਇਆ। ਇਸ ਮੌਕੇ ਵਿਧਾਇਕ ਧਾਲੀਵਾਲ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਉਹ ਸੂਬਾ ਸਰਕਾਰ ਤੇ ਡੀ.ਸੀ. ਕਪੂਰਥਲਾ ਦੇ ਧਿਆਨ ’ਚ ਇਹ ਮਾਮਲਾ ਲਿਆਉਣਗੇ। ਉਨ੍ਹਾਂ ਦੱਸਿਆ ਕਿ ਸਰਕਾਰੀ ਸਰਵੇਖਣ ਮੁਤਾਬਕ ਵਿਧਾਨ ਸਭਾ ਹਲਕਾ ਫਗਵਾੜਾ ’ਚ 170 ਹੈਕਟੇਅਰ ਦੇ ਕਰੀਬ ਕਿਸਾਨਾਂ ਵੱਲੋਂ ਬੀਜੇ ਝੋਨੇ ਦੀ ਫ਼ਸਲ ਬਰਬਾਦ ਹੋ ਚੁੱਕੀ ਹੈ। ਉਨ੍ਹਾਂ ਡੀ.ਸੀ. ਕਪੂਰਥਲਾ ਵਿਸ਼ੇਸ਼ ਸਾਰੰਗਲ ਨੂੰ ਪੱਤਰ ਲਿਖ ਕੇ ਖਰਾਬ ਹੋਈ ਫ਼ਸਲ ਦੀ ਸਪੈਸ਼ਲ ਗਿਰਦਾਵਰੀ ਕਰਵਾਉਣ ਦੀ ਬੇਨਤੀ ਕੀਤੀ।