ਪੱਤਰ ਪ੍ਰੇਰਕ
ਹੁਸ਼ਿਆਰਪੁਰ, 25 ਦਸੰਬਰ
ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਅੱਜ ਡਾਇਰੈਕਟਰ ਪੰਜਾਬ ਸਟੇਟ ਕੰਟੇਨਰ ਐਂਡ ਵੇਅਰਹਾਊਸ ਕਾਰਪੋਰੇਸ਼ਨ ਗੁਰਵਿੰਦਰ ਸਿੰਘ ਪਾਬਲਾ ਨੇ ਨੈਣਾ ਦੇਵੀ, ਆਨੰਦਪੁਰ ਸਾਹਿਬ, ਮਾਤਾ ਚਿੰਤਪੂਰਨੀ ਅਤੇ ਮਾਤਾ ਜਵਾਲਾ ਦੇਵੀ ਦੇ ਦਰਸ਼ਨਾਂ ਲਈ ਜਾਣ ਵਾਲੀ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਸ੍ਰੀ ਪਾਬਲਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ, ਉਨ੍ਹਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਲੋਕਾਂ ਨਾਲ ਤੀਰਥ ਅਸਥਾਨਾਂ ਦੀ ਯਾਤਰਾ ਕਰਵਾਉਣ ਦਾ ਵਾਅਦਾ ਕੀਤਾ ਸੀ, ਜਿਸ ਨੂੰ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਦੇ ਸ਼ੁਰੂ ਹੋਣ ਨਾਲ ਪੰਜਾਬ ਵਾਸੀਆਂ ਨੂੰ ਦੇਸ਼ ਭਰ ਦੇ ਵੱਖ-ਵੱਖ ਤੀਰਥ ਅਸਥਾਨਾਂ ਦੇ ਦਰਸ਼ਨਾਂ ਲਈ ਜਾਣ ਲਈ ਸਫ਼ਰ ਦੀ ਸੁਵਿਧਾ ਮੁਫ਼ਤ ਮਿਲੀ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਯਾਤਰਾ ’ਤੇ ਜਾਣ ਵਾਲੇ ਯਾਤਰੀਆਂ ਦਾ ਖਰਚਾ ਸਰਕਾਰ ਕਰੇਗੀ।
ਸ਼ਾਹਕੋਟ (ਪੱਤਰ ਪ੍ਰੇਰਕ): ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਧਾਰਮਿਕ ਯਾਤਰਾ ਕਰਵਾਉਣ ਲਈ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਦਰਬਾਰ ਸਾਹਿਬ ਅੰਮ੍ਰਿਤਸਰ ਅਤੇ ਤਖਤ ਤਲਵੰਡੀ ਸਾਬੋ ਦੇ ਦਰਸ਼ਨ ਕਰਵਾਉਣ ਲਈ 43 ਸ਼ਰਧਾਲੂਆਂ ਨਾਲ ਭਰੀ ਬੱਸ ਸ਼ਾਹਕੋਟ ਤੋਂ ਰਵਾਨਾ ਹੋਈ। ਐਸਡੀਐਮ ਸ਼ਾਹਕੋਟ ਰਿਸ਼ਭ ਬਾਂਸਲ ਨੇ ਦੱਸਿਆ ਕਿ ਯਾਤਰੀ ਬੱਸ ਨੂੰ ‘ਆਪ’ ਆਗੂ ਪਰਵੀਨ ਗਰੋਵਰ ਵੱਲੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਸ਼ਰਧਾਲੂਆਂ ਨੂੰ ਲੋੜੀਦੀਆਂ ਜ਼ਰੂਰਤਾਂ ਦੀਆਂ ਕਿੱਟਾਂ ਵੀ ਦਿੱਤੀਆਂ ਗਈਆਂ।