ਧਿਆਨ ਸਿੰਘ ਭਗਤ
ਕਪੂਰਥਲਾ, 11 ਦਸੰਬਰ
ਕਾਂਗਰਸ ਜ਼ਿਲ੍ਹਾ ਕਪੂਰਥਲਾ ਦੇ ਖੁਦ ਨੂੰ ਸੀਨੀਅਰ ਮੀਤ ਪ੍ਰਧਾਨ ਕਹਿਣ ਵਾਲੇ ਜਥੇਦਾਰ ਜੁਗਰਾਜਪਾਲ ਸਿੰਘ ਸਾਹੀ ਤਲਵੰਡੀ ਚੌਧਰੀਆਂ ਨੇ ਹਲਕਾ ਸੁਲਤਾਨਪੁਰ ਲੋਧੀ ਤੋਂ ਮੌਜੂਦਾ ਕਾਂਗਰਸੀ ਵਿਧਾਇਕ ਨਵਤੇਜ ਸਿੰਘ ਚੀਮਾ ਤੇ ਭ੍ਰਿਸ਼ਟਾਚਾਰ ਦੇ ਦੋਸ਼ ਲਗਾ ਕੇ ਕਾਂਗਰਸ ਦੀ ਟਿਕਟ ਤੇ ਆਪਣੀ ਦਾਅਵੇਦਾਰੀ ਜਤਾਈ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪਿਛਲੇ ਦਿਨੀਂ ਇੱਕ ਮਿਲਣੀ ਦੌਰਾਨ ਹਲਕੇ ਦੀ ਸੇਵਾ ਕਰਨ ਲਈ ਭੇਜਿਆ ਹੈ। ਉਨ੍ਹਾਂ ਮੌਜੂਦਾ ਕਾਂਗਰਸੀ ਵਿਧਾਇਕ ਸ੍ਰੀ ਚੀਮਾ ’ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ’ਤੇ ਭ੍ਰਿਸ਼ਟਾਚਾਰ ਕਰਨ ਦੇ ਦੋਸ਼ ਲਗਾਏ। ਸ੍ਰੀ ਸਾਹੀ ਨੇ ਕਿਹਾ ਕਿ ਹਲਕਾ ਵਿਧਾਇਕ ਨੇ ਮੌਜੂਦਾ ਐੱਸਐੱਚਓ ਨਾਲ ਮਿਲ ਕੇ ਹਲਕੇ ਦੇ ਲੋਕਾਂ ਦੀ ਲੁੱਟ ਕੀਤੀ ਹੈ।
ਉਨ੍ਹਾਂ ਕਿਹਾ ਕਿ ਸ੍ਰੀ ਚੀਮਾ ਨੇ ਕਈ ਗੈਂਗਸਟਰਾਂ ਨੂੰ ਪਾਲਿਆ ਹੈ। ਉਨ੍ਹਾਂ ਕਿਹਾ ਕਿ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਦੇ ਲੜਕੇ ਰਾਣਾ ਇੰਦਰਪ੍ਰਤਾਪ ਸਿੰਘ ਨੂੰ ਜੇ ਟਿਕਟ ਮਿਲਦੀ ਹੈ ਤਾਂ ਉਹ ਉਨ੍ਹਾਂ ਦਾ ਸਾਥ ਦੇਣਗੇ।
ਸਾਰੇ ਦੋਸ਼ ਝੂਠ ਦਾ ਪੁਲੰਦਾ: ਵਿਧਾਇਕ ਨਵਤੇਜ ਚੀਮਾ
ਹਲਕਾ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਸਾਰੇ ਦੋਸ਼ਾਂ ਨੂੰ ਮੂਲੋਂ ਰੱਦ ਕਰਦਿਆਂ ਕਿਹਾ ਕਿ ਸ੍ਰੀ ਸਾਹੀ ਦਾ ਕੋਈ ਜਨ ਅਧਾਰ ਨਹੀਂ ਹੈ। ਸਾਰੇ ਦੋਸ਼ ਝੂਠ ਦਾ ਪੁਲੰਦਾ ਹਨ ਤੇ ਉਨ੍ਹਾਂ ਦੇ ਵਿਰੋਧੀਆਂ ਦੇ ਇਸ਼ਾਰੇ ’ਤੇ ਲਗਾਏ ਜਾ ਰਹੇ ਹਨ। ਉਹ ਸੁਲਤਾਨਪੁਰ ਲੋਧੀ ਦੀ ਸੀਟ ਪਹਿਲਾਂ ਨਾਲੋਂ ਵੀ ਵੱਡੇ ਫਰਕ ਨਾਲ ਜਿੱਤ ਕੇ ਕਾਂਗਰਸ ਪਾਰਟੀ ਦੀ ਝੋਲੀ ਪਾਉਣਗੇ। ਉਨ੍ਹਾਂ ਕਿਹਾ ਕਿ ਸਾਹੀ ਦਾ ਕਿਰਦਾਰ ਪਹਿਲਾਂ ਹੀ ਜੱਗ ਜ਼ਾਹਿਰ ਹੈ ਤੇ ਆਉਣ ਵਾਲੇ ਸਮੇਂ ਵਿੱਚ ਇਸ ਦੀ ਹੋਰ ਪੋਲ ਖੁੱਲ੍ਹ ਜਾਵੇਗੀ।