ਪਾਲ ਸਿੰਘ ਨੌਲੀ
ਜਲੰਧਰ, 28 ਅਗਸਤ
ਪੰਜਾਬ ਦੇ ਖੇਡ ਅਤੇ ਯੁਵਕ ਸੇਵਾਵਾਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਰਾਸ਼ਟਰੀ ਖੇਡ ਦਿਵਸ ਦੀ ਪੂਰਵ ਸੰਧਿਆ ’ਤੇ ਖੇਡ ਸਭਿਆਚਾਰ ਨੂੰ ਵੱਡਾ ਹੁਲਾਰਾ ਦਿੰਦਿਆਂ ਜਲੰਧਰ ’ਚ 7.75 ਕਰੋੜ ਰੁਪਏ ਦੀ ਲਾਗਤ ਵਾਲੇ ਖੇਡ ਬੁਨਿਆਦੀ ਢਾਂਚੇ ਨਾਲ ਸਬੰਧਤ ਤਿੰਨ ਪ੍ਰਾਜੈਕਟਾਂ ਦਾ ਨੀਂਹ ਪਥਰ ਰੱਖਿਆ ਅਤੇ ਇਸ ਦੇ ਨਾਲ ਹੀ ਸਥਾਨਕ ਲਾਇਲਪੁਰ ਖਾਲਸਾ ਕਾਲਜ ਵਿਚ ਐਸਟਰੋਟਰਫ ਦਾ ਉਦਘਾਟਨ ਵੀ ਕੀਤਾ। ਸਭ ਤੋਂ ਪਹਿਲਾਂ ਹੰਸ ਰਾਜ ਸਟੇਡੀਅਮ ਵਿਚ ਟੇਬਲ ਟੈਨਿਸ ਹਾਲ ਦੇ ਨਵੀਨੀਕਰਨ ਦੇ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ, ਜਿਸ ’ਤੇ ਇਕ ਕਰੋੜ ਰੁਪਏ ਦੀ ਲਾਗਤ ਆਵੇਗੀ। ਇਸ ਉਪਰੰਤ ਖੇਡ ਮੰਤਰੀ ਅੰਤਰਰਾਸ਼ਟਰੀ ਖਿਡਾਰੀਆਂ ਦੀ ਨਰਸਰੀ ਵਜੋਂ ਜਾਣੇ ਜਾਂਦੇ ਸਪੋਰਟਸ ਕਾਲਜ ਪਹੁੰਚੇ, ਜਿਥੇ ਉਨ੍ਹਾਂ ਸਿੰਥੈਟਿਕ ਅਥਲੈਟਿਕ ਟਰੈਕ ਨੂੰ ਮੁੜ ਵਿਛਾਉਣ ਦਾ ਨੀਂਹ ਪੱਥਰ ਰੱਖਿਆ, ਜੋ ਕਿ 6.50 ਕਰੋੜ ਰੁਪਏ ਦੀ ਲਾਗਤ ਨਾਲ ਵਿਕਸਤ ਕੀਤਾ ਜਾਵੇਗਾ ਅਤੇ 25 ਲੱਖ ਰੁਪਏ ਨਾਲ 50 ਮੀਟਰ ਦੇ ਸਵੀਮਿੰਗ ਪੂਲ ਦਾ ਨਵੀਨੀਕਰਨ ਕੀਤਾ ਜਾਵੇਗਾ। ਉਪਰੰਤ ਖੇਡ ਮੰਤਰੀ ਨੇ ਸਥਾਨਕ ਲਾਇਲਪੁਰ ਖਾਲਸਾ ਕਾਲਜ ਵਿੱਚ ਸਿਕਸ-ਏ-ਸਾਈਡ ਹਾਕੀ ਐਸਟਰੋਟਰਫ ਦਾ ਉਦਘਾਟਨ ਵੀ ਕੀਤਾ।
ਉਨ੍ਹਾਂ ਕਿਹਾ ਕਿ ਨਵੀਂ ਨੀਤੀ ਤਹਿਤ ਮੈਡਲ ਜੇਤੂਆਂ ਲਈ ਨਕਦ ਪੁਰਸਕਾਰ ਦੀ ਰਾਸ਼ੀ ਵਿੱਚ ਵਾਧਾ ਕੀਤਾ ਗਿਆ ਹੈ ਅਤੇ 12 ਅਗਸਤ ਨੂੰ ਸਰਕਾਰ ਵਲੋਂ ਪੰਜਾਬ ਦੇ 20 ਟੋਕੀਓ ਓਲੰਪੀਅਨਾਂ ਵਿੱਚ 28.30 ਕਰੋੜ ਰੁਪਏ ਦੇ ਨਕਦ ਪੁਰਸਕਾਰ ਵੰਡੇ ਗਏ ਹਨ। ਇਸ ਦੌਰਾਨ ਖੇਡ ਮੰਤਰੀ ਨੇ ਭਾਰਤੀ ਹਾਕੀ ਟੀਮ ਦੇ ਖਿਡਾਰੀਆਂ, ਜਿਨ੍ਹਾਂ ਹਾਲ ਹੀ ਵਿੱਚ ਟੋਕੀਓ ਓਲੰਪਿਕ ਵਿੱਚ ਆਪਣੇ ਸ਼ਾਨਦਾਰ ਪ੍ਰਦਰਸ਼ਨ ਨਾਲ ਦੇਸ਼ ਦਾ ਨਾਂ ਰੌਸ਼ਨ ਕੀਤਾ, ਨਾਲ ਗੱਲਬਾਤ ਵੀ ਕੀਤੀ। ਇਸ ਮੌਕੇ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ, ਵਿਧਾਇਕ ਰਜਿੰਦਰ ਬੇਰੀ, ਅਵਤਾਰ ਹੈਨਰੀ ਜੂਨੀਅਰ, ਮੇਅਰ ਜਗਦੀਸ਼ ਰਾਜ ਰਾਜਾ ਅਤੇ ਕੌਂਸਲਰ ਸੁਨੀਤਾ ਰਿੰਕੂ ਵੀ ਮੌਜੂਦ ਸਨ।