ਪੱਤਰ ਪ੍ਰੇਰਕ
ਮਾਨਸਰ, 22 ਨਵੰਬਰ
ਇੱਥੇ ਭੰਗਾਲਾ ’ਚ ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਦੀ ਹੰਗਾਮੀ ਬੈਠਕ ਸ਼ਮਿੰਦਰ ਸਿੰਘ ਛੰਨੀ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ 26 ਨਵੰਬਰ ਨੂੰ ਸਿੰਘੂ ਬਾਰਡਰ ’ਤੇ ਵੱਡੀ ਗਿਣਤੀ ਵਿੱਚ ਪਹੁੰਚਣ, ਜਥੇਬੰਦੀ ਦੇ ਵਿਸਥਾਰ ਅਤੇ ਕਿਸਾਨਾਂ ਨੂੰ ਆ ਰਹੀਆਂ ਦਰਪੇਸ਼ ਮੁਸ਼ਕਲਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਉਂਕਾਰ ਸਿੰਘ ਪੁਰਾਣਾ ਭੰਗਾਲਾ, ਹਰਦਿੱਤ ਸਿੰਘ ਮੰਝਪੁਰ, ਸਮਿੰਦਰ ਸਿੰਘ ਛੰਨੀ ਆਦਿ ਆਗੂਆਂ ਨੇ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਤਿੰਨ ਖੇਤੀ ਕਾਨੂੰਨ ਵਾਪਸ ਲੈਣ ਦੇ ਐਲਾਨ ਨੂੰ ਕਿਸਾਨ ਮਜ਼ਦੂਰ ਸੰਘਰਸ਼ ਦੀ ਜਿੱਤ ਕਰਾਰ ਦਿੱਤਾ। ਉਨ੍ਹਾਂ ਤਿੰਨੋਂ ਖੇਤੀ ਕਾਨੂੰਨ ਲੋਕ ਸਭਾ ਤੇ ਰਾਜ ਸਭਾ ’ਚੋਂ ਰੱਦ ਕਰਵਾਉਣ ਅਤੇ ਐਮਐਸਪੀ ਗਾਰੰਟੀ ਵਾਲਾ ਕਾਨੂੰਨ ਬਣਾਉਣ ਲਈ ਕੇਂਦਰ ਦੀ ਮੋਦੀ ਸਰਕਾਰ ’ਤੇ ਦਬਾਅ ਬਣਾਉਣ ਲਈ ਕਿਸਾਨਾਂ ਨੂੰ 26 ਨਵੰਬਰ ਨੂੰ ਦਿੱਲੀ ਸਰਹੱਦਾਂ ’ਤੇ ਚੱਲ ਰਹੇ ਕਿਸਾਨ ਸੰਘਰਸ਼ ਵਿੱਚ ਵੱਡੀ ਗਿਣਤੀ ਵਿੱਚ ਪਹੁੰਚਣ ਦਾ ਸੱਦਾ ਦਿੱਤਾ। ਉਨ੍ਹਾਂ ਐੱਮਐੱਸਪੀ ’ਤੇ ਗਰੰਟੀ ਕਾਨੂੰਨ ਬਨਾਉਣ, ਪਰਾਲੀ ਸਾੜਨ ਵਿਰੁੱਧ ਬਿੱਲ ਅਤੇ ਬਿਜਲੀ ਸਬੰਧੀ ਬਿੱਲ ਤਰੁੰਤ ਰੱਦ ਕੀਤੇ ਜਾਣ। ਇਸ ਸਮੇਂ ਨਾਨਕ ਸਿੰਘ ਪੁਰਾਣਾ ਭੰਗਾਲਾ, ਨਿਰਮਲ ਸਿੰਘ, ਕੁਲਦੀਪ ਸਿੰਘ, ਕਸ਼ਮੀਰ ਸਿੰਘ, ਨਰੋਤਮ ਸਿੰਘ, ਰਛਪਾਲ ਸਿੰਘ, ਗੁਰਦੇਵ ਸਿੰਘ ਆਦਿ ਹਾਜ਼ਰ ਸਨ।