ਜੰਗ ਬਹਾਦਰ ਸਿੰਘ ਸੇਖੋਂ
ਗੜ੍ਹਸ਼ੰਕਰ, 19 ਜੂਨ
ਪਿੰਡ ਲੱਧੇਵਾਲ ਦੇ ਵਸਨੀਕਾਂ ਵੱਲੋਂ ਪੀਣ ਵਾਲੇ ਪਾਣੀ ਦੀ ਸਪਲਾਈ ਨਾ ਹੋਣ ਕਾਰਨ ਅੱਜ ਪੰਜਾਬ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਲੋਕਾਂ ਨੇ ਖਾਲੀ ਬਾਲਟੀਆਂ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਲੇਬਰ ਪਾਰਟੀ ਦੇ ਪ੍ਰਧਾਨ ਜੈ ਗੋਪਾਲ ਧੀਮਾਨ ਦੀ ਹਾਜ਼ਰੀ ਵਿੱਚ ਪਿੰਡ ਵਾਸੀਆਂ ਨੇ ਦੱਸਿਆ ਕਿ ਪਿੰਡ ਲੱਧੇਵਾਲ ਦੇ ਲਗਭਗ 50-60 ਘਰਾਂ ਨੂੰ ਪੀਣ ਵਾਲੇ ਪਾਣੀ ਦੀ ਕੋਈ ਸਪਲਾਈ ਨਹੀਂ ਦਿੱਤੀ ਜਾ ਰਹੀ। ਉਨ੍ਹਾਂ ਕਿਹਾ ਕਿ ਲਗਭਗ 30 ਸਾਲਾਂ ਤੋਂ ਪਿੰਡ ਵਾਸੀ ਪੀਣ ਵਾਲੇ ਪਾਣੀ ਦੀ ਮੁਸ਼ਕਲ ਨਾਲ ਜੂਝ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਬਾਰੇ ਡਿਪਟੀ ਕਮਿਸ਼ਨਰ ਨੂੰ ਵੀ ਮਾਰਚ 2023 ਵਿੱਚ ਪਿੰਡ ਵਾਸੀਆਂ ਦੇ ਵਫ਼ਦ ਨੇ ਮੰਗ ਪੱਤਰ ਦਿੱਤਾ ਸੀ ਜਿਸ ਸਬੰਧੀ ਵੀ ਸਬੰਧਤ ਵਿਭਾਗ ਨੇ ਕੋਈ ਕਾਰਵਾਈ ਨਹੀਂ ਕੀਤੀ। ਇਸ ਮੌਕੇ ਪਿੰਡ ਵਾਸੀਆਂ ਅਮਨਦੀਪ ਸਿੰਘ, ਪ੍ਰਿਤਪਾਲ ਸਿੰਘ, ਬਲਵੀਰ ਸਿੰਘ, ਕਰਮਯੋਤ, ਉਂਕਾਰ ਸਿੰਘ, ਪਰਵਿੰਦਰ ਸਿੰਘ, ਜਸਵੀਰ ਕੌਰ, ਅਮਨਦੀਪ ਕੌਰ, ਦਿਲਰਾਜ ਸਿੰਘ ਨੇ ਕਿਹਾ ਕਿ ਪੀਣ ਵਾਲੇ ਪਾਣੀ ਦੀ ਸਮੱਸਿਆ ਦਾ ਪੱਕਾ ਪ੍ਰਬੰਧ ਨਾ ਹੋਣ ਕਰਕੇ ਗਰਮੀ ਵਿੱਚ ਲੋਕਾਂ ਨੂੰ ਵੱਡੀ ਦਿੱਕਤ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਮੰਗ ਕੀਤੀ ਕਿ ਪਿੰਡ ਵਿੱਚ ਪਾਣੀ ਦੀ ਸਪਲਾਈ ਸਬੰਧੀ ਸਰਕਾਰੀ ਟਿਊਬਵੈੱਲ ਦਾ ਪੱਕਾ ਬੋਰ ਕੀਤਾ ਜਾਵੇ ਅਤੇ ਉਦੋਂ ਤੱਕ ਨੇੜਲੇ ਪਿੰਡ ਹਵੇਲੀ ਤੋਂ ਪਾਈਪ ਲਾਈਨ ਪਾ ਕੇ ਪਾਣੀ ਦੀ ਸਪਲਾਈ ਚਾਲੂ ਕੀਤੀ ਜਾਵੇ।