ਪੱਤਰ ਪ੍ਰੇਰਕ
ਹੁਸ਼ਿਆਰਪੁਰ, 11 ਫ਼ਰਵਰੀ
ਕਰਨਾਟਕ ਸਰਕਾਰ ਵੱਲੋਂ ਵਿੱਦਿਅਕ ਸੰਸਥਾਵਾਂ ’ਚ ਪੜ੍ਹ ਰਹੀਆਂ ਮੁਸਲਮਾਨ ਲੜਕੀਆਂ ਦੇ ਹਿਜਾਬ ਪਹਿਨਣ ’ਤੇ ਪਾਬੰਦੀ ਲਗਾਏ ਜਾਣ ਅਤੇ ਕੁਝ ਅਨਸਰਾਂ ਵੱਲੋਂ ਮੁਸਲਿਮ ਲੜਕੀਆਂ ਨਾਲ ਦੁਰਵਿਵਹਾਰ ਕੀਤੇ ਜਾਣ ਦੇ ਰੋਸ ਵਜੋਂ ਅੱਜ ਇੱਥੇ ਮੁਸਲਮਾਨ ਭਾਈਚਾਰੇ ਨੇ ਸਿੱਖ ਮੁਸਲਿਮ, ਦਲਿਤ, ਈਸਾਈ ਸਾਂਝਾ ਫ਼ਰੰਟ ਦੀ ਅਗਵਾਈ ਹੇਠ ਜਾਮਾ ਮਸਜਿਦ ਹੁਸ਼ਿਆਰਪੁਰ ਤੋਂ ਰੋਸ ਮਾਰਚ ਕੱਢਿਆ।
ਸ਼ਹਿਰ ਦੇ ਮੁੱਖ ਬਾਜ਼ਾਰਾਂ ’ਚੋਂ ਹੁੰਦਾ ਹੋਇਆ ਇਹ ਰੋਸ ਮਾਰਚ ਸੈਸ਼ਨ ਚੌਕ ਪੁੱਜਿਆ, ਜਿੱਥੇ ਮੋਦੀ ਤੇ ਕਰਨਾਟਕ ਦੇ ਮੁੱਖ ਮੰਤਰੀ ਦੇ ਪੁਤਲੇ ਫ਼ੂਕੇ ਗਏ। ਇਸ ਮੌਕੇ ਮੋਦੀ ਸਰਕਾਰ ਤੇ ਕਰਨਾਟਕ ਦੇ ਮੁੱਖ ਮੰਤਰੀ ਵਿਰੁੱਧ ਨਾਅਰੇਬਾਜ਼ੀ ਵੀ ਕੀਤੀ ਗਈ। ਫ਼ਰੰਟ ਦੇ ਆਗੂਆਂ ਨੇ ਕਿਹਾ ਕਿ ਜਦੋਂ ਦੀ ਕੇਂਦਰ ਵਿਚ ਮੋਦੀ ਸਰਕਾਰ ਆਈ ਹੈ, ਭਾਜਪਾ ਸ਼ਾਸਿਤ ਸੂਬਿਆਂ ’ਚ ਘੱਟ ਗਿਣਤੀਆਂ ਦੇ ਅਧਿਕਾਰਾਂ ਨੂੰ ਦਰੜਿਆ ਜਾ ਰਿਹਾ ਹੈ ਜਿਸ ਦੀ ਤਾਜ਼ਾ ਮਿਸਾਲ ਕਰਨਾਟਕ ਦੀ ਭਾਜਪਾ ਸਰਕਾਰ ਵੱਲੋਂ ਵਿੱਦਿਅਕ ਸੰਸਥਾਵਾਂ ਵਿਚ ਹਿਜਾਬ ਨਾ ਪਹਿਨਣ ਸਬੰਧੀ ਲਿਆ ਗਿਆ ਗੈਰ ਸੰਵਿਧਾਨਕ ਫ਼ੈਸਲਾ ਹੈ। ਉਨ੍ਹਾਂ ਰਾਸ਼ਟਰਪਤੀ ਤੋਂ ਮੰਗ ਕੀਤੀ ਕਿ ਕਰਨਾਟਕ ਸਰਕਾਰ ਦੇ ਫ਼ੈਸਲੇ ਨੂੰ ਰੱਦ ਕੀਤਾ ਜਾਵੇ ਅਤੇ ਜਿਨ੍ਹਾਂ ਸ਼ਰਾਰਤੀ ਅਨਸਰਾਂ ਨੇ ਮੁਸਲਮਾਨ ਲੜਕੀਆਂ ਨਾਲ ਦੁਰਵਿਵਹਾਰ ਕੀਤਾ ਹੈ, ਉਨ੍ਹਾਂ ਖਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਮੰਗ ਕੀਤੀ ਕਿ ਲੜਕੀਆਂ ਨੂੰ ਹਿਜਾਬ ਪਹਿਨਣ ਦੀ ਆਗਿਆ ਦਿੱਤੀ ਜਾਵੇ ਅਤੇ ਹਿਜਾਬ ਨਾ ਪਹਿਨਣ ਦੇ ਆਦੇਸ਼ ਜਾਰੀ ਕਰਨ ਵਾਲੇ ਸਿੱਖਿਆ ਮੰਤਰੀ ਨੂੰ ਤੁਰੰਤ ਅਹੁਦੇ ਤੋਂ ਹਟਾਇਆ ਜਾਵੇ।