ਪੱਤਰ ਪ੍ਰੇਰਕ
ਹੁਸ਼ਿਆਰਪੁਰ, 22 ਜੂਨ
ਚਿੰਤਪੁਰਨੀ-ਜਲੰਧਰ ਸੜਕ ਨੂੰ ਚੌੜਾ ਕਰ ਕੇ ਚਾਰ ਮਾਰਗੀ ਬਣਾਉਣ ਦੇ ਚੱਲ ਰਹੇ ਕੰਮ ਵਿਚ ਵਰਤੀ ਜਾ ਰਹੀ ਢਿੱਲਮੱਠ ਤੋਂ ਪ੍ਰੇਸ਼ਾਨ ਇਲਾਕੇ ਦੇ ਲੋਕਾਂ ਨੇ ਅੱਜ ਅੱਡਾ ਨਸਰਾਲਾ ਵਿੱਚ ਹੁਸ਼ਿਆਰਪੁਰ-ਜਲੰਧਰ ਸੜਕ ’ਤੇ ਧਰਨਾ ਦੇ ਕੇ ਚੱਕਾ ਜਾਮ ਕਰ ਦਿੱਤਾ। ਧਰਨਾਕਾਰੀਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਖਿਲਾਫ਼ ਨਾਅਰੇਬਾਜ਼ੀ ਕੀਤੀ। ਉਨ੍ਹਾਂ ਦੱਸਿਆ ਕਿ ਸੜਕ ਦੀ ਹਾਲਤ ਬੇਹੱਦ ਖਸਤਾ ਹੋ ਚੁੱਕੀ ਹੈ। ਇਸ ਸਮੱਸਿਆ ਨੂੰ ਉਹ ਕਈ ਵਾਰ ਡਿਪਟੀ ਕਮਿਸ਼ਨਰ ਦੇ ਧਿਆਨ ਵਿਚ ਲਿਆ ਚੁੱਕੇ ਹਨ ਪਰ ਕੋਈ ਕਾਰਵਾਈ ਨਹੀਂ ਹੋ ਰਹੀ। ਧਰਨਾਕਾਰੀਆਂ ਨੇ ਕਿਹਾ ਕਿ ਅੱਜ ਉਨ੍ਹਾਂ ਨੇ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ ਦਿੱਤਾ ਹੈ ਅਤੇ ਇਹ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਇਸ ਸਮੱਸਿਆ ਦਾ ਹੱਲ ਨਹੀਂ ਕੀਤਾ ਜਾਂਦਾ। ਧਰਨਾਕਾਰੀਆਂ ਨੇ ਕਿਹਾ ਕਿ ਜਦੋਂ ਵੀ ਇਲਾਕੇ ਦੇ ਲੋਕਾਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਜਾਂਦਾ ਹੈ ਤਾਂ ਪ੍ਰਸ਼ਾਸਨਿਕ ਅਧਿਕਾਰੀ ਮੌਕੇ ’ਤੇ ਪਹੁੰਚ ਕੇ ਵੱਡੇ-ਵੱਡੇ ਵਾਅਦੇ ਕਰਕੇ ਲੋਕਾਂ ਨੂੰ ਸ਼ਾਂਤ ਕਰਕੇ ਚਲੇ ਜਾਂਦੇ ਹਨ ਪਰ ਉਨ੍ਹਾਂ ਤੇ ਅਮਲ ਨਹੀਂ ਕੀਤਾ ਜਾਂਦਾ। ਉਨ੍ਹਾਂ ਕਿਹਾ ਕਿ ਜੇਕਰ ਪ੍ਰਸ਼ਾਸਨਿਕ ਅਧਿਕਾਰੀ ਚਾਹੁਣ ਤਾਂ ਇਸ ਸਮੱਸਿਆ ਦਾ ਹੱਲ ਨਿਕਲ ਸਕਦਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਹੁਣ ਉਨ੍ਹਾਂ ਨੇ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ ਕਰ ਦਿੱਤਾ ਹੈ।