ਨਿੱਜੀ ਪੱਤਰ ਪ੍ਰੇਰਕ
ਜਲੰਧਰ, 6 ਸਤੰਬਰ
ਪੰਜਾਬ ਗੌਰਮਿੰਟ ਨਰਸਿਜ਼ ਐਸੋਸੀਏਸ਼ਨ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਅਣਮਿਥੇ ਸਮੇਂ ਲਈ ਹੜਤਾਲ ਸ਼ੁਰੂ ਕਰ ਦਿੱਤੀ ਹੈ। ਜਥੇਬੰਦੀ ’ਚ ਸ਼ਾਮਲ ਨਰਸਾਂ ਨੇ ਅੱਜ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਮੰਗ ਕੀਤੀ ਕਿ ਜੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਨਰਸਾਂ ਵੱਲੋਂ ਛੇੜੇ ਗਏ ਸੰਘਰਸ਼ ਦੌਰਾਨ ਐਮਰਜੈਂਸੀ ਸੇਵਾਵਾਂ ਵੀ ਠੱਪ ਰਹੀਆਂ। ਜਿਸ ਕਾਰਨ ਸਾਰੇ ਸਰਕਾਰੀ ਹਸਪਤਾਲਾਂ ’ਚ ਮਰੀਜ਼ਾਂ ਨੂੰ ਪ੍ਰੇਸ਼ਾਨੀ ਝੱਲਣੀ ਪਈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਇਸ ਸਮੇਂ ਦੌਰਾਨ ਕੋਈ ਅਨਹੋਣੀ ਘਟਨਾ ਵਾਪਰੀ ਤਾਂ ਉਸ ਲਈ ਪੰਜਾਬ ਸਰਕਾਰ ਜ਼ਿੰਮੇਵਾਰ ਹੋਵੇਗੀ। ਜਥੇਬੰਦੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨਾਲ ਗੱਲਬਾਤ ਕਰਨ ਲਈ ਕਈ ਵਾਰ ਸਮਾਂ ਮੰਗਿਆ ਸੀ ਪਰ ਉਨ੍ਹਾਂ ਦੇ ਕੰਮ ਦੀ ਅਣਦੇਖੀ ਕੀਤੀ ਜਾ ਰਹੀ ਹੈ। ਮਜਬੂਰ ਹੋ ਕੇ ਅਣਮਿਥੇ ਸਮੇਂ ਦੀ ਹੜਤਾਲ ਕਰਨੀ ਪੈ ਰਹੀ ਹੈ। ਜਥੇਬੰਦੀ ਦੇ ਅਹੁਦੇਦਾਰਾਂ ਨੇ ਕਿਹਾ ਕਿ 7 ਤੇ 8 ਸਤੰਬਰ ਨੂੰ ਸਮੂਹਿਕ ਛੁੱਟੀ ਲੈ ਕੇ ਸਮੁੱਚੇ ਪੰਜਾਬ ਦੇ ਸਰਕਾਰੀ ਹਸਪਤਾਲਾਂ ’ਚ ਕੰਮਕਾਜ ਠੱਪ ਕਰ ਦਿੱਤਾ ਜਾਵੇਗਾ। ਨਰਸਾਂ ਦੀ ਹੜਤਾਲ ਨੂੰ ਦੇਖਦਿਆਂ ਡਾਕਟਰਾਂ ਤੇ ਪੈਰਾ ਮੈਡੀਕਲ ਸਟਾਫ ਨੇ ਸਿਹਤ ਸੇਵਾਵਾਂ ਨੂੰ ਜਾਰੀ ਰੱਖਣ ਦੀ ਜ਼ਿੰਮੇਵਾਰੀ ਸੰਭਾਲ ਲਈ ਹੈ। ਜਥੇਬੰਦੀ ਦੀ ਪ੍ਰਧਾਨ ਕਾਂਤਾ ਕੁਮਾਰੀ ਤੇ ਜਨਰਲ ਸਕੱਤਰ ਪਲਵਿੰਦਰ ਕੌਰ ਨੇ ਸਰਕਾਰ ਦੇ ਅੜੀਅਲ ਰਵੱਈਏ ਦੀ ਨਿੰਦਾ ਕੀਤੀ।
