ਹਰਪ੍ਰੀਤ ਕੌਰ
ਹੁਸ਼ਿਆਰਪੁਰ, 14 ਅਗਸਤ
ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਅੱਜ ਇੱਥੇ ਕਿਹਾ ਕਿ ਲੋਕਾਂ ਨੂੰ ਘਰਾਂ ਦੇ ਨੇੜੇ ਸਿਹਤ ਸੇਵਾਵਾਂ ਦੇਣ ਦੇ ਉਦੇਸ਼ ਨਾਲ ਸੂਬੇ ਵਿੱਚ ਆਮ ਆਦਮੀ ਕਲੀਨਿਕ ਖੋਲ੍ਹੇ ਜਾ ਰਹੇ ਹਨ ਜੋ ਪੰਜਾਬ ਸਰਕਾਰ ਦੇ ਸਿਹਤਮੰਦ ਪੰਜਾਬ ਦੇ ਸੁਫਨਿਆਂ ਨੂੰ ਸਾਕਾਰ ਕਰਨਗੇ। ਉਹ ਅੱਜ ਹੁਸ਼ਿਆਰਪੁਰ ਦੇ ਚਾਰ ਆਮ ਆਦਮੀ ਕਲੀਨਿਕਾਂ ਦਾ ਜਾਇਜ਼ਾ ਲੈਣ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 75ਵੇਂ ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ ’ਤੇ ਸੂਬੇ ਵਿੱਚ 75 ਆਮ ਆਦਮੀ ਕਲੀਨਿਕ ਆਜ਼ਾਦੀ ਦਿਵਸ ’ਤੇ ਜਨਤਾ ਨੂੰ ਸਮਰਪਿਤ ਕੀਤੇ ਜਾ ਰਹੇ ਹਨ। ਆਮ ਆਦਮੀ ਕਲੀਨਿਕ ਦੇ ਡਾਕਟਰਾਂ ਤੇ ਸਟਾਫ਼ ਨੂੰ ਨਿਯੁਕਤੀ ਪੱਤਰ ਸੌਂਪਦੇ ਹੋਏ ਕੈਬਨਿਟ ਮੰਤਰੀ ਨੇ ਉਨ੍ਹਾਂ ਨੂੰ ਤਨਦੇਹੀ ਨਾਲ ਲੋਕਾਂ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੱਸਿਆ ਕਿ ਹੁਸ਼ਿਆਰਪੁਰ ਸ਼ਹਿਰ ਵਿੱਚ ਫਾਇਰ ਬ੍ਰਿਗੇਡ ਦਫ਼ਤਰ, ਨਲੋਈਆਂ ਚੌਕ, ਡਰੇਨੇਜ਼ ਵਿਭਾਗ ਦੇ ਦਫ਼ਤਰ ਤੇ ਸਰਕਾਰੀ ਐਲੀਮੈਂਟਰੀ ਸਕੂਲ ਬਹਾਦਰਪੁਰ ਦੇ ਸਾਹਮਣੇ ਨਗਰ ਨਿਗਮ ਵਿੱਚ ਇਹ ਕਲੀਨਿਕ ਖੁੱਲ੍ਹਣਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਆਮ ਆਦਮੀ ਕਲੀਨਿਕਾਂ ਵਿੱਚ ਜ਼ਿਲ੍ਹਾ ਨਿਵਾਸੀਆਂ ਦਾ ਮੁਫ਼ਤ ਇਲਾਜ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਉਪਲਭਧ ਕਰਵਾਈਆਂ ਜਾਣਗੀਆਂ। ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ ਤੇ ਸਿਵਲ ਸਰਜਨ ਡਾ. ਅਮਰਜੀਤ ਸਿੰਘ ਵੀ ਮੌਜੂਦ ਸਨ।