ਜਲੰਧਰ (ਨਿੱਜੀ ਪੱਤਰ ਪੇ੍ਰਕ):
ਕਿਸਾਨ ਅੰਦੋਲਨਾਂ ਦੀ ਹਮਾਇਤ ਵਿਚ ਇਸਾਈ ਭਾਈਚਾਰਾ ਵੀ ਆ ਗਿਆ ਹੈ। ਇਸਾਈ ਭਾਈਚਾਰੇ ਵੱਲੋਂ ਡਿਪਟੀ ਕਮਿਸ਼ਨਰ ਦਫਤਰ ਅੱਗੇ ਰੋਸ ਪ੍ਰਦਰਸ਼ਨ ਕਰਕੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਨਵੇਂ ਖੇਤੀ ਕਾਨੂੰਨ ਰੱਦ ਕੀਤੇ ਜਾਣ। ਭਾਈਚਾਰੇ ਵੱਲੋਂ ਰਾਸ਼ਟਰਪਤੀ ਦੇ ਲਿਖਿਆ ਮੰਗ ਪੱਤਰ ਡਿਪਟੀ ਕਮਿਸ਼ਨਰ ਨੂੰ ਦਿੱਤਾ ਗਿਆ। ਇਸ ਰੋਸ ਪ੍ਰਦਰਸ਼ਨ ਵਿਚ ਰਾਸ਼ਟਰੀ ਮਸੀਹੀ ਸੰਘ ਦੇ ਨੌਰਥ ਇੰਡੀਆ ਤੇ ਪੰਜਾਬ ਕ੍ਰਿਸਚੀਅਨ ਮੂਵਮੈਂਟ ਦੇ ਆਗੂ ਸ਼ਾਮਲ ਸਨ। ਇਸ ਮੌਕੇ ਯੂਨਾਈਟਿਡ ਪਾਸਟਰ ਐਸੋਸੀਏਸ਼ਨ ਦੇ ਪ੍ਰਧਾਨ ਅਸ਼ੋਕ ਮਸੀਹ ਨੇ ਭਾਈਚਾਰੇ ਨੂੰ ਅਪੀਲ ਕੀਤੀ ਕਿ ਉਹ ਕਿਸਾਨੀ ਸੰਘਰਸ਼ ਵਿਚ ਸਾਥ ਦੇਣ।
ਰਿਲਾਇੰਸ ਮਾਲ ਸਾਹਮਣੇ ਧਰਨਾ ਜਾਰੀ
ਗੜ੍ਹਸ਼ੰਕਰ (ਜੋਗਿੰਦਰ ਕੁੱਲੇਵਾਲ): ਕੁੱਲ ਹਿੰਦ ਕਿਸਾਨ ਸਭਾ ਵੱਲੋਂ ਕਾਲੇ ਕਨੂੰਨ ਰੱਦ ਕਰਨ ਦੀ ਮੰਗ ਨੂੰ ਲੈ ਕੇ ਅੱਜ ਰਿਲਾਇੰਸ ਮੌਲ ਗੜ੍ਹਸ਼ੰਕਰ ਸਾਹਮਣੇ ਧਰਨਾ ਲਗਾਤਾਰ ਜਾਰੀ ਰਿਹਾ । ਇਸ ਮੌਕੇ ਕਿਸਾਨ ਸਭਾ ਦੇ ਸੂਬਾਈ ਆਗੂ ਦਰਸ਼ਨ ਸਿੰਘ ਮੱਟੂ, ਬੀਬੀ ਸੁਭਾਸ਼ ਮੱਟੂ ਸੂਬਾਈ ਮੀਤ ਪ੍ਰਧਾਨ ਜਨਵਾਦੀ ਇਸਤਰੀ ਸਭਾ,ਹਰਭਜਨ ਅਟਵਾਲ ਨੇ ਸੰਬੋਧਨ ਕੀਤਾ।
ਹੁਸ਼ਿਆਰਪੁਰ (ਹਰਪ੍ਰੀਤ ਕੌਰ): ਅਜ਼ਾਦ ਕਿਸਾਨ ਕਮੇਟੀ ਦੋਆਬਾ ਹੁਸ਼ਿਆਰਪੁਰ ਵਲੋਂ ਸੁਤਹਿਰੀ ਰੋਡ ’ਤੇ ਰਿਲਾਇੰਸ ਦਫ਼ਤਰ ਦੇ ਬਾਹਰ ਦਿੱਤਾ ਜਾ ਰਿਹਾ ਧਰਨਾ ਅੱਜ 72ਵੇਂ ਦਿਨ ਵੀ ਜਾਰੀ ਰਿਹਾ। ਮਾਸਟਰ ਹਰਬੰਸ ਸਿੰਘ ਸੰਘਾ ਦੀ ਅਗਵਾਈ ਹੇਠ ਚੱਲ ਰਹੇ ਇਸ ਧਰਨੇ ਵਿਚ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਕਰਮਚਾਰੀਆਂ ਨੇ ਵੀ ਯੋਗਦਾਨ ਦਿੱਤਾ।