ਜਗਜੀਤ ਸਿੰਘ
ਮੁਕੇਰੀਆਂ, 27 ਅਕਤੂਬਰ
ਸੂਬੇ ਅੰਦਰ ਝੋਨੇ ਦੇ ਖਰੀਦ ਪ੍ਰਬੰਧਾਂ ’ਤੇ ਤਸੱਲੀ ਪ੍ਰਗਟਾਉਂਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ, ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਇੱਥੇ ਦਾਅਵਾ ਕੀਤਾ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ ਚਾਰ ਘੰਟਿਆਂ ਅੰਦਰ ਫ਼ਸਲ ਦੀ ਅਦਾਇਗੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀਆਂ ਮੰਡੀਆਂ ਅੰਦਰ 85 ਲੱਖ ਮੀਟਰਿਕ ਟਨ ਦੀ ਕੁੱਲ ਆਮਦ ’ਚੋਂ 82 ਲੱਖ ਟਨ ਝੋਨੇ ਦੀ ਲਿਫ਼ਟਿੰਗ ਹੋ ਚੁੱਕੀ ਹੈ। ਉਹ ਅੱਜ ਮੁਕੇਰੀਆਂ ਦੀ ਦਾਣਾ ਮੰਡੀ ਅੰਦਰ ਖਰੀਦ ਪ੍ਰਬੰਧਾ ਦਾ ਜਾਇਜ਼ਾ ਲੈਣ ਪੁੱਜੇ ਸਨ। ਉਨ੍ਹਾਂ ਕਿਸਾਨਾਂ ਤੇ ਆੜ੍ਹਤੀਆਂ ਦੀ ਮੰਗ ਅਨੁਸਾਰ ਸ਼ਹਿਰ ਦੀ ਸੌੜੀ ਦਾਣਾ ਮੰਡੀ ਸ਼ਹਿਰੋਂ ਬਾਹਰ ਲਿਜਾਣ ਦਾ ਭਰੋਸਾ ਵੀ ਦਿੱਤਾ। ਕੈਬਨਿਟ ਮੰਤਰੀ ਕਟਾਰੂਚੱਕ ਨੇ ਕਿਹਾ ਕਿ ਉਹ 18 ਜ਼ਿਲ੍ਹਿਆਂ ਦੀਆਂ ਦਾਣਾ ਮੰਡੀਆਂ ਦਾ ਜਾਇਜ਼ਾ ਲੈ ਚੁੱਕੇ ਹਨ ਅਤੇ ਮੰਡੀਆਂ ਵਿੱਚ ਖਰੀਦ ਪ੍ਰਬੰਧਾਂ ਦੀ ਰੋਜ਼ਾਨਾ ਅਧਿਕਾਰੀਆਂ ਤੇ ਸਰਕਾਰੀ ਨੁਮਾਇੰਦਿਆਂ ਵੱਲੋਂ ਦੌਰੇ ਕਰਕੇ ਨਿਗਰਾਨੀ ਕੀਤੀ ਜਾ ਰਹੀ ਹੈ। ਕਿਸਾਨਾਂ ਨੂੰ ਹੁਣ ਤੱਕ 10 ਹਜ਼ਾਰ ਕਰੋੜ ਦੀ ਅਦਾਇਗੀ ਹੋ ਚੁੱਕੀ ਹੈ ਅਤੇ ਰਹਿੰਦੀ ਅਦਾਇਗੀ ਲਗਾਤਾਰ ਕੀਤੀ ਜਾ ਰਹੀ ਹੈ। ਭਗਵੰਤ ਮਾਨ ਸਰਕਾਰ ਵੱਲੋਂ ਝੋਨੇ ਦੀ ਖ਼ਰੀਦ ਦੇ ਲੋੜੀਂਦੇ ਪ੍ਰਬੰਧ ਅਗਾਊਂ ਰੂਪ ਵਿੱਚ ਮੁਕੰਮਲ ਕਰਨ ਕਰਕੇ ਸੂਬੇ ਦੀਆਂ ਮੰਡੀਆਂ ਵਿੱਚ ਝੋਨੇ ਦੇ ਇਕ-ਇਕ ਦਾਣੇ ਦੀ ਖ਼ਰੀਦ ਪਾਰਦਰਸ਼ਤਾ ਅਤੇ ਸੁਚਾਰੂ ਢੰਗ ਨਾਲ ਕੀਤੀ ਜਾ ਰਹੀ ਹੈ। ਇਸ ਮੌਕੇ ‘ਆਪ’ ਦੇ ਹਲਕਾ ਇੰਚਾਰਜ ਗੁਰਧਿਆਨ ਸਿੰਘ ਮੁਲਤਾਨੀ ਤੇ ਵਿਭਾਗ ਦੇ ਡਿਪਟੀ ਡਾਇਰੈਕਟਰ ਰਜਨੀਸ਼ ਕੁਮਾਰੀ ਸਣੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਆੜ੍ਹਤੀਏ ਤੇ ਕਿਸਾਨ ਹਾਜ਼ਰ ਸਨ।