ਪੱਤਰ ਪੇ੍ਰਕ
ਜਲੰਧਰ, 8 ਨਵੰਬਰ
ਸ੍ਰੀ ਗੁਰੂ ਨਾਨਕ ਦੇਵ ਜੀ 555ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੂਜਾ ‘ਹਰਾ ਨਗਰ ਕੀਰਤਨ’ ਆਹਲੀ ਕਲਾਂ ਤੋਂ ਚੱਲ ਕੇ ਸੁਲਤਾਨਪੁਰ ਲੋਧੀ ਪਹੁੰਚਿਆ। ਇਸ ਨਗਰ ਕੀਰਤਨ ਦੌਰਾਨ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪੰਜਾਬ ਦੇ ਪਿੰਡਾਂ ਨੂੰ ਹਰਿਆ ਭਰਿਆ ਬਣਾਉਣ ਤੇ ਜ਼ੋਰ ਦਿੱਤਾ। ਸੰਤ ਸੀਚੇਵਾਲ ਨੇ ਇਸ ਨਗਰ ਕੀਰਤਨ ਦੌਰਾਨ ਜਿੱਥੇ ਗੁਰੂ ਨਾਨਕ ਦੇਵ ਜੀ ਦੀ ਬਾਣੀ ਤੇ ਜੀਵਨਸ਼ੈਲੀ ਦੇ ਹਵਾਲੇ ਦੇ ਕੇ ਸੰਗਤਾਂ ਨੂੰ ਦੱਸਿਆ ਕਿ ਕਿਵੇਂ ਗੁਰੂ ਨਾਨਕ ਦੇਵ ਜੀ ਕੁਦਰਤ ਨਾਲ ਪਿਆਰ ਕਰਦੇ ਸਨ ਤੇ ਸਾਦਾ ਜੀਵਨ ਬਤੀਤ ਕਰਦਿਆਂ ਉਨ੍ਹਾਂ ਕੁੱਲ ਲੋਕਾਈ ਨੂੰ ਹਵਾ, ਪਾਣੀ ਤੇ ਧਰਤੀ ਦਾ ਸਤਿਕਾਰ ਕਰਨ ਦਾ ਸੁਨੇਹਾ ਦਿੱਤਾ।
ਇਹ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜਾਂ ਪਿਆਰਿਆਂ ਦੀ ਅਗਵਾਈ ਵਿੱਚ ਗੁਰਦੁਆਰਾ ਸ਼ਹੀਦ ਬਾਜ਼ ਸਿੰਘ ਜੀ ਪਿੰਡ ਆਹਲੀ ਖੁਰਦ ਤੋਂ ਚੱਲ ਕੇ ਪਿੰਡ ਆਹਲੀ ਕਲਾਂ, ਬੂਲੇ, ਹਜ਼ਾਰਾ, ਭੀਮਾਂ, ਚੱਕ, ਹਾਜ਼ੀਪੁਰ, ਕਬੀਰਪੁਰ, ਲੋਧੀਵਾਲ, ਭਾਗੋ ਬੁੱਢਾ, ਬੂਸੋਵਾਲ, ਤਰਫਹਾਜ਼ੀ ਅਤੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਤੋਂ ਹੁੰਦੇ ਹੋਏ ਪਵਿੱਤਰ ਵੇਈਂ ਦੇ ਕੰਢੇ-ਕੰਢੇ ਗੁਰਦੁਆਰਾ ਗੁਰਪ੍ਰਕਾਸ਼ ਨਿਰਮਲ ਕੁਟੀਆ ਸੁਲਤਾਨਪੁਰ ਲੋਧੀ ਵਿਖੇ ਸੰਪੂਰਨ ਹੋਇਆ। ਇਸ ਨਗਰ ਕੀਰਤਨ ਦੌਰਾਨ ਸੰਤ ਸੀਚੇਵਾਲ ਵੱਲੋਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ ਹੋਇਆ ਸੀ। ਪੂਰੇ ਨਗਰ ਕੀਰਤਨ ਦੌਰਾਨ ਇਹ ਮੰਡ ਇਲਾਕਾ ਬਾਬੇ ਨਾਨਕ ਦੇ ਰੰਗਾਂ ਵਿੱਚ ਰੰਗਾਂ ਹੋਇਆ ਸੀ ਅਤੇ ਇਸ ਇਲਾਕੇ ਦਾ ਦ੍ਰਿਸ਼ ਨਾਨਕਮਈ ਦਿਖਾਈ ਦੇ ਰਿਹਾ ਸੀ। ਸੰਗਤਾਂ ਵੱਲੋਂ ਨਗਰ ਕੀਰਤਨ ਦੇ ਪਿੱਛੇ-ਪਿੱਛੇ ਗੁਰਬਾਣੀ ਦਾ ਗਾਇਨ ਕੀਤਾ ਜਾ ਰਿਹਾ ਸੀ।ਸੰਤ ਅਵਤਾਰ ਸਿੰਘ ਯਾਦਗਾਰੀ ਸਕੂਲ ਤੇ ਕਾਲਜ ਦੇ ਬੱਚਿਆਂ ਵੱਲੋਂ ਨਗਰ ਕੀਰਤਨ ਦੇ ਅੱਗੇ-ਅੱਗੇ ਤਖਤੀਆਂ ਰਾਹੀ ਵਾਤਾਵਰਨ ਦੇ ਸੁਨੇਹਾ ਦਿੱਤਾ ਜਾ ਰਿਹਾ ਸੀ। ਨਗਰ ਕੀਰਤਨ ਵਿੱਚ ਪੈਦਲ ਚੱਲ ਰਹੀਆਂ ਸੰਗਤਾਂ ਦੇ ਸਵਾਗਤ ਲਈ ਹਰ ਪਿੰਡ ਵਿੱਚ ਸੰਗਤਾਂ ਉਡੀਕ ਵਿੱਚ ਸਨ।