ਪੱਤਰ ਪ੍ਰੇਰਕ
ਆਦਮਪੁਰ ਦੋਆਬਾ (ਜਲੰਧਰ), 29 ਅਕਤੂਬਰ
ਪ੍ਰਮੁੱਖ ਸਕੱਤਰ ਜਲ ਸਰੋਤ, ਖਣਨ ਅਤੇ ਭੂ-ਵਿਗਿਆਨ ਕ੍ਰਿਸ਼ਨ ਕੁਮਾਰ ਨੇ ਅੱਜ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਵੱਖ-ਵੱਖ ਵਿਕਾਸ ਕਾਰਜਾਂ ਅਤੇ ਪ੍ਰਾਜੈਕਟਾਂ ਦਾ ਜਾਇਜ਼ਾ ਲਿਆ ਅਤੇ ਮਾਈਨਿੰਗ ਵਿਭਾਗ ਦੇ ਅਧਿਕਾਰੀਆਂ ਨੂੰ ਜ਼ਿਲ੍ਹੇ ਵਿਚਲੀਆਂ ਮਾਈਨਿੰਗ ਸਾਈਟਾਂ ਰਾਹੀਂ ਰੇਤ ਦੀ ਆਸਾਨੀ ਨਾਲ ਉਪਲੱਬਧਤਾ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਦਿੱਲੀ-ਕੱਟੜਾ ਐਕਸਪ੍ਰੈਸਵੇਅ, ਜਲੰਧਰ ਬਾਈਪਾਸ ਅਤੇ ਅੰਮ੍ਰਿਤਸਰ-ਬਠਿੰਡਾ ਗਰੀਨਫੀਲਡ ਬਾਈਪਾਸ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਪ੍ਰਮੁੱਖ ਸਕੱਤਰ ਨੇ ਸਬੰਧਤ ਅਧਿਕਾਰੀਆਂ ਨੂੰ ਇਨ੍ਹਾਂ ਸੜਕੀ ਪ੍ਰਾਜੈਕਟਾਂ ਲਈ ਲੋੜੀਂਦੀ ਜ਼ਮੀਨ ਪ੍ਰਾਪਤ ਕਰਨ ਲਈ ਰਹਿੰਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਵੀ ਦਿੱਤੇ। ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ 35 ਸੇਵਾ ਕੇਂਦਰਾਂ ਦੇ ਨਾਲ ਈ-ਸੇਵਾ ਪੋਰਟਲ ਅਤੇ ਸੇਵਾ ਕੇਂਦਰਾਂ ਰਾਹੀਂ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਵਿੱਚ ਜ਼ਿਲ੍ਹੇ ਨੇ ਪਹਿਲਾ ਸਥਾਨ ਹਾਸਲ ਕੀਤਾ ਹੈ। ਝੋਨੇ ਦੀ ਖਰੀਦ, ਚੁਕਾਈ ਅਤੇ ਅਦਾਇਗੀ ਬਾਰੇ ਦਿੱਤੀ ਜਾਣਕਾਰੀ ਦੇ ਸਬੰਧ ਵਿੱਚ ਪ੍ਰਮੁੱਖ ਸਕੱਤਰ ਨੇ ਜ਼ਿਲ੍ਹੇ ਵਿੱਚ ਖਰੀਦ ਕਾਰਜਾਂ ’ਤੇ ਤਸੱਲੀ ਪ੍ਰਗਟਾਈ। ਪ੍ਰਮੁੱਖ ਸਕੱਤਰ ਨੇ ਸਤੰਬਰ 2023 ਤੱਕ ਮੁਕੰਮਲ ਹੋਣ ਵਾਲੇ ਜਲ ਸਪਲਾਈ ਨਾਲ ਸਬੰਧਤ ਪ੍ਰਾਜੈਕਟਾਂ ਦੀ ਸਥਿਤੀ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਸ਼ਾਹਕੋਟ, ਆਦਮਪੁਰ, ਕਰਤਾਰਪੁਰ ਅਤੇ ਗੁਰਾਇਆ ਵਿੱਚ ਐੱਸ.ਟੀ.ਪੀਜ਼ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਵੀ ਨਿਰਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਮੁੱਖ ਸਕੱਤਰ ਨੂੰ ਜਲੰਧਰ-ਹੁਸ਼ਿਆਰਪੁਰ ਸੜਕੀ ਪ੍ਰਾਜੈਕਟ ਵਿੱਚ ਸੂਬਾ ਸਰਕਾਰ ਦੇ ਤੁਰੰਤ ਦਖਲ ਦੀ ਵੀ ਅਪੀਲ ਕੀਤੀ।