ਹੁਸ਼ਿਆਰਪੁਰ (ਪੱਤਰ ਪ੍ਰੇਰਕ) ਪੰਜਾਬ ਸਰਕਾਰ ਵੱਲੋਂ ਦਿੱਤੀ ਪੇ ਕਮਿਸ਼ਨ ਦੀ ਅਧੂਰੀ ਰਿਪੋਰਟ ਨੂੰ ਲੈ ਕੇ ਸੂਬੇ ਦੇ ਨਰਸਿੰਗ ਸਟਾਫ਼ ਦੀ ਜੁਆਇੰਟ ਐਕਸ਼ਨ ਕਮੇਟੀ ਵੱਲੋਂ ਰੋਸ ਵਜੋਂ ਆਪਣੇ ਕੰਮਾਂ ਦਾ ਬਾਈਕਾਟ ਕਰਕੇ ਸਿਵਲ ਸਰਜਨ ਰਾਹੀ ਪੰਜਾਬ ਸਰਕਾਰ ਨੂੰ ਇਕ ਮੰਗ ਪੱਤਰ ਭੇਜਿਆ ਗਿਆ। ਇਸ ਉਪਰੰਤ ਉਨ੍ਹਾਂ ਸਿਵਲ ਹਸਪਤਾਲ ਵਿੱਚ ਰੋਸ ਧਰਨਾ ਵੀ ਦਿੱਤਾ। ਐਸੋਸੀਏਸ਼ਨ ਦੇ ਉਪ ਪ੍ਰਧਾਨ ਸ਼ਰਨਜੀਤ ਕੌਰ ਨੇ ਦੱਸਿਆ ਕਿ ਕਰੋਨਾ ਮਹਾਂਮਾਰੀ ਦੌਰਾਨ ਆਪਣੀ ਅਤੇ ਆਪਣੇ ਪਰਿਵਾਰ ਦੀਆਂ ਜਾਨਾਂ ਦੀ ਪ੍ਰਵਾਹ ਨਾ ਕਰਦੇ ਹੋਏ ਕੇਡਰ ਵੱਲੋਂ ਆਪਣੀ ਡਿਊਟੀ ਨੂੰ ਤਰਜੀਹ ਦਿੱਤੀ ਗਈ। ਅੱਜ ਨਰਸਿੰਗ ਕੇਡਰ ਸਰਕਾਰ ਨੂੰ ਆਪਣੀ ਆਵਾਜ਼ ਸੁਣਾਉਣ ਲਈ ਸੜਕਾਂ ’ਤੇ ਉਤਰਨ ਨੂੰ ਮਜਬੂਰ ਹੋਇਆ ਹੈ।
ਫਗਵਾੜਾ (ਪੱਤਰ ਪ੍ਰੇਰਕ) ਜੁਆਇੰਟ ਐਕਸ਼ਨ ਨਰਸਿੰਗ ਕਮੇਟੀ ਪੰਜਾਬ ਤੇ ਯੂ.ਟੀ. ਵੱਲੋਂ ਦਿੱਤੇ ਸੱਦੇ ’ਤੇ ਅੱਜ ਪ੍ਰਧਾਨ ਮੀਨਾ ਸ਼ਰਮਾ ਦੀ ਅਗਵਾਈ ’ਚ ਨਰਸਿੰਗ ਸਟਾਫ਼ ਨੇ ਅੱਜ ਸਵੇਰੇ 9 ਤੋਂ 2 ਵਜੇ ਤੱਕ ਸਿਵਲ ਹਸਪਤਾਲ ’ਚ ਰੋਸ ਮੁਜ਼ਾਹਰਾ ਕੀਤਾ ਤੇ ਹੱਥਾ ’ਚ ਤਖ਼ਤੀਆਂ ਫੜ੍ਹ ਕੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਤੇ ਕੰਮਕਾਜ ਠੱਪ ਰੱਖਿਆ।
ਪੰਜਾਬ ਸਰਕਾਰ ’ਤੇ ਵਾਅਦਾ-ਖ਼ਿਲਾਫ਼ੀ ਕਰਨ ਦਾ ਦੋਸ਼
ਕਾਹਨੂੰਵਾਨ (ਪੱਤਰ ਪ੍ਰੇਰਕ) ਮੈਡੀਕਲ ਪ੍ਰੈਕਟੀਸ਼ਨਰਜ਼ ਬਲਾਕ ਕਾਹਨੂੰਵਾਨ ਦੀ ਮੀਟਿੰਗ ਬਲਾਕ ਪ੍ਰਧਾਨ ਦਲਬੀਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਇਕੱਠੇ ਹੋਏ ਮੈਡੀਕਲ ਪ੍ਰੈਕਟੀਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਭੜਾਸ ਕੱਢੀ। ਉਨ੍ਹਾਂ ਨੇ ਕਿਹਾ ਕਿ ਹਰੇਕ ਵਰਗ ਵਾਂਗ ਮੈਡੀਕਲ ਪ੍ਰੈਕਟੀਸ਼ਨਰਜ਼ ਨਾਲ ਵੀ ਧੋਖਾ ਹੋਇਆ ਹੈ। ਇਸ ਮੌਕੇ ਅਹੁਦੇਦਾਰਾਂ ਵੱਲੋਂ ਆਪਣੀਆਂ ਮੰਗਾ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਵਿਖਾਵਾ ਕਰਦਿਆਂ ਕਿਹਾ ਕੇ 2017 ਦੀਆਂ ਚੋਣਾਂ ਸਮੇਂ ਕਾਂਗਰਸ ਪਾਰਟੀ ਨੇ ਚੋਣ ਮਨੋਰਥ ਪੱਤਰ ਵਿੱਚ ਵਾਅਦਾ ਕੀਤਾ ਸੀ ਕੇ ਸਰਕਾਰ ਬਣਦਿਆਂ ਹੀ ਆਰਐੱਮਪੀ ਡਾਕਟਰਾਂ ਨੂੰ ਰਜਿਸਟ੍ਰੇਸ਼ਨ ਕਰਕੇ ਪ੍ਰੈਕਟਿਸ ਕਰਨ ਦਾ ਅਧਿਕਾਰ ਦਿੱਤਾ ਜਾਵੇਗਾ ਪਰ ਵਾਅਦਾ ਪੂਰਾ ਨਾ ਕਰਕੇ ਧੋਖਾ ਕੀਤਾ ਹੈ। ਉਨ੍ਹਾਂ ਨੇ ਕਿਹਾ ਕੇ 2022 ਦੀਆਂ ਚੋਣਾਂ ਵਿੱਚ ਆਰਐੱਮਪੀ ਤੇ ਉਨ੍ਹਾਂ ਦੇ ਪਰਿਵਾਰਾਂ ਵੱਲੋਂ ਸਰਕਾਰ ਦਾ ਜ਼ੋਰਦਾਰ ਵਿਰੋਧ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਵੱਲੋਂ ਸਰਕਾਰ ਖ਼ਿਲਾਫ਼ ਵੀ ਰੋਸ ਪ੍ਰਦਰਸ਼ਨ ਕੀਤਾ। ਉਨ੍ਹਾਂ ਕਿਹਾ ਕੇ ਹਰਿਆਣਾ ਸਰਕਾਰ ਲਾਠੀ ਚਾਰਜ ਦਾ ਹੁਕਮ ਦੇਣ ਵਾਲੇ ਅਫ਼ਸਰ ਕਮ ਐੱਸਡੀਐੱਮ ਕਰਨਾਲ ਤੇ ਐੱਸਐੱਚਓ ਹਰਜਿੰਦਰ ਸਿੰਘ ਖ਼ਿਲਾਫ਼ ਖੱਟਰ ਸਰਕਾਰ 302 ਤਹਿਤ ਪਰਚਾ ਦਰਜ ਕਰੇ ਤੇ ਸ਼ਹੀਦ ਹੋਏ ਕਿਸਾਨ ਦੇ ਪਰਿਵਾਰ ਨੂੰ 25 ਲੱਖ ਰੁਪਏ ਮੁਆਵਜ਼ਾ ਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਵੇ।