ਨਵਾਂਸ਼ਹਿਰ: ਨਿਊ ਆਟੋ ਵਰਕਰਜ਼ ਯੂਨੀਅਨ (ਇਫਟੂ) ਵੱਲੋਂ ਨਵਾਂਸ਼ਹਿਰ ਵਿੱਚ ਡੀਜ਼ਲ, ਪੈਟਰੋਲ, ਸੀਐੱਨਜੀ,ਪੀਐੱਨਜੀ ਅਤੇ ਰਸੋਈ ਗੈਸ ਦੀਆਂ ਕੀਮਤਾਂ ਦੇ ਵਾਧੇ ਵਿਰੁੱਧ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਉੱਤੇ ਸੜਕਾਂ ਉੱਤੇ ਆਟੋ ਖੜ੍ਹੇ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਨਿਊ ਆਟੋ ਵਰਕਰਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਪੁਨੀਤ ਬਛੌੜੀ , ਜ਼ਿਲ੍ਹਾ ਮੀਤ ਪ੍ਰਧਾਨ ਬਿੱਲਾ ਗੁੱਜਰ, ਇਫਟੂ ਦੇ ਸੂਬਾ ਪ੍ਰੈਸ ਸਕੱਤਰ ਜਸਬੀਰ ਦੀਪ ਨੇ ਕਿਹਾ ਕਿ ਪੈਟਰੋਲ, ਡੀਜ਼ਲ ਦੀਆਂ ਕੀਮਤਾਂ ਦੇ ਵਾਧੇ ਲਈ ਕੇਂਦਰ ਦੀ ਮੋਦੀ ਸਰਕਾਰ ਅਤੇ ਪੰਜਾਬ ਦੀ ਕੈਪਟਨ ਸਰਕਾਰ ਬਰਾਬਰ ਦੀਆਂ ਜ਼ਿੰਮੇਵਾਰ ਹਨ। ਉਨ੍ਹਾਂ ਕਿਹਾ ਕਿ ਸਰਕਾਰਾਂ ਦੀਆਂ ਨੀਤੀਆਂ ਕਾਰਨ ਆਟੋ ਚਾਲਕ ਬੈਂਕਾਂ ਦੀਆਂ ਕਿਸ਼ਤਾਂ ਨਹੀਂ ਦੇ ਸਕਦੇ। -ਪੱਤਰ ਪ੍ਰੇਰਕ