ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 12 ਸਤੰਬਰ
ਪੰਜਾਬ ਰੋਡਵੇਜ਼ ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਅਤੇ ਪੀਆਰਟੀਸੀ ਦੇ ਮੁਲਾਜ਼ਮਾਂ ਵੱਲੋਂ ਅੱਜ ਕਾਂਗਰਸੀ ਵਿਧਾਇਕ ਰਾਜ ਕੁਮਾਰ ਵੇਰਕਾ ਦੀ ਰਿਹਾਇਸ਼ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ ਤੇ ਮੰਗ ਪੱਤਰ ਸੌਂਪਿਆ ਗਿਆ।
ਸੂਬਾ ਮੀਤ ਪ੍ਰਧਾਨ ਗੁਰਜੀਤ ਸਿੰਘ ਅਤੇ ਡਿੱਪੂ ਪ੍ਰਧਾਨ ਹੀਰਾ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਹੜਤਾਲ ਅੱਜ 7ਵੇਂ ਦਿਨ ਵਿੱਚ ਸ਼ਾਮਿਲ ਹੋ ਗਈ ਹੈ ਪਰ ਸਰਕਾਰ ਦੇ ਸਿਰ ’ਤੇ ਜੂੰ ਤੱਕ ਨਹੀਂ ਸਰਕੀ। ਉਨ੍ਹਾਂ ਕਿਹਾ ਕਿ ਯੂਨੀਅਨ ਦੀਆਂ ਮੰਗਾਂ ਮੰਨੇ ਜਾਣ ਤਕ ਹੜਤਾਲ ਜਾਰੀ ਰਹੇਗੀ ਤੇ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।
ਡਿਪੂ ਪ੍ਰਧਾਨ ਕੇਵਲ ਸਿੰਘ ਤੇ ਸਕੱਤਰ ਬਲਜੀਤ ਸਿੰਘ ਨੇ ਦੱਸਿਆ ਕਿ ਵਿਧਾਇਕ ਰਾਜ ਕੁਮਾਰ ਵੇਰਕਾ ਦੀ ਰਿਹਾਇਸ਼ ’ਤੇ ਧਰਨਾ ਚੱਲ ਰਿਹਾ ਸੀ। ਸ੍ਰੀ ਵੇਰਕਾ ਨੇ ਧਰਨੇ ਵਾਲੀ ਥਾਂ ’ਤੇ ਆ ਕੇ ਮੁਲਾਜ਼ਮਾਂ ਨੂੰ ਭਰੋਸਾ ਦਿੱਤਾ ਕਿ ਉਹ 14 ਸਤੰਬਰ ਨੂੰ ਹੋਣ ਵਾਲੀ ਮੀਟਿੰਗ ਵਿੱਚ ਮਸਲਾ ਹੱਲ ਕਰਵਾਉਣ ਵਾਸਤੇ ਗੱਲਬਾਤ ਕਰਨਗੇ। ਕੁਲਜੀਤ ਸਿੰਘ ਅਤੇ ਪ੍ਰੇਮ ਸਿੰਘ ਨੇ ਆਖਿਆ ਕਿ ਜੇ ਸਰਕਾਰ 14 ਸਤੰਬਰ ਦੀ ਮੀਟਿੰਗ ਵਿੱਚ ਮੰਗਾਂ ਮੰਨਣ ਲਈ ਤਿਆਰ ਨਹੀਂ ਹੁੰਦੀ ਜਾਂ ਮੀਟਿੰਗ ਬੇਸਿੱਟਾ ਰਹਿੰਦੀ ਹੈ ਤਾਂ 15 ਸਤੰਬਰ ਨੂੰ ਪੰਜਾਬ ਭਰ ਵਿਚ ਪੂਰੇ ਹਾਈਵੇਅ ਜਾਮ ਕੀਤੇ ਜਾ ਸਕਦੇ ਹਨ। ਇਸ ਵਿੱਚ ਸਮੂਹ ਕਿਸਾਨ ਜਥੇਬੰਦੀਆਂ ਅਤੇ ਹੋਰ ਭਰਾਤਰੀ ਜਥੇਬੰਦੀਆਂ ਸਹਿਯੋਗ ਦੇਣਗੀਆਂ। ਇਸ ਮੌਕੇ ਨਰਿੰਦਰਪਾਲ ਚਮਿਆਰੀ, ਮਾਸਟਰ ਸੁੱਚਾ ਸਿੰਘ ਸੁਖਦੇਵ ਸਿੰਘ, ਹਰਪਾਲ ਸਿੰਘ, ਗੁਰਮੀਤ ਸਿੰਘ, ਗੁਰਮੁਖ ਸਿੰਘ, ਸੁਖਬੀਰ ਸਿੰਘ ਤੇ ਹੋਰ ਵੀ ਹਾਜ਼ਰ ਸਨ